ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ 29 ਜੁਲਾਈ ਨੂੰ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਵਿੱਚ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮ 'ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ ਅਤੇ ਲੋੜੀਂਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮਾਗਮ ਧਾਰਮਿਕ ਆਸਥਾ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੁੜਿਆ ਇੱਕ ਮਹੱਤਵਪੂਰਨ ਆਯੋਜਨ ਹੈ, ਜਿਸ ਵਿੱਚ ਹਜ਼ਾਰਾਂ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਸਮੇਂ ਸਿਰ ਅਤੇ ਪੂਰੀ ਤਨਦੇਹੀ ਨਾਲ ਨਿਭਾਏ, ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਸਮਾਗਮ 29 ਜੁਲਾਈ ਨੂੰ ਸ਼ਾਮ 6 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਦੇਸ਼ ਦੇ ਪ੍ਰਸਿੱਧ ਭਜਨ ਗਾਇਕ ਅਤੇ ਕਲਾਕਾਰ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਕੇ ਭਗਤੀਮਈ ਮਾਹੌਲ ਸਿਰਜਣਗੇ। ਪ੍ਰਸ਼ਾਸਨ ਵੱਲੋਂ ਪਾਰਕਿੰਗ, ਟ੍ਰੈਫਿਕ ਨਿਯੰਤਰਣ, ਸੁਰੱਖਿਆ, ਬੈਠਣ ਦੀ ਵਿਵਸਥਾ, ਪੀਣ ਵਾਲਾ ਪਾਣੀ, ਲੰਗਰ, ਸਫ਼ਾਈ, ਰੌਸ਼ਨੀ, ਫਾਇਰ ਸੇਫ਼ਟੀ ਅਤੇ ਐਮਰਜੈਂਸੀ ਮੈਡੀਕਲ ਸੇਵਾਵਾਂ ਸਮੇਤ ਹਰ ਲੋੜੀਂਦਾ ਪ੍ਰਬੰਧ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਭੀੜ ਪ੍ਰਬੰਧਨ, ਟ੍ਰੈਫਿਕ ਰੂਟ, ਪਾਰਕਿੰਗ ਯੋਜਨਾ, ਐਮਰਜੈਂਸੀ ਰਿਸਪਾਂਸ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਵਿਸ਼ਾਲ ਆਧਿਆਤਮਿਕ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਭਗਤੀ ਰਸ ਦਾ ਆਨੰਦ ਮਾਣਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਸਮਾਗਮ ਨੂੰ ਸੁਚਾਰੂ, ਸੁਰੱਖਿਅਤ ਅਤੇ ਯਾਦਗਾਰ ਢੰਗ ਨਾਲ ਸੰਪੰਨ ਕਰਵਾਉਣਾ ਹੈ।
Get all latest content delivered to your email a few times a month.