IMG-LOGO
ਹੋਮ ਪੰਜਾਬ: SIT ਸਾਹਮਣੇ ਪੇਸ਼ ਹੋਣ ਮਗਰੋਂ ਸੁਖਬੀਰ ਬਾਦਲ ਦਾ ਸਰਕਾਰ 'ਤੇ...

SIT ਸਾਹਮਣੇ ਪੇਸ਼ ਹੋਣ ਮਗਰੋਂ ਸੁਖਬੀਰ ਬਾਦਲ ਦਾ ਸਰਕਾਰ 'ਤੇ ਨਿਸ਼ਾਨਾ, ਕਿਹਾ- "ਜਾਂਚ ਨਹੀਂ, ਸਿਆਸੀ ਡਰਾਮਾ ਚੱਲ ਰਿਹਾ ਹੈ"

Admin User - Jul 20, 2026 04:49 PM
IMG

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਏ, ਜਿੱਥੇ ਉਨ੍ਹਾਂ ਤੋਂ ਕਰੀਬ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਚੌਥੀ ਵਾਰ ਹੈ ਜਦੋਂ ਉਨ੍ਹਾਂ ਨੂੰ SIT ਨੇ ਤਲਬ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਜਾਂਚ ਵਿੱਚ ਸਹਿਯੋਗ ਦੇਣ ਲਈ ਤਿਆਰ ਹਨ ਅਤੇ ਉਨ੍ਹਾਂ ਦੀ ਇੱਛਾ ਹੈ ਕਿ ਅਸਲ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਵੇ।

ਸੁਖਬੀਰ ਬਾਦਲ ਨੇ ਜਾਂਚ ਦੀ ਰਫ਼ਤਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਘਟਨਾ ਨੂੰ 11 ਸਾਲ ਬੀਤ ਚੁੱਕੇ ਹਨ, ਪਰ SIT ਅਜੇ ਤੱਕ ਜਾਂਚ ਨੂੰ ਅੰਤਿਮ ਨਤੀਜੇ ਤੱਕ ਨਹੀਂ ਲੈ ਕੇ ਜਾ ਸਕੀ। ਉਨ੍ਹਾਂ ਦਾ ਦੋਸ਼ ਸੀ ਕਿ ਇਸ ਜਾਂਚ ਦਾ ਮਕਸਦ ਸੱਚ ਸਾਹਮਣੇ ਲਿਆਉਣਾ ਨਹੀਂ, ਸਗੋਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਗੰਭੀਰ ਅਪਰਾਧਾਂ ਦੇ ਮਾਮਲਿਆਂ ਵਿੱਚ ਪੁਲਿਸ ਥੋੜ੍ਹੇ ਸਮੇਂ ਵਿੱਚ ਦੋਸ਼ੀਆਂ ਤੱਕ ਪਹੁੰਚ ਜਾਂਦੀ ਹੈ, ਪਰ ਇਸ ਮਾਮਲੇ ਵਿੱਚ ਜਾਂਚ ਨੂੰ ਜਾਣਬੁੱਝ ਕੇ ਲੰਬਾ ਖਿੱਚਿਆ ਜਾ ਰਿਹਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦਾਅਵਾ ਕੀਤਾ ਕਿ SIT ਦੀ ਪੇਸ਼ੀ ਸਿਰਫ਼ ਲੋਕਾਂ ਅਤੇ ਮੀਡੀਆ ਨੂੰ ਦਿਖਾਉਣ ਲਈ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨਾਲ ਕੋਈ ਖ਼ਾਸ ਸਵਾਲ-ਜਵਾਬ ਨਹੀਂ ਕੀਤਾ ਗਿਆ ਅਤੇ ਪੂਰੀ ਕਾਰਵਾਈ ਇੱਕ "ਸਿਆਸੀ ਡਰਾਮਾ" ਲੱਗਦੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾ ਕਿਸੇ ਦਬਾਅ ਹੇਠ ਆਵੇਗਾ ਅਤੇ ਨਾ ਹੀ ਆਪਣੇ ਸਿਧਾਂਤਾਂ ਤੋਂ ਪਿੱਛੇ ਹਟੇਗਾ।

ਜ਼ਿਕਰਯੋਗ ਹੈ ਕਿ ਅਕਤੂਬਰ 2015 ਵਿੱਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਦਕਿ ਕਈ ਹੋਰ ਜ਼ਖ਼ਮੀ ਹੋਏ ਸਨ। ਉਸ ਸਮੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਹੋਣ ਦੇ ਨਾਲ-ਨਾਲ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਸਨ, ਜਿਸ ਕਾਰਨ ਵਿਰੋਧੀ ਧਿਰਾਂ ਅਤੇ ਪੀੜਤ ਪਰਿਵਾਰਾਂ ਵੱਲੋਂ ਤਤਕਾਲੀ ਸਰਕਾਰ ਦੀ ਭੂਮਿਕਾ 'ਤੇ ਸਵਾਲ ਉਠਾਏ ਜਾਂਦੇ ਰਹੇ ਹਨ।

ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵੀ SIT ਸਾਹਮਣੇ ਬਿਆਨ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਅਤੇ ਇਸ ਨਾਲ ਸਬੰਧਤ ਵੀਡੀਓ ਰਿਕਾਰਡਿੰਗ ਵੀ ਮੌਜੂਦ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਿਹੱਥੇ ਪ੍ਰਦਰਸ਼ਨਕਾਰੀਆਂ 'ਤੇ ਹੋਈ ਗੋਲੀਬਾਰੀ ਇੱਕ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਸੀ। ਦੂਜੇ ਪਾਸੇ, ਇਸ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ SIT ਵੱਲੋਂ ਵੱਖ-ਵੱਖ ਪੱਖਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.