ਤਾਜਾ ਖਬਰਾਂ
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਕੱਢੇ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਹਿਮ ਇਕੱਤਰਤਾਵਾਂ ਹੋਈਆਂ। ਮੀਟਿੰਗ ਦੌਰਾਨ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੋਂ ਮਾਰਚ ਨਾਲ ਸੰਬੰਧਿਤ ਪ੍ਰਬੰਧਾਂ ਦੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਸਾਰੇ ਇੰਤਜ਼ਾਮ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਪੰਥਕ ਇਕੱਠ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਸੀ। ਇਸ ਮਾਰਚ ਦਾ ਮੁੱਖ ਉਦੇਸ਼ ਸਿੱਖ ਧਰਮ ਦੇ ਮੂਲ ਸਿਧਾਂਤਾਂ ਦਾ ਪ੍ਰਚਾਰ-ਪ੍ਰਸਾਰ ਕਰਨਾ, ਸੰਗਤ ਨੂੰ ਸਿੱਖ ਸੰਸਥਾਵਾਂ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨਾਲ ਜੋੜਨਾ ਅਤੇ ਪੰਥਕ ਚੇਤਨਾ ਨੂੰ ਹੋਰ ਮਜ਼ਬੂਤ ਕਰਨਾ ਹੈ।
ਐਡਵੋਕੇਟ ਧਾਮੀ ਨੇ ਜਾਣਕਾਰੀ ਦਿੱਤੀ ਕਿ ਇਹ ਮਾਰਚ 24 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਵੇਗਾ। ਪਹਿਲੇ ਦਿਨ ਇਹ ਵੱਖ-ਵੱਖ ਪਿੰਡਾਂ ਵਿੱਚੋਂ ਲੰਘਦਿਆਂ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ, ਠੱਠਾ ਤਰਨ ਤਾਰਨ ਵਿਖੇ ਰਾਤਰੀ ਪੜਾਅ ਕਰੇਗਾ। ਇਸ ਤੋਂ ਬਾਅਦ 25 ਜੁਲਾਈ ਨੂੰ ਤਰਨ ਤਾਰਨ, 26 ਜੁਲਾਈ ਨੂੰ ਸ੍ਰੀ ਗੋਇੰਦਵਾਲ ਸਾਹਿਬ, 27 ਜੁਲਾਈ ਨੂੰ ਮੋਗਾ, 28 ਜੁਲਾਈ ਨੂੰ ਬਜੀਦਪੁਰ, 29 ਜੁਲਾਈ ਨੂੰ ਫਰੀਦਕੋਟ, 30 ਜੁਲਾਈ ਨੂੰ ਜੈਤੋ, 31 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ, 1 ਅਗਸਤ ਨੂੰ ਗੁਰਦੁਆਰਾ ਥੇਹੜੀ ਸਾਹਿਬ, 2 ਅਗਸਤ ਨੂੰ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਅਤੇ 3 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਮਾਰਚ ਦੀ ਸੰਪੂਰਨਤਾ ਹੋਵੇਗੀ।
ਉਨ੍ਹਾਂ ਸਮੂਹ ਸੰਗਤ ਨੂੰ ਇਸ ਧਾਰਮਿਕ ਯਾਤਰਾ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮਾਰਚ ਸਿੱਖੀ ਦੇ ਸਿਧਾਂਤਾਂ, ਇਤਿਹਾਸ ਅਤੇ ਪੰਥਕ ਏਕਤਾ ਦਾ ਮਹੱਤਵਪੂਰਨ ਪ੍ਰਤੀਕ ਬਣੇਗਾ। ਇਸ ਮੌਕੇ ਨਿਹੰਗ ਸਿੰਘ ਦਲਾਂ ਨਾਲ ਵੀ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿੱਚ ਉਨ੍ਹਾਂ ਮਾਰਚ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਕਿ ਨਿਹੰਗ ਸਿੰਘ ਦਲ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਮੀਰੀ ਪੀਰੀ ਖ਼ਾਲਸਾ ਮਾਰਚ ਵਿੱਚ ਸ਼ਮੂਲੀਅਤ ਕਰੇਗਾ।
Get all latest content delivered to your email a few times a month.