ਤਾਜਾ ਖਬਰਾਂ
ਕਾਕਰੋਚ ਜਨਤਾ ਪਾਰਟੀ (CJP) ਨੇ ਕੇਂਦਰ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਅਤੇ ਜਾਂਚ ਏਜੰਸੀਆਂ ਦੀ ਕਾਰਵਾਈ ਤੁਰੰਤ ਨਾ ਰੋਕੀ ਗਈ ਤਾਂ ਸੰਗਠਨ ਮੁੜ ਦੇਸ਼-ਪੱਧਰੀ ਧਰਨੇ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰੇਗਾ। ਪਾਰਟੀ ਦੇ ਕੌਮੀ ਬੁਲਾਰੇ ਆਸ਼ੂਤੋਸ਼ ਰੰਕਾ ਨੇ ਸੋਸ਼ਲ ਮੀਡੀਆ ਰਾਹੀਂ ਕੇਂਦਰੀ ਮੰਤਰੀ ਜੇਪੀ ਨੱਡਾ ਅਤੇ ਡਾ. ਜਿਤੇਂਦਰ ਸਿੰਘ ਨੂੰ ਟੈਗ ਕਰਦੇ ਹੋਏ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਕੀਤੇ ਗਏ ਪਿਛਲੇ ਸਮਝੌਤੇ ਦੀ ਲਗਾਤਾਰ ਉਲੰਘਣਾ ਹੋ ਰਹੀ ਹੈ।
ਆਸ਼ੂਤੋਸ਼ ਰੰਕਾ ਨੇ ਕਿਹਾ ਕਿ ਬਿਹਾਰ, ਪੱਛਮੀ ਬੰਗਾਲ ਅਤੇ ਹੋਰ ਰਾਜਾਂ ਵਿੱਚ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੇ ਸੈਂਕੜੇ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਦਿੱਲੀ ਸਮੇਤ ਕਈ ਥਾਵਾਂ 'ਤੇ ਪ੍ਰਦਰਸ਼ਨਕਾਰੀਆਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੇ ਵਲੰਟੀਅਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਰਾਹਤ ਅਤੇ ਲੌਜਿਸਟਿਕਸ ਦੀ ਸੇਵਾ ਦੇਣ ਵਾਲੇ ਵਲੰਟੀਅਰਾਂ ਨੂੰ ਵੀ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ, ਜੋ ਸਮਝੌਤੇ ਦੀ ਸਿੱਧੀ ਉਲੰਘਣਾ ਹੈ।
ਸੀਜੇਪੀ ਨੇ ਸਰਕਾਰ ਅੱਗੇ ਮੰਗ ਰੱਖੀ ਹੈ ਕਿ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰ ਤੁਰੰਤ ਵਾਪਸ ਲਈਆਂ ਜਾਣ, ਗ੍ਰਿਫ਼ਤਾਰ ਵਿਦਿਆਰਥੀਆਂ ਨੂੰ ਬਿਨਾਂ ਦੇਰੀ ਰਿਹਾਅ ਕੀਤਾ ਜਾਵੇ ਅਤੇ ਭਵਿੱਖ ਵਿੱਚ ਕਿਸੇ ਵੀ ਪ੍ਰਦਰਸ਼ਨਕਾਰੀ ਖ਼ਿਲਾਫ਼ ਨਵਾਂ ਕੇਸ ਦਰਜ ਨਾ ਕੀਤਾ ਜਾਵੇ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਕਾਨੂੰਨੀ ਮਾਮਲਿਆਂ ਸਬੰਧੀ ਲਿਖਤੀ ਸਮਝੌਤਾ ਤੁਰੰਤ ਸਾਂਝਾ ਕੀਤਾ ਜਾਵੇ। ਇਸ ਤੋਂ ਪਹਿਲਾਂ ਪਾਰਟੀ ਦੇ ਮੁੱਖ ਬੁਲਾਰੇ ਸੌਰਵ ਦਾਸ ਨੇ ਵੀ ਕਿਹਾ ਸੀ ਕਿ ਜੇਕਰ ਸਰਕਾਰ ਆਪਣੇ ਭਰੋਸਿਆਂ 'ਤੇ ਕਾਇਮ ਨਾ ਰਹੀ ਤਾਂ ਇਹ ਲੱਖਾਂ ਨੌਜਵਾਨਾਂ ਦੇ ਵਿਸ਼ਵਾਸ ਨਾਲ ਧੋਖਾ ਹੋਵੇਗਾ ਅਤੇ ਸੰਗਠਨ ਮੁੜ ਸੰਘਰਸ਼ ਦਾ ਰਾਹ ਅਪਣਾਏਗਾ।
Get all latest content delivered to your email a few times a month.