ਤਾਜਾ ਖਬਰਾਂ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੇਸ਼ ਦੇ ਲੋਕਤੰਤਰ ਅਤੇ ਨੌਜਵਾਨਾਂ ਦੇ ਸੰਘਰਸ਼ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਦੇਸ਼ ਭਰ ਦੇ ਵਿਦਿਆਰਥੀਆਂ, ਨੌਜਵਾਨਾਂ ਅਤੇ ਜਨਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਲਗਾਤਾਰ ਚੱਲੇ ਸੰਘਰਸ਼ ਨੇ ਆਖ਼ਰਕਾਰ ਸਰਕਾਰ ਨੂੰ ਆਪਣਾ ਫ਼ੈਸਲਾ ਬਦਲਣ ਲਈ ਮਜਬੂਰ ਕਰ ਦਿੱਤਾ।
ਕੇਜਰੀਵਾਲ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਲੋਕਾਂ ਨੂੰ ਇਹ ਮਹਿਸੂਸ ਹੋਣ ਲੱਗ ਪਿਆ ਸੀ ਕਿ ਸਰਕਾਰਾਂ ਜਨਤਾ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਕਰਦੀਆਂ ਹਨ ਅਤੇ ਲੋਕਾਂ ਦੀਆਂ ਮੰਗਾਂ ਸੁਣਨ ਲਈ ਤਿਆਰ ਨਹੀਂ ਹੁੰਦੀਆਂ। ਪਰ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਇਸ ਗੱਲ ਦਾ ਸਬੂਤ ਹੈ ਕਿ ਲੋਕਤੰਤਰ ਵਿੱਚ ਜਨਤਾ ਦੀ ਤਾਕਤ ਸਭ ਤੋਂ ਉੱਪਰ ਹੁੰਦੀ ਹੈ ਅਤੇ ਸਰਕਾਰ ਨੂੰ ਲੋਕਾਂ ਦੀ ਇੱਛਾ ਅੱਗੇ ਝੁਕਣਾ ਹੀ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਮੰਤਰੀ ਦੇ ਅਸਤੀਫ਼ੇ ਦਾ ਮਾਮਲਾ ਨਹੀਂ, ਸਗੋਂ ਲੋਕਤੰਤਰਿਕ ਮੁੱਲਾਂ ਦੀ ਜਿੱਤ ਹੈ। ਕੇਜਰੀਵਾਲ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਹੁਣ ਨੀਟ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕਰੇਗੀ, ਤਾਂ ਜੋ ਭਵਿੱਖ ਵਿੱਚ ਪੇਪਰ ਲੀਕ ਵਰਗੀਆਂ ਘਟਨਾਵਾਂ 'ਤੇ ਪੂਰੀ ਤਰ੍ਹਾਂ ਰੋਕ ਲੱਗ ਸਕੇ।
ਉਨ੍ਹਾਂ ਕਿਹਾ ਕਿ ਪੇਪਰ ਲੀਕ ਕਾਰਨ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੁੰਦਾ ਹੈ ਅਤੇ ਕਈ ਨੌਜਵਾਨ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪਾਰਦਰਸ਼ੀ ਅਤੇ ਭਰੋਸੇਯੋਗ ਪ੍ਰੀਖਿਆ ਪ੍ਰਣਾਲੀ ਯਕੀਨੀ ਬਣਾਏ, ਤਾਂ ਜੋ ਵਿਦਿਆਰਥੀਆਂ ਨੂੰ ਇਨਸਾਫ਼ ਮਿਲੇ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਰਹੇ।
Get all latest content delivered to your email a few times a month.