ਤਾਜਾ ਖਬਰਾਂ
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਇੱਕ ਹੋਰ ਮਹੱਤਵਪੂਰਨ ਸਫਲਤਾ ਹਾਸਲ ਹੋਈ ਹੈ। ਥਾਣਾ ਡਿਵੀਜ਼ਨ ਨੰਬਰ-2 ਦੀ ਪੁਲਿਸ ਨੇ ਕਾਰਵਾਈ ਕਰਦਿਆਂ 5.40 ਗ੍ਰਾਮ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਨਸ਼ਾ ਸਪਲਾਈ ਚੇਨ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 26 ਜੁਲਾਈ ਨੂੰ ਥਾਣਾ ਡਿਵੀਜ਼ਨ ਨੰਬਰ-2 ਦੇ ਸਬ-ਇੰਸਪੈਕਟਰ ਰਾਜੇਸ਼ ਕੁਮਾਰ ਆਪਣੀ ਪੁਲਿਸ ਟੀਮ ਨਾਲ ਧੀਰਾ ਰੋਡ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇੱਕ ਪੁਲ ਦੇ ਨੇੜੇ ਸੜਕ ਦੇ ਗਲਤ ਪਾਸੇ ਸ਼ੱਕੀ ਹਾਲਤ ਵਿੱਚ ਖੜ੍ਹਾ ਇੱਕ ਆਟੋ-ਰਿਕਸ਼ਾ ਨਜ਼ਰ ਆਇਆ। ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਆਟੋ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਸਵਾਰ ਤਿੰਨਾਂ ਨੌਜਵਾਨਾਂ ਦੇ ਕਬਜ਼ੇ ਵਿੱਚੋਂ 5.40 ਗ੍ਰਾਮ ਹੈਰੋਇਨ ਬਰਾਮਦ ਹੋਈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਾਜਰੀ ਕੰਪਨੀ, ਪਠਾਨਕੋਟ, ਗੌਰਵ ਸੈਣੀ ਪੁੱਤਰ ਸਤਨਾਮ ਸਿੰਘ ਵਾਸੀ ਬਾਜਰੀ ਕੰਪਨੀ, ਪਠਾਨਕੋਟ ਅਤੇ ਰਾਕੇਸ਼ ਕੁਮਾਰ ਪੁੱਤਰ ਮਹਿੰਦਰ ਪਾਲ ਵਾਸੀ ਢਾਕਾ ਰੋਡ, ਪਠਾਨਕੋਟ ਵਜੋਂ ਹੋਈ ਹੈ।
ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਥਾਣਾ ਡਿਵੀਜ਼ਨ ਨੰਬਰ-2 ਵਿੱਚ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ, ਇਸ ਦੀ ਸਪਲਾਈ ਕਿਸ ਨੇ ਕੀਤੀ ਅਤੇ ਕੀ ਇਸ ਦੇ ਪਿੱਛੇ ਕੋਈ ਵੱਡਾ ਨਸ਼ਾ ਤਸਕਰੀ ਗਿਰੋਹ ਸਰਗਰਮ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ 'ਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ।
Get all latest content delivered to your email a few times a month.