IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਪੰਜਾਬ ਦੇ ਹਰਸ਼ਰਮ ਨੇ ਏਸ਼ੀਅਨ ਜੂਡੋ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੀ...

ਪੰਜਾਬ ਦੇ ਹਰਸ਼ਰਮ ਨੇ ਏਸ਼ੀਅਨ ਜੂਡੋ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੀ ਦਾ ਤਗਮਾ, ਵਤਨ ਪਰਤਣ 'ਤੇ ਸ਼ਾਨਦਾਰ ਸਵਾਗਤ

Admin User - Jul 21, 2026 06:21 PM
IMG

ਅੰਮ੍ਰਿਤਸਰ ਦੇ ਹੋਣਹਾਰ ਜੂਡੋ ਖਿਡਾਰੀ ਹਰਸ਼ਰਮ ਨੇ ਜਾਰਡਨ ਵਿੱਚ ਹੋਈ ਏਸ਼ੀਅਨ ਕੈਡੇਟ ਐਂਡ ਜੂਨੀਅਰ ਜੂਡੋ ਚੈਂਪੀਅਨਸ਼ਿਪ 2026 ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਭਾਰਤ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ ਹੈ। ਆਪਣੇ ਪਹਿਲੇ ਹੀ ਅੰਤਰਰਾਸ਼ਟਰੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਰਸ਼ਰਮ ਨੇ ਸਖ਼ਤ ਮੁਕਾਬਲੇ ਪਾਰ ਕਰਕੇ ਇਹ ਉਪਲਬਧੀ ਹਾਸਲ ਕੀਤੀ। ਵਤਨ ਵਾਪਸੀ 'ਤੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਨ੍ਹਾਂ ਦਾ ਢੋਲ-ਢਮੱਕਿਆਂ, ਫੁੱਲਾਂ ਦੇ ਹਾਰਾਂ ਅਤੇ ਜ਼ੋਰਦਾਰ ਨਾਅਰਿਆਂ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜੂਡੋ ਐਸੋਸੀਏਸ਼ਨ ਦੇ ਅਹੁਦੇਦਾਰ, ਕੋਚ, ਖਿਡਾਰੀ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਮੌਜੂਦ ਰਹੇ।

ਹਰਸ਼ਰਮ ਨੇ ਆਪਣੀ ਕੈਟਾਗਰੀ ਵਿੱਚ ਕਰੀਬ 20 ਖਿਡਾਰੀਆਂ ਵਿਚਾਲੇ ਮੁਕਾਬਲਾ ਕੀਤਾ ਅਤੇ ਕੁੱਲ ਪੰਜ ਬਾਊਟਾਂ ਵਿੱਚੋਂ ਚਾਰ ਵਿੱਚ ਜਿੱਤ ਦਰਜ ਕੀਤੀ। ਉਨ੍ਹਾਂ ਨੇ ਕਿਰਗਿਸਤਾਨ, ਤਾਈਪੇ, ਉਜ਼ਬੇਕਿਸਤਾਨ ਅਤੇ ਫਲਸਤੀਨ ਦੇ ਖਿਡਾਰੀਆਂ ਨੂੰ ਸਖ਼ਤ ਟੱਕਰ ਦੇ ਕੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਹਰਸ਼ਰਮ ਇਸ ਸਮੇਂ ਬੈਂਗਲੁਰੂ ਸਥਿਤ ਇੰਸਪਾਇਰ ਇੰਸਟੀਚਿਊਟ ਆਫ਼ ਸਪੋਰਟ (IIS) ਵਿੱਚ ਉੱਚ ਪੱਧਰੀ ਟ੍ਰੇਨਿੰਗ ਲੈ ਰਹੇ ਹਨ, ਜਿੱਥੇ ਉਹ ਆਪਣੀ ਖੇਡ ਨੂੰ ਹੋਰ ਨਿਖਾਰ ਰਹੇ ਹਨ।

