ਤਾਜਾ ਖਬਰਾਂ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਕਾਰਵਾਈ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਇੰਡੋਨੇਸ਼ੀਆ ਤੋਂ ਡਿਪੋਰਟ ਕਰਕੇ ਭਾਰਤ ਲਿਆਂਦੇ ਗਏ ਕੁੱਖਿਆਤ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਬਿੱਲਾ ਨੂੰ ਸਖ਼ਤ ਸੁਰੱਖਿਆ ਹੇਠ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ।
ਪੁਲਿਸ ਮੁਤਾਬਕ ਜੋਬਨਜੀਤ ਬਿੱਲਾ ਲੰਬੇ ਸਮੇਂ ਤੋਂ ਵਿਦੇਸ਼ ਵਿੱਚ ਲੁਕਿਆ ਹੋਇਆ ਸੀ। ਉਸ ਨੂੰ ਭਾਰਤ ਵਾਪਸ ਲਿਆਉਣ ਲਈ ਪੰਜਾਬ ਪੁਲਿਸ ਨੇ ਇੰਟਰਪੋਲ ਦੀ ਮਦਦ ਨਾਲ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਇਆ ਅਤੇ ਕਈ ਅੰਤਰਰਾਸ਼ਟਰੀ ਰੈਫਰੈਂਸ ਭੇਜੇ। ਇਹ ਕਾਰਵਾਈ ਪੰਜਾਬ ਪੁਲਿਸ ਦੇ ਵਿਸ਼ੇਸ਼ 'ਆਪ੍ਰੇਸ਼ਨ ਨੋਮੈਡ ਹੰਟ' ਤਹਿਤ ਕੀਤੀ ਗਈ, ਜਿਸ ਦਾ ਉਦੇਸ਼ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣਾ ਹੈ।
ਜੋਬਨਜੀਤ ਸਿੰਘ ਖ਼ਿਲਾਫ਼ ਚਾਰ ਕਤਲਾਂ ਸਮੇਤ ਕਈ ਸੰਗੀਨ ਅਪਰਾਧਿਕ ਮਾਮਲੇ ਦਰਜ ਹਨ। ਜਾਂਚ ਏਜੰਸੀਆਂ ਹੁਣ ਰਿਮਾਂਡ ਦੌਰਾਨ ਉਸ ਤੋਂ ਪੁੱਛਗਿੱਛ ਕਰਕੇ ਉਸ ਦੇ ਅਪਰਾਧਿਕ ਨੈੱਟਵਰਕ, ਸਾਥੀਆਂ ਅਤੇ ਵਿਦੇਸ਼ੀ ਸੰਪਰਕਾਂ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕਰਨਗੀਆਂ।
ਮੁਲਜ਼ਮ ਦੇ ਵਕੀਲ ਐਡਵੋਕੇਟ ਗੋਬਿੰਦ ਸਿੰਘ ਰੰਧਾਵਾ ਨੇ ਦੱਸਿਆ ਕਿ ਬਿੱਲਾ ਨੂੰ ਐਫਆਈਆਰ ਨੰਬਰ 94/2023, ਥਾਣਾ ਸਖ਼ਿਆਲਾ ਨਾਲ ਸੰਬੰਧਤ ਜਰਨੈਲ ਸਿੰਘ ਉਰਫ਼ ਜੈਲਾ ਕਤਲ ਮਾਮਲੇ ਵਿੱਚ ਪੇਸ਼ ਕੀਤਾ ਗਿਆ ਸੀ। ਪੁਲਿਸ ਨੇ 11 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 8 ਦਿਨਾਂ ਦਾ ਰਿਮਾਂਡ ਮਨਜ਼ੂਰ ਕੀਤਾ। ਨਾਲ ਹੀ, ਅਦਾਲਤ ਨੇ ਰਿਮਾਂਡ ਦੌਰਾਨ ਹਰ ਚਾਰ ਦਿਨਾਂ ਬਾਅਦ ਮੁਲਜ਼ਮ ਦਾ ਮੈਡੀਕਲ ਕਰਵਾਉਣ ਦੇ ਵੀ ਹੁਕਮ ਦਿੱਤੇ।
ਵਕੀਲ ਨੇ ਇਹ ਵੀ ਕਿਹਾ ਕਿ ਜੈਲਾ ਕਤਲ ਮਾਮਲੇ ਵਿੱਚ ਜੋਬਨਜੀਤ ਬਿੱਲਾ ਨੂੰ ਸਿੱਧਾ ਸ਼ੂਟਰ ਨਹੀਂ, ਸਗੋਂ ਕਥਿਤ ਅਪਰਾਧਿਕ ਸਾਜ਼ਿਸ਼ ਦਾ ਹਿੱਸਾ ਬਣਾਇਆ ਗਿਆ ਹੈ। ਇਸ ਕੇਸ ਵਿੱਚ ਕਰੀਬ 15 ਮੁਲਜ਼ਮ ਨਾਮਜ਼ਦ ਹਨ। ਇੰਡੋਨੇਸ਼ੀਆ ਤੋਂ ਡਿਪੋਰਟ ਹੋਣ ਮਗਰੋਂ ਉਸ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਂਦਾ ਗਿਆ ਅਤੇ ਬਾਅਦ ਵਿੱਚ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
Get all latest content delivered to your email a few times a month.