ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਅਹਿਮ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਮਾਨਸਾ ਜ਼ਿਲ੍ਹੇ ਵਿੱਚ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਯੂਥ ਜ਼ਿਲ੍ਹਾ ਪ੍ਰਧਾਨ ਹਨੀਸ਼ ਬੰਸਲ ਨੇ ਆਪਣੇ ਕਈ ਸਮਰਥਕਾਂ ਅਤੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਦਾਮਨ ਫੜ ਲਿਆ।
ਮਾਨਸਾ ਵਿੱਚ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਸਮਾਗਮ ਦੌਰਾਨ ਪਾਰਟੀ ਆਗੂਆਂ ਨੇ ਭਰੋਸਾ ਜਤਾਇਆ ਕਿ ਹਨੀਸ਼ ਬੰਸਲ ਦੇ ਤਜਰਬੇ ਅਤੇ ਲੋਕਾਂ ਨਾਲ ਜੁੜਾਅ ਦਾ ਪਾਰਟੀ ਨੂੰ ਭਵਿੱਖ ਵਿੱਚ ਲਾਭ ਮਿਲੇਗਾ।
ਹਨੀਸ਼ ਬੰਸਲ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਅਤੇ ਯੂਥ ਵਿੰਗ ਵਿੱਚ ਕਈ ਅਹਿਮ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਉਨ੍ਹਾਂ ਦੀ ਪਾਰਟੀ ਬਦਲੀ ਨੂੰ ਮਾਨਸਾ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ। ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਸ ਨਾਲ ਆਮ ਆਦਮੀ ਪਾਰਟੀ ਨੂੰ ਮਾਨਸਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਆਪਣਾ ਸੰਗਠਨ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲ ਸਕਦੀ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਲਈ ਇਹ ਇੱਕ ਹੋਰ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ।
Editor in Chief
ਕੱਪੜ ਛਾਣ
Get all latest content delivered to your email a few times a month.