ਤਾਜਾ ਖਬਰਾਂ
ਪੰਜਾਬ ਸਰਕਾਰ ਦੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਇਕ ਹੋਰ ਸਖ਼ਤ ਕਾਰਵਾਈ ਕੀਤੀ ਹੈ। ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਧੋਬੀਆਣਾ ਬਸਤੀ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਮਨਜੀਤ ਕੌਰ ਉਰਫ਼ ਬੀਰਾ ਵੱਲੋਂ ਸਰਕਾਰੀ ਜ਼ਮੀਨ 'ਤੇ ਕੀਤੇ ਗਏ ਗ਼ੈਰ-ਕਾਨੂੰਨੀ ਕਬਜ਼ੇ ਨੂੰ ਬੁਲਡੋਜ਼ਰ ਚਲਾ ਕੇ ਹਟਾ ਦਿੱਤਾ ਗਿਆ।
ਐਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਉਰਫ਼ ਬੀਰਾ, ਜੋ ਚਰਨਜੀਤ ਸਿੰਘ ਦੀ ਪਤਨੀ ਹੈ, ਦੇ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸਬੰਧਤ ਕੁੱਲ 10 ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ 9 ਕੇਸ ਥਾਣਾ ਸਿਵਲ ਲਾਈਨ ਵਿੱਚ ਦਰਜ ਕੀਤੇ ਗਏ ਹਨ। ਪੁਲਿਸ ਅਨੁਸਾਰ ਉਹ ਹੈਰੋਇਨ ਦੀ ਸਪਲਾਈ ਦੇ ਗੈਰ-ਕਾਨੂੰਨੀ ਧੰਦੇ ਨਾਲ ਜੁੜੀ ਹੋਈ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ।
ਪੁਲਿਸ ਨੇ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਹੁਣ ਤੱਕ 2,880 ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ 4,661 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ 108 ਅਜਿਹੇ ਤਸਕਰਾਂ ਨੂੰ ਵੀ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਹੋਏ।
ਇਸ ਮੁਹਿੰਮ ਤਹਿਤ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਜਾਇਦਾਦ 'ਤੇ ਵੀ ਕਾਰਵਾਈ ਜਾਰੀ ਹੈ। ਪੁਲਿਸ ਮੁਤਾਬਕ ਹੁਣ ਤੱਕ 90 ਨਸ਼ਾ ਤਸਕਰਾਂ ਦੀ ਕਰੋੜਾਂ ਰੁਪਏ ਦੀ ਚੱਲ ਅਤੇ ਅਚੱਲ ਸੰਪੱਤੀ ਫ੍ਰੀਜ਼ ਕਰਕੇ ਉਨ੍ਹਾਂ ਦੇ ਗੈਰ-ਕਾਨੂੰਨੀ ਨੈੱਟਵਰਕ 'ਤੇ ਵੱਡੀ ਚੋਟ ਮਾਰੀ ਗਈ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ।
Editor in Chief
ਕੱਪੜ ਛਾਣ
Get all latest content delivered to your email a few times a month.