IMG-LOGO
ਹੋਮ ਪੰਜਾਬ, ਰਾਸ਼ਟਰੀ, ਨੀਟ ਪੇਪਰ ਲੀਕ ਮਾਮਲੇ 'ਤੇ ਬਲਤੇਜ ਪੰਨੂ ਦਾ ਵਿਰੋਧੀਆਂ 'ਤੇ...

ਨੀਟ ਪੇਪਰ ਲੀਕ ਮਾਮਲੇ 'ਤੇ ਬਲਤੇਜ ਪੰਨੂ ਦਾ ਵਿਰੋਧੀਆਂ 'ਤੇ ਨਿਸ਼ਾਨਾ, ਕਿਹਾ- ਵਿਦਿਆਰਥੀਆਂ ਦੇ ਸੰਘਰਸ਼ ਤੋਂ ਘਬਰਾਈਆਂ ਕਾਂਗਰਸ-ਭਾਜਪਾ AAP ਨੂੰ ਕਰ ਰਹੀਆਂ ਬਦਨਾਮ

Admin User - Jul 23, 2026 05:40 PM
IMG

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨੀਟ ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ ਸਬੰਧੀ ਕਾਂਗਰਸ ਅਤੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਲੱਖਾਂ ਵਿਦਿਆਰਥੀ ਆਪਣੇ ਭਵਿੱਖ ਅਤੇ ਇਨਸਾਫ਼ ਲਈ ਸੜਕਾਂ 'ਤੇ ਸੰਘਰਸ਼ ਕਰ ਰਹੇ ਹਨ, ਪਰ ਕਾਂਗਰਸ ਅਤੇ ਭਾਜਪਾ ਇਸ ਗੰਭੀਰ ਮੁੱਦੇ ਦਾ ਹੱਲ ਲੱਭਣ ਦੀ ਬਜਾਏ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਬੇਬੁਨਿਆਦ ਦੋਸ਼ ਲਗਾ ਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਜਾਣਬੁੱਝ ਕੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕਿਸੇ ਵੀ ਸਰਕਾਰੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਫਰੀਦਕੋਟ ਵਿੱਚ ਸਾਹਮਣੇ ਆਏ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਪੇਪਰ ਲੀਕ ਨਹੀਂ, ਸਗੋਂ ਇਲੈਕਟ੍ਰਾਨਿਕ ਗੈਜੇਟਸ ਰਾਹੀਂ ਨਕਲ ਕਰਨ ਦਾ ਮਾਮਲਾ ਸੀ, ਜਿਸ ਵਿੱਚ ਉਮੀਦਵਾਰ ਨੂੰ ਪ੍ਰੀਖਿਆ ਕੇਂਦਰ 'ਤੇ ਹੀ ਕਾਬੂ ਕਰ ਲਿਆ ਗਿਆ ਅਤੇ ਪੁਲਿਸ ਨੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ। ਇਸ ਦੇ ਬਾਵਜੂਦ ਕਾਂਗਰਸ ਇਸ ਘਟਨਾ ਨੂੰ ਪੇਪਰ ਲੀਕ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਆਪ ਆਗੂ ਨੇ ਕਿਹਾ ਕਿ ਕਾਂਗਰਸ ਨੂੰ ਦੂਜਿਆਂ 'ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਸ਼ਾਸਨਕਾਲ ਦੌਰਾਨ ਹੋਏ ਪੇਪਰ ਲੀਕ ਮਾਮਲਿਆਂ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ 90 ਤੋਂ ਵੱਧ ਪੇਪਰ ਲੀਕ ਹੋਏ, ਜਿਸ ਨਾਲ ਕਰੋੜਾਂ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋਇਆ ਅਤੇ ਕਈ ਵਿਦਿਆਰਥੀਆਂ ਨੇ ਨਿਰਾਸ਼ਾ ਵਿੱਚ ਖੁਦਕੁਸ਼ੀ ਵਰਗੇ ਕਦਮ ਵੀ ਚੁੱਕੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦੋਸ਼ੀਆਂ ਖ਼ਿਲਾਫ਼ ਸਮੇਂ ਸਿਰ ਸਖ਼ਤ ਕਾਰਵਾਈ ਕਰਨ ਦੀ ਬਜਾਏ ਆਪਣੀ ਨਾਕਾਮੀ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ।

ਬਲਤੇਜ ਪੰਨੂ ਨੇ ਕਿਹਾ ਕਿ ਦੇਸ਼ ਦਾ ਨੌਜਵਾਨ ਅੱਜ ਇਨਸਾਫ਼ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਦੀ ਮੰਗ ਕਰ ਰਿਹਾ ਹੈ, ਪਰ ਭਾਜਪਾ ਅਤੇ ਕਾਂਗਰਸ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਬਿਆਨਬਾਜ਼ੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਦੇਸ਼ ਦੇ ਨੌਜਵਾਨ ਸੱਚਾਈ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਝੂਠੇ ਦੋਸ਼ਾਂ ਨਾਲ ਆਮ ਆਦਮੀ ਪਾਰਟੀ ਨੂੰ ਬਦਨਾਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੁਹਰਾਇਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਨੌਜਵਾਨਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਆਵਾਜ਼ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.