ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਕਾਨੂੰਨ ਸਬੰਧੀ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਾ ਕਰਨ 'ਤੇ ਤਿੱਖੀ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਾਨੂੰਨ ਦੀਆਂ ਇਤਰਾਜ਼ਯੋਗ ਧਾਰਾਵਾਂ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਪਰ ਅਜੇ ਤੱਕ ਨਾ ਕੋਈ ਜਵਾਬ ਦਿੱਤਾ ਗਿਆ ਹੈ ਅਤੇ ਨਾ ਹੀ ਕੋਈ ਰਾਬਤਾ ਕੀਤਾ ਗਿਆ। ਉਨ੍ਹਾਂ ਇਸ ਚੁੱਪੀ ਨੂੰ ਹਾਕਮਾਂ ਦੀ ਹਉਮੈ ਅਤੇ ਸਿੱਖ ਭਾਵਨਾਵਾਂ ਪ੍ਰਤੀ ਗੰਭੀਰਤਾ ਦੀ ਘਾਟ ਦਾ ਪ੍ਰਤੀਕ ਕਰਾਰ ਦਿੱਤਾ।
ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਗੁਰੂ ਦੀ ਗੋਲਕ ਅਤੇ ਸਿੱਖੀ ਦੇ ਮੂਲ ਸਿਧਾਂਤ ਸਿੱਖ ਕੌਮ ਲਈ ਸਰਵਉੱਚ ਹਨ ਅਤੇ ਇਨ੍ਹਾਂ ਦੀ ਮਰਯਾਦਾ ਨੂੰ ਠੇਸ ਪਹੁੰਚਾਉਣ ਵਾਲੀਆਂ ਕਿਸੇ ਵੀ ਕਾਨੂੰਨੀ ਵਿਵਸਥਾ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਦੋਖੀਆਂ ਅਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਨੂੰ ਸਿੱਖ ਕੌਮ ਕਦੇ ਮੁਆਫ਼ ਨਹੀਂ ਕਰੇਗੀ ਅਤੇ ਪੰਥ ਹਮੇਸ਼ਾ ਆਪਣੀਆਂ ਧਾਰਮਿਕ ਸੰਸਥਾਵਾਂ ਅਤੇ ਮਰਯਾਦਾ ਦੀ ਰੱਖਿਆ ਲਈ ਡਟਿਆ ਰਹੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਬੇਅਦਬੀ ਕਾਨੂੰਨ ਦੀਆਂ ਇਤਰਾਜ਼ਯੋਗ ਮਦਾਂ ਵਿੱਚ ਤੁਰੰਤ ਸੋਧ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸੰਵਾਦ ਸਥਾਪਿਤ ਕੀਤਾ ਜਾਵੇ ਤਾਂ ਜੋ ਇਸ ਸੰਵੇਦਨਸ਼ੀਲ ਮਾਮਲੇ ਦਾ ਹੱਲ ਨਿਕਲ ਸਕੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਬਉੱਚ ਸੰਸਥਾ ਹੈ, ਜੋ ਕਿਸੇ ਵੀ ਸਰਕਾਰ ਜਾਂ ਰਾਜਨੀਤਿਕ ਦਬਾਅ ਹੇਠ ਕੰਮ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਹਰ ਸਮੇਂ ਹਕੂਮਤਾਂ ਨੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਸਿੱਖ ਕੌਮ ਨੇ ਗੁਰੂ ਦੀ ਕਿਰਪਾ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਆਪਣੀ ਪੰਥਕ ਮਰਯਾਦਾ ਨੂੰ ਕਾਇਮ ਰੱਖਿਆ। ਧਾਮੀ ਨੇ ਦੱਸਿਆ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਮੁੱਖ ਉਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬਸਾਂਝੇ ਸੰਦੇਸ਼ ਦਾ ਪ੍ਰਚਾਰ, ਸਿੱਖੀ ਦੇ ਸਿਧਾਂਤਾਂ ਦੀ ਪ੍ਰੇਰਣਾ, ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ ਹੈ।
ਮਾਰਚ ਦੇ ਪੰਜਵੇਂ ਦਿਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਡੇਰਾ ਕਾਰ ਸੇਵਾ ਧਰਮਕੋਟ ਤੋਂ ਗੁਰਦੁਆਰਾ ਤਖ਼ਤੂਪੁਰਾ ਸਾਹਿਬ (ਮੋਗਾ) ਲਈ ਰਵਾਨਗੀ ਤੋਂ ਪਹਿਲਾਂ ਧਾਰਮਿਕ ਸਮਾਗਮ ਵੀ ਕਰਵਾਇਆ ਗਿਆ। ਰਸਤੇ ਵਿੱਚ ਧਰਮਕੋਟ, ਕੋਟ ਈਸੇ ਖਾਂ, ਬੱਧਨੀ ਕਲਾਂ, ਬੁੱਟਰ ਕਲਾ, ਮੋਗਾ ਅਤੇ ਹੋਰ ਕਈ ਥਾਵਾਂ 'ਤੇ ਸੰਗਤਾਂ ਨੇ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ। ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਵਾਲੀ ਬੱਸ ਅਤੇ ਸਚਿੱਤਰ ਪ੍ਰਦਰਸ਼ਨੀ ਵੀ ਸੰਗਤਾਂ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੀ। ਇਸ ਮੌਕੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Get all latest content delivered to your email a few times a month.