ਤਾਜਾ ਖਬਰਾਂ
ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦੇ ਲਗਾਤਾਰ ਯਤਨਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਕੇਂਦਰ ਸਰਕਾਰ ਅਤੇ ਰੇਲਵੇ ਮੰਤਰਾਲੇ ਨੇ ਇਲਾਕੇ ਦੇ ਲੋਕਾਂ ਅਤੇ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪ੍ਰਵਾਨ ਕਰਦਿਆਂ ਵੰਦੇ ਭਾਰਤ ਐਕਸਪ੍ਰੈੱਸ ਦਾ ਨੰਗਲ ਡੈਮ ਰੇਲਵੇ ਸਟੇਸ਼ਨ ’ਤੇ ਠਹਿਰਾਅ (ਸਟਾਪੇਜ) ਮਨਜ਼ੂਰ ਕਰ ਲਿਆ ਹੈ।
ਮਲਵਿੰਦਰ ਸਿੰਘ ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਅੱਗੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਲਗਾਤਾਰ ਚੁੱਕਿਆ ਜਾ ਰਿਹਾ ਸੀ। ਭਾਰਤ ਸਰਕਾਰ ਨੇ ਇਨ੍ਹਾਂ ਮੰਗਾਂ ਨੂੰ ਸਵੀਕਾਰ ਕਰਦੇ ਹੋਏ 29 ਜੁਲਾਈ ਤੋਂ ਨੰਗਲ ਡੈਮ ਰੇਲਵੇ ਸਟੇਸ਼ਨ 'ਤੇ ਅੰਬ ਅੰਦੌਰਾ – ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈੱਸ (ਗੱਡੀ ਸੰਖਿਆ 22447/22448) ਦਾ ਪਹਿਲਾ ਸਟਾਪੇਜ ਦੇਣ ਦਾ ਫ਼ੈਸਲਾ ਕੀਤਾ ਹੈ।
ਸੰਸਦ ਮੈਂਬਰ ਕੰਗ ਨੇ ਕਿਹਾ ਕਿ ਨੰਗਲ ਡੈਮ 'ਤੇ ਵੰਦੇ ਭਾਰਤ ਐਕਸਪ੍ਰੈੱਸ ਦੇ ਠਹਿਰਾਅ ਨਾਲ ਨਾ ਸਿਰਫ਼ ਸਥਾਨਕ ਯਾਤਰੀਆਂ, ਵਪਾਰੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਸਗੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਵੀ ਸੁਖਾਲਾ ਸਫ਼ਰ ਮੁਹੱਈਆ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਅਤੇ ਸਰਬਪੱਖੀ ਵਿਕਾਸ ਲਈ ਭਵਿੱਖ ਵਿੱਚ ਵੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ।
Get all latest content delivered to your email a few times a month.