ਤਾਜਾ ਖਬਰਾਂ
ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ (AAP) ਨੇ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਫੈਸਲੇ ਲਏ ਹਨ। ਪਾਰਟੀ ਹਾਈ ਕਮਾਂਡ ਵੱਲੋਂ ਸੂਬੇ ਦੇ ਸੰਗਠਨ ਵਿੱਚ ਵੱਡਾ ਫੇਰਬਦਲ ਕਰਦਿਆਂ ਸੀਨੀਅਰ ਆਗੂ ਜਗਰੂਪ ਸਿੰਘ ਸੇਖਵਾਂ ਨੂੰ ਪੰਜਾਬ ਇਕਾਈ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਲੰਧਰ ਉੱਤਰੀ, ਫਤਿਹਗੜ੍ਹ ਚੂੜੀਆਂ ਅਤੇ ਪੱਟੀ ਵਿਧਾਨ ਸਭਾ ਹਲਕਿਆਂ ਲਈ ਨਵੇਂ ਹਲਕਾ ਇੰਚਾਰਜ ਵੀ ਐਲਾਨੇ ਗਏ ਹਨ।
ਪਾਰਟੀ ਵੱਲੋਂ ਜਾਰੀ ਅਧਿਕਾਰਤ ਪੱਤਰ ਵਿੱਚ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਕਿ ਇਹ ਨਿਯੁਕਤੀਆਂ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਬਣਾਉਣ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ਦੇ ਮਕਸਦ ਨਾਲ ਕੀਤੀਆਂ ਗਈਆਂ ਹਨ। ਪਾਰਟੀ ਦਾ ਮੰਨਣਾ ਹੈ ਕਿ ਜਗਰੂਪ ਸਿੰਘ ਸੇਖਵਾਂ ਦੇ ਤਜਰਬੇ ਦਾ ਲਾਭ ਸੂਬੇ ਭਰ ਵਿੱਚ ਸੰਗਠਨਕ ਢਾਂਚੇ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਿਲੇਗਾ।
ਇਸ ਫੇਰਬਦਲ ਤਹਿਤ ਵਿਨੀਤ ਧੀਰ ਨੂੰ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਬਣਾਇਆ ਗਿਆ ਹੈ। ਫਤਿਹਗੜ੍ਹ ਚੂੜੀਆਂ ਹਲਕੇ ਦੀ ਜ਼ਿੰਮੇਵਾਰੀ ਹਰਜੋਬਨਜੀਤ ਸਿੰਘ ਰੰਧਾਵਾ (ਜੋਬਨ ਰੰਧਾਵਾ) ਨੂੰ ਸੌਂਪੀ ਗਈ ਹੈ, ਜਦਕਿ ਪੱਟੀ ਵਿਧਾਨ ਸਭਾ ਹਲਕੇ ਲਈ ਜਸਕਨਵਰ ਸਿੰਘ ਗਿੱਲ (ਜੱਸਾ ਪੱਟੀ) ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਦੀ ਸੂਬਾ ਇਕਾਈ ਅਤੇ ਕੇਂਦਰੀ ਲੀਡਰਸ਼ਿਪ ਨੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ, ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ ਅਤੇ ਵਿਕਾਸ ਯੋਜਨਾਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਚੋਣਾਂ ਤੋਂ ਪਹਿਲਾਂ ਕੀਤੇ ਗਏ ਇਸ ਸੰਗਠਨਕ ਫੇਰਬਦਲ ਨੂੰ ਪਾਰਟੀ ਦੀ ਚੋਣੀ ਰਣਨੀਤੀ ਦਾ ਮਹੱਤਵਪੂਰਨ ਹਿੱਸਾ ਮੰਨਿਆ ਜਾ ਰਿਹਾ ਹੈ, ਜਿਸ ਰਾਹੀਂ 'ਆਪ' ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਅਤੇ ਸਰਗਰਮ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
Editor in Chief
ਕੱਪੜ ਛਾਣ
Get all latest content delivered to your email a few times a month.