ਤਾਜਾ ਖਬਰਾਂ
ਹਲਕਾ ਲੰਬੀ ਦੇ ਪਿੰਡ ਮਿੱਡੂਖੇੜਾ ਤੋਂ ਇੱਕ ਬੇਹੱਦ ਦਰਦਨਾਕ ਅਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਖ਼ੁੰਦਕ ਦੇ ਚੱਲਦਿਆਂ 23 ਸਾਲਾ ਨੌਜਵਾਨ ਸੰਦੀਪ ਸਿੰਘ ਉਰਫ਼ ਬਬਲੂ ਦਾ ਕੁਝ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਨਹਿਰ 'ਤੇ ਇਕੱਲੇ ਘੇਰ ਕੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਭਾਰੀ ਰੋਸ ਅਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੀੜਤ ਪਰਿਵਾਰ ਨੇ ਇਨਸਾਫ਼ ਮਿਲਣ ਤੱਕ ