IMG-LOGO
ਹੋਮ ਪੰਜਾਬ: ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਰੁਪਏ...

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਰੁਪਏ ਜਾਰੀ, 35.90 ਲੱਖ ਲਾਭਪਾਤਰੀਆਂ ਨੂੰ ਮਿਲਿਆ ਫਾਇਦਾ: ਡਾ. ਬਲਜੀਤ ਕੌਰ

Admin User - Jul 23, 2026 05:44 PM
IMG

ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਾਲੂ ਵਿੱਤੀ ਸਾਲ 2026-27 ਦੌਰਾਨ ਜੂਨ 2026 ਤੱਕ ਵੱਖ-ਵੱਖ ਭਲਾਈ ਸਕੀਮਾਂ ਤਹਿਤ ਕੁੱਲ 2,150.73 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮੁੱਖ ਉਦੇਸ਼ ਸਮਾਜ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਤੱਕ ਸਰਕਾਰੀ ਸਹਾਇਤਾ ਸਮੇਂ ਸਿਰ ਪਹੁੰਚਾਉਣਾ ਹੈ, ਤਾਂ ਜੋ ਉਹ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰ ਸਕਣ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਲਗਭਗ 35.90 ਲੱਖ ਲੋਕ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2026-27 ਦੌਰਾਨ ਇਨ੍ਹਾਂ ਸਕੀਮਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਸਰਕਾਰ ਨੇ 6,131.91 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜੋ ਸਮਾਜਿਕ ਇਨਸਾਫ਼ ਅਤੇ ਲੋਕ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜੂਨ 2026 ਤੱਕ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਕਰੀਬ 23.77 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਆਰਥਿਕ ਸਹਾਇਤਾ ਮਿਲੀ ਹੈ। ਇਸ ਤੋਂ ਇਲਾਵਾ ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 727.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਦਾ ਲਾਭ ਲਗਭਗ 12.13 ਲੱਖ ਲੋਕਾਂ ਨੂੰ ਮਿਲਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਮੇਂ ਸਿਰ ਪੈਨਸ਼ਨਾਂ ਅਤੇ ਹੋਰ ਵਿੱਤੀ ਸਹਾਇਤਾ ਦੀ ਵੰਡ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਹ ਯੋਜਨਾਵਾਂ ਨਾ ਸਿਰਫ਼ ਲੱਖਾਂ ਲੋਕਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰ ਰਹੀਆਂ ਹਨ, ਸਗੋਂ ਸੂਬੇ ਦੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਵੀ ਹੋਰ ਪ੍ਰਭਾਵਸ਼ਾਲੀ ਬਣਾ ਰਹੀਆਂ ਹਨ।

ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਨਵੇਂ ਆਉਣ ਵਾਲੇ ਬਿਨੈ-ਪੱਤਰਾਂ ਦੀ ਪੜਤਾਲ ਪ੍ਰਕਿਰਿਆ ਨੂੰ ਤੇਜ਼, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਇਆ ਜਾਵੇ, ਤਾਂ ਜੋ ਹਰ ਯੋਗ ਵਿਅਕਤੀ ਤੱਕ ਸਰਕਾਰੀ ਸਹਾਇਤਾ ਬਿਨਾਂ ਕਿਸੇ ਦੇਰੀ ਦੇ ਪਹੁੰਚ ਸਕੇ।

ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਦੇ ਦਾਇਰੇ ਨੂੰ ਹੋਰ ਵਧਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ, ਤਾਂ ਜੋ ਹਰ ਯੋਗ ਨਾਗਰਿਕ ਨੂੰ ਆਰਥਿਕ ਸੁਰੱਖਿਆ ਅਤੇ ਸਨਮਾਨ ਨਾਲ ਜੀਵਨ ਜਿਊਣ ਦਾ ਮੌਕਾ ਮਿਲੇ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸਰਕਾਰ ਦੇ "ਰੰਗਲੇ ਪੰਜਾਬ" ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.