ਮੀਡੀਆ ਨਾਲ ਗੱਲਬਾਤ ਦੌਰਾਨ ਹਰਸ਼ਰਮ ਨੇ ਕਿਹਾ ਕਿ ਇਹ ਸਫਲਤਾ ਚਾਰ ਸਾਲਾਂ ਦੀ ਲਗਾਤਾਰ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਆਪਣੀ ਜਿੱਤ ਦਾ ਸਿਹਰਾ ਆਪਣੇ ਕੋਚ ਕਰਮਜੀਤ ਸਿੰਘ ਅਤੇ ਪਿਤਾ ਇੰਸਪੈਕਟਰ ਪਵਨ ਕੁਮਾਰ ਨੂੰ ਦਿੱਤਾ, ਜਿਨ੍ਹਾਂ ਨੇ ਹਰ ਪੜਾਅ 'ਤੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਜੇਕਰ ਲਗਨ ਨਾਲ ਮਿਹਨਤ ਕੀਤੀ ਜਾਵੇ ਤਾਂ ਕੋਈ ਵੀ ਟੀਚਾ ਅਸੰਭਵ ਨਹੀਂ ਹੁੰਦਾ।

ਕੋਚ ਕਰਮਜੀਤ ਸਿੰਘ ਨੇ ਦੱਸਿਆ ਕਿ ਹਰਸ਼ਰਮ ਨੂੰ ਸਾਲ 2022 ਤੋਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਜਾ ਰਿਹਾ ਹੈ ਅਤੇ ਉਹ ਹਰ ਰੋਜ਼ ਲਗਭਗ ਅੱਠ ਘੰਟੇ ਅਭਿਆਸ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰਸ਼ਰਮ ਦੀ ਇਹ ਉਪਲਬਧੀ ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਭਵਿੱਖ ਵਿੱਚ ਹੋਰ ਅੰਤਰਰਾਸ਼ਟਰੀ ਸਫਲਤਾਵਾਂ ਦਾ ਰਾਹ ਖੋਲ੍ਹੇਗੀ।

ਜੂਡੋ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਕੁਮਾਰ ਨੇ ਹਰਸ਼ਰਮ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੂਰੇ ਪੰਜਾਬ ਲਈ ਮਾਣ ਵਾਲਾ ਪਲ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਹਰਸ਼ਰਮ ਆਉਣ ਵਾਲੇ ਸਮੇਂ ਵਿੱਚ ਦੇਸ਼ ਲਈ ਸੋਨ ਤਗਮਾ ਵੀ ਜਿੱਤਣਗੇ। ਉਨ੍ਹਾਂ ਨਾਲ ਹੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਹਰ ਪਿੰਡ ਤੇ ਸ਼ਹਿਰ ਵਿੱਚ ਖੇਡ ਅਕੈਡਮੀਆਂ ਸਥਾਪਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਬਲਵਿੰਦਰ ਸਿੰਘ ਅਤੇ ਹੋਰ ਅਹੁਦੇਦਾਰਾਂ ਨੇ ਕਿਹਾ ਕਿ ਹਰਸ਼ਰਮ ਦੀ ਇਤਿਹਾਸਕ ਜਿੱਤ ਨੇ ਅੰਮ੍ਰਿਤਸਰ, ਪੰਜਾਬ ਅਤੇ ਭਾਰਤ ਦਾ ਮਾਣ ਵਧਾਇਆ ਹੈ। ਉਨ੍ਹਾਂ ਆਸ ਜਤਾਈ ਕਿ ਇਸ ਸਫਲਤਾ ਤੋਂ ਪ੍ਰੇਰਿਤ ਹੋ ਕੇ ਹੋਰ ਨੌਜਵਾਨ ਵੀ ਖੇਡਾਂ ਨੂੰ ਆਪਣੇ ਕਰੀਅਰ ਵਜੋਂ ਅਪਣਾਉਣਗੇ ਅਤੇ ਦੇਸ਼ ਦਾ ਨਾਮ ਵਿਸ਼ਵ ਪੱਧਰ 'ਤੇ ਰੌਸ਼ਨ ਕਰਨਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.