IMG-LOGO
ਹੋਮ ਪੰਜਾਬ: ਚੰਡੀਗੜ੍ਹ 'ਚ FTA ਵਿਰੋਧੀ ਕਿਸਾਨ ਮਾਰਚ ਦੌਰਾਨ ਪੁਲਿਸ ਨਾਲ ਧੱਕਾਮੁੱਕੀ,...

ਚੰਡੀਗੜ੍ਹ 'ਚ FTA ਵਿਰੋਧੀ ਕਿਸਾਨ ਮਾਰਚ ਦੌਰਾਨ ਪੁਲਿਸ ਨਾਲ ਧੱਕਾਮੁੱਕੀ, ਭਾਜਪਾ ਪ੍ਰਧਾਨ ਨਾਲ ਮੀਟਿੰਗ ਮਗਰੋਂ ਮਾਮਲਾ ਸ਼ਾਂਤ

Admin User - Jul 22, 2026 05:02 PM
IMG

ਅਮਰੀਕਾ-ਭਾਰਤ ਮੁਫ਼ਤ ਵਪਾਰ ਸਮਝੌਤੇ (FTA) ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਵੱਡਾ ਕਿਸਾਨ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸੈਕਟਰ-35 ਸਥਿਤ ਕਿਸਾਨ ਭਵਨ ਵਿੱਚ ਇਕੱਠੇ ਹੋਏ ਅਤੇ ਉਥੋਂ ਭਾਜਪਾ ਦਫ਼ਤਰ ਵੱਲ ਮਾਰਚ ਸ਼ੁਰੂ ਕੀਤਾ।

ਮਾਰਚ ਦੌਰਾਨ ਜਦੋਂ ਕਿਸਾਨ ਵਿਕਾਸ ਭਵਨ ਨੇੜੇ ਪਹੁੰਚੇ ਤਾਂ ਚੰਡੀਗੜ੍ਹ ਪੁਲਿਸ ਨੇ ਪਹਿਲਾਂ ਤੋਂ ਲਗਾਏ ਬੈਰੀਕੇਡਾਂ ਰਾਹੀਂ ਉਨ੍ਹਾਂ ਨੂੰ ਅੱਗੇ ਵੱਧਣ ਤੋਂ ਰੋਕ ਦਿੱਤਾ। ਇਸ ਕਾਰਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਿੱਖੀ ਧੱਕਾਮੁੱਕੀ ਹੋਈ ਅਤੇ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਬਣ ਗਿਆ। ਹਾਲਾਂਕਿ, ਸਥਿਤੀ ਨੂੰ ਕਾਬੂ ਵਿੱਚ ਰੱਖਦੇ ਹੋਏ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਦਫ਼ਤਰ ਤੱਕ ਨਹੀਂ ਜਾਣ ਦਿੱਤਾ।

ਇਸ ਤੋਂ ਬਾਅਦ ਕਿਸਾਨਾਂ ਨੇ ਮੌਕੇ 'ਤੇ ਹੀ ਧਰਨਾ ਲਗਾ ਦਿੱਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵਧਦੇ ਤਣਾਅ ਨੂੰ ਦੇਖਦਿਆਂ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਮਲਹੋਤਰਾ ਨੂੰ ਮੌਕੇ 'ਤੇ ਬੁਲਾਇਆ ਗਿਆ, ਜਿਨ੍ਹਾਂ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ। ਇਸ ਮੀਟਿੰਗ ਤੋਂ ਬਾਅਦ ਮਾਹੌਲ ਸ਼ਾਂਤ ਹੋ ਗਿਆ ਅਤੇ ਪ੍ਰਦਰਸ਼ਨਕਾਰੀਆਂ ਨੇ ਆਪਣਾ ਰੋਸ ਸ਼ਾਂਤੀਪੂਰਵਕ ਜਾਰੀ ਰੱਖਿਆ।

ਗੱਲਬਾਤ ਦੌਰਾਨ ਜਤਿੰਦਰ ਮਲਹੋਤਰਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ 'ਤੇ ਦਰਜ ਜ਼ਿਆਦਾਤਰ ਕੇਸ ਪਹਿਲਾਂ ਹੀ ਵਾਪਸ ਲਏ ਜਾ ਚੁੱਕੇ ਹਨ, ਜਦਕਿ ਚੰਡੀਗੜ੍ਹ ਨਾਲ ਸੰਬੰਧਿਤ ਬਾਕੀ ਮਾਮਲਿਆਂ ਬਾਰੇ ਉਹ ਡੀਜੀਪੀ ਨਾਲ ਗੱਲ ਕਰਨਗੇ ਅਤੇ ਦੋ ਦਿਨਾਂ ਦੇ ਅੰਦਰ ਕਿਸਾਨਾਂ ਨੂੰ ਜਵਾਬ ਦਿੱਤਾ ਜਾਵੇਗਾ।

ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਅਮਰੀਕਾ-ਭਾਰਤ ਟ੍ਰੇਡ ਡੀਲ ਨਾਲ ਜੁੜੀਆਂ ਕਿਸਾਨਾਂ ਦੀਆਂ ਚਿੰਤਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਸ਼ਾਮਲਾਤ ਜ਼ਮੀਨਾਂ ਨੂੰ ਨਗਰ ਨਿਗਮ ਹੱਦਾਂ ਵਿੱਚ ਸ਼ਾਮਲ ਕਰਨ ਦੇ ਮਾਮਲੇ 'ਤੇ ਡਿਪਟੀ ਕਮਿਸ਼ਨਰ ਨਾਲ ਵਿਸ਼ੇਸ਼ ਮੀਟਿੰਗ ਕਰਵਾਉਣ ਦਾ ਵੀ ਭਰੋਸਾ ਦਿੱਤਾ ਗਿਆ। ਇਸ ਭਰੋਸੇ ਤੋਂ ਬਾਅਦ ਪ੍ਰਦਰਸ਼ਨ ਸ਼ਾਂਤੀਪੂਰਵਕ ਸਮਾਪਤ ਹੋ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.