ਤਾਜਾ ਖਬਰਾਂ
ਮੀਰੀ ਪੀਰੀ ਖਾਲਸਾ ਮਾਰਚ ਦੇ ਚੌਥੇ ਦਿਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੱਖ ਕੌਮ ਨੂੰ ਧਰਮ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਤੋਂ ਚੌਕਸ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਗੁਰੂ ਘਰ ਦੀਆਂ ਪਰੰਪਰਾਵਾਂ, ਗੁਰੂ ਕੀਆਂ ਗੋਲਕਾਂ, ਗੁਰਦੁਆਰਾ ਪ੍ਰਬੰਧ ਅਤੇ ਪੰਥਕ ਮਰਿਆਦਾ ਨੂੰ ਨਿਸ਼ਾਨਾ ਬਣਾ ਕੇ ਸਿੱਖ ਏਕਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨੂੰ ਕੌਮ ਕਦੇ ਵੀ ਸਵੀਕਾਰ ਨਹੀਂ ਕਰੇਗੀ।
ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਕੀਆਂ ਗੋਲਕਾਂ ਸੰਗਤ ਦੀ ਸ਼ਰਧਾ ਅਤੇ ਵਿਸ਼ਵਾਸ ਦੀ ਨਿਸ਼ਾਨੀ ਹਨ ਅਤੇ ਜੋ ਵੀ ਇਨ੍ਹਾਂ ਜਾਂ ਸਿੱਖ ਰਵਾਇਤਾਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਕੌਮ ਕਦੇ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨਾਲ ਜੁੜੇ ਰਹਿਣ ਅਤੇ ਕਿਸੇ ਵੀ ਭਰਮ ਜਾਂ ਕੌਮ ਵਿਰੋਧੀ ਪ੍ਰਚਾਰ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਅਸਲ ਤਾਕਤ ਉਸ ਦੀ ਏਕਤਾ, ਸੰਜਮ ਅਤੇ ਗੁਰੂ ਘਰ ਪ੍ਰਤੀ ਅਟੁੱਟ ਸਮਰਪਣ ਵਿੱਚ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇਤਿਹਾਸ ਗਵਾਹ ਹੈ ਕਿ ਵੱਡੇ-ਵੱਡੇ ਹੁਕਮਰਾਨ ਵੀ ਇਸ ਦੇ ਆਦੇਸ਼ਾਂ ਅੱਗੇ ਨਤਮਸਤਕ ਹੋਏ ਹਨ। ਉਨ੍ਹਾਂ ਕਿਹਾ ਕਿ ਨਿਮਰਤਾ ਨਾਲ ਆਪਣੀ ਭੁੱਲ ਸਵੀਕਾਰ ਕਰਨ ਵਾਲੇ ਨੂੰ ਗੁਰੂ ਘਰ ਤੋਂ ਬਖ਼ਸ਼ਿਸ਼ ਮਿਲਦੀ ਹੈ, ਪਰ ਜੋ ਹੰਕਾਰ ਵਿੱਚ ਆ ਕੇ ਤਖ਼ਤ ਸਾਹਿਬ ਦੀਆਂ ਪਰੰਪਰਾਵਾਂ ਨੂੰ ਚੁਣੌਤੀ ਦਿੰਦੇ ਹਨ, ਉਨ੍ਹਾਂ ਨੂੰ ਕੌਮ ਕਦੇ ਪ੍ਰਵਾਨ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਮੀਰੀ ਪੀਰੀ ਖਾਲਸਾ ਮਾਰਚ ਦਾ ਮੁੱਖ ਉਦੇਸ਼ ਸੰਗਤਾਂ ਨੂੰ ਸਿੱਖ ਵਿਰਾਸਤ ਨਾਲ ਜੋੜਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ।
ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ, ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਲਵਿੰਦਰਪਾਲ ਸਿੰਘ ਨੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ ਅਤੇ ਜਥੇਦਾਰ ਗੜਗੱਜ ਨੇ ਚੌਰ ਸਾਹਿਬ ਦੀ ਸੇਵਾ ਨਿਭਾਈ। ਮਾਰਚ ਦੌਰਾਨ ਵੱਖ-ਵੱਖ ਪਿੰਡਾਂ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਵਾਲੀ ਬੱਸ ਅਤੇ ਸ਼ਹੀਦਾਂ ਦੇ ਸਚਿੱਤਰ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ। ਮਾਰਚ ਦਾ ਅੱਜ ਰਾਤ ਦਾ ਪੜਾਅ ਧਰਮਕੋਟ (ਮੋਗਾ) ਵਿਖੇ ਹੋਵੇਗਾ, ਜਿੱਥੋਂ ਇਹ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
Get all latest content delivered to your email a few times a month.