ਤਾਜਾ ਖਬਰਾਂ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਰਧਾ ਅਤੇ ਆਤਮਿਕ ਉਤਸ਼ਾਹ ਨਾਲ ਭਰਪੂਰ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨ ਸ਼ੁੱਕਰਵਾਰ ਨੂੰ ਦਾਣਾ ਮੰਡੀ, ਬੰਗਾ ਵਿਖੇ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਾ ਕੇ ਗੁਰਬਾਣੀ ਕੀਰਤਨ, ਕਥਾ ਅਤੇ ਭਗਤੀ ਭਜਨਾਂ ਦਾ ਆਨੰਦ ਮਾਣਿਆ। ਪੂਰਾ ਮਾਹੌਲ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਉਪਦੇਸ਼ਾਂ ਦੀ ਰੂਹਾਨੀ ਮਹਿਕ ਨਾਲ ਸਰਾਬੋਰ ਰਿਹਾ।
ਸਮਾਗਮ ਦੌਰਾਨ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਹਲਕਾ ਇੰਚਾਰਜ ਰੂਬੀ ਕੰਗ, ਭੁਪਿੰਦਰ ਪਾਲ ਜਾਡਲਾ ਅਤੇ ਪਵਨਜੀਤ ਸਿੱਧੂ ਨੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸੰਤ ਸਮਾਜ ਦੀਆਂ ਕਈ ਪ੍ਰਮੁੱਖ ਹਸਤੀਆਂ, ਜਿਨ੍ਹਾਂ ਵਿੱਚ ਸੰਤ ਸਤਵਿੰਦਰਜੀਤ ਸਿੰਘ ਹੀਰਾ ਜੀ, ਸੰਤ ਕਾਹਨ ਸਿੰਘ ਹੈਬੋਵਾਲ ਜੀ, ਸੰਤ ਸੋਹਨ ਸਿੰਘ ਜੀ, ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਸੁੰਦਰ ਦਾਸ ਜੀ, ਸੰਤ ਬਾਬਾ ਨਰੇਸ਼ ਸਿੰਘ ਜੀ, ਸੰਤ ਬਾਬਾ ਸੁਖਦੇਵ ਸਿੰਘ ਜੀ, ਸੰਤ ਅਰਜਨ ਦੇਵ ਜੀ, ਸ੍ਰੀ ਖੁਰਾਲਗੜ੍ਹ ਸਾਹਿਬ ਦੇ ਸੰਤ ਜਗਦੀਸ਼ ਜੀ, ਸੰਤ ਕੇਵਲ ਸਿੰਘ ਜੀ, ਸੰਤ ਗਿਰਧਾਰੀ ਲਾਲ ਜੀ, ਸੰਤ ਬਾਬਾ ਰਜਿੰਦਰ ਸਿੰਘ ਜੀ, ਸੰਤ ਬਾਬਾ ਸਤਨਾਮ ਦਾਸ ਜੀ ਅਤੇ ਸੰਤ ਬਾਬਾ ਜਸਵਿੰਦਰ ਸਿੰਘ ਜੀ ਨੇ ਵੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਅਸ਼ੀਰਵਾਦ ਦਿੱਤਾ।
ਪ੍ਰਸਿੱਧ ਰਾਗੀ ਭਾਈ ਦਵਿੰਦਰ ਸਿੰਘ ਸੋਢੀ (ਲੁਧਿਆਣਾ ਵਾਲੇ) ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਵੱਲੋਂ ਕੀਤੇ ਗਏ ਰਸਭਿੰਨੇ ਗੁਰਬਾਣੀ ਕੀਰਤਨ ਨੇ ਸੰਗਤਾਂ ਨੂੰ ਨਾਮ-ਰਸ ਵਿੱਚ ਲੀਨ ਕਰ ਦਿੱਤਾ। ਇਸ ਤੋਂ ਬਾਅਦ ਭਾਈ ਗੁਰਮੀਤ ਸਿੰਘ ਨੇ ਗੁਰਬਾਣੀ ਕਥਾ ਕਰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਨਤਾ, ਨਿਮਰਤਾ ਅਤੇ ਨਿਸ਼ਕਾਮ ਸੇਵਾ ਦੇ ਸੰਦੇਸ਼ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨੂੰ ਅਮਲ ਵਿੱਚ ਲਿਆਉਣ ਦੀ ਪ੍ਰੇਰਣਾ ਦਿੱਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੇ ਸੂਬੇ ਵਿੱਚ ਵਿਸ਼ੇਸ਼ ਧਾਰਮਿਕ ਅਤੇ ਸਮਾਜਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਵਿਸ਼ਾਲ ਕੀਰਤਨ ਦਰਬਾਰਾਂ ਦੇ ਨਾਲ-ਨਾਲ ਵਿਸ਼ੇਸ਼ ਪ੍ਰਚਾਰ ਵੈਨਾਂ ਰਾਹੀਂ 12 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਫਿਲਮਾਂ ਦਿਖਾਈਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੇ ਮਹਾਨ ਸੰਦੇਸ਼ ਨਾਲ ਜੁੜ ਸਕੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਇਤਿਹਾਸਕ ਪ੍ਰਕਾਸ਼ ਪੁਰਬ ਦੇ ਮੌਕੇ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਡੇਰਾ ਸੱਚਖੰਡ ਬੱਲਾਂ ਨੇੜੇ 11 ਏਕੜ ਜ਼ਮੀਨ 'ਤੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ, ਜਿੱਥੇ ਗੁਰੂ ਜੀ ਦੀ ਬਾਣੀ ਅਤੇ ਫ਼ਲਸਫ਼ੇ 'ਤੇ ਅਕਾਦਮਿਕ ਖੋਜ ਅਤੇ ਅਧਿਐਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਡਾ. ਸੁੱਖੀ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਸਮਾਨਤਾ, ਸਮਾਜਿਕ ਨਿਆਂ, ਭਾਈਚਾਰੇ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਉਸ ਅਨੁਸਾਰ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦੱਸੇ ਧਰਮ, ਦਇਆ ਅਤੇ ਮਨੁੱਖਤਾ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ।
Get all latest content delivered to your email a few times a month.