IMG-LOGO
ਹੋਮ ਪੰਜਾਬ: ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ-ਰੋਗਨ ਤੇ ਸ਼ਹੀਦ...

ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ-ਰੋਗਨ ਤੇ ਸ਼ਹੀਦ ਸਿੰਘਾਂ ਦੀ ਯਾਦ 'ਚ ਕਮਰਾ ਬਣਾਉਣ ਦੀ ਸੇਵਾ ਆਰੰਭ

Admin User - Jul 21, 2026 05:27 PM
IMG

ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ-ਰੋਗਨ ਕਰਨ ਅਤੇ ਸ਼ਹੀਦ ਗੰਜ ਦੇ ਨਜ਼ਦੀਕ ਸ੍ਰੀ ਅਖੰਡ ਪਾਠ ਸਾਹਿਬ ਲਈ ਨਵਾਂ ਕਮਰਾ ਤਿਆਰ ਕਰਨ ਦੀ ਸੇਵਾ ਦਾ ਅੱਜ ਵਿਧੀਵਤ ਆਰੰਭ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖਸੀਅਤਾਂ ਦੀ ਹਾਜ਼ਰੀ ਵਿੱਚ ਸੇਵਾ ਦੀ ਸ਼ੁਰੂਆਤ ਕਰਵਾਈ। ਸੇਵਾ ਆਰੰਭ ਕਰਨ ਤੋਂ ਪਹਿਲਾਂ ਮੂਲ ਮੰਤਰ ਅਤੇ ਗੁਰਮੰਤਰ ਦੇ ਜਾਪ ਉਪਰੰਤ ਭਾਈ ਪ੍ਰੇਮ ਸਿੰਘ ਵੱਲੋਂ ਅਰਦਾਸ ਕੀਤੀ ਗਈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਹਿਮਦ ਸ਼ਾਹ ਅਬਦਾਲੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਦਾ ਡਟ ਕੇ ਮੁਕਾਬਲਾ ਕਰਦੇ ਹੋਏ ਬਾਬਾ ਦੀਪ ਸਿੰਘ ਜੀ ਦੀ ਅਗਵਾਈ ਹੇਠ ਅਨੇਕਾਂ ਸਿੰਘਾਂ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਵਿੱਚੋਂ ਨੌਂ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਾਲ ਸ਼ਹੀਦ ਗੰਜ ਸਥਾਪਤ ਹੈ। ਹੁਣ ਇਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਲਈ ਇੱਕ ਵਿਸ਼ੇਸ਼ ਕਮਰਾ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦੀ ਸੇਵਾ ਅੱਜ ਤੋਂ ਸ਼ੁਰੂ ਹੋ ਗਈ ਹੈ।

ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਸ਼ਹੀਦਾਂ ਦੀ ਯਾਦ ਵਿੱਚ ਬਣਨ ਵਾਲੇ ਇਸ ਕਮਰੇ ਦੀ ਸੇਵਾ ਗੁਰਦੇਵ ਸਿੰਘ, ਦਲਜੀਤ ਸਿੰਘ ਅਤੇ ਗੁਰਜੀਤ ਸਿੰਘ ਦੇ ਪਰਿਵਾਰ ਵੱਲੋਂ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਰੰਗ-ਰੋਗਨ ਦੀ ਸੇਵਾ ਵੀ ਸ਼ੁਰੂ ਕੀਤੀ ਗਈ, ਜੋ ਸਤਪਾਲ ਸਿੰਘ ਮੁਲਤਾਨੀ (ਰਿਚੀ ਟਰੈਵਲ) ਵੱਲੋਂ ਕਰਵਾਈ ਜਾ ਰਹੀ ਹੈ। ਇਸ ਮੌਕੇ ਐਡਵੋਕੇਟ ਧਾਮੀ ਨੇ ਸੇਵਾ ਕਰਨ ਵਾਲੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਸੇਵਾਦਾਰ ਪਰਿਵਾਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।

ਸਮਾਗਮ ਦੌਰਾਨ ਓਐਸਡੀ ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਐਕਸੀਅਨ ਜਤਿੰਦਰਪਾਲ ਸਿੰਘ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਜੇਈ ਸ਼ਮਸ਼ੇਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਸੰਗਤ ਵੱਡੀ ਗਿਣਤੀ ਵਿੱਚ ਮੌਜੂਦ ਰਹੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.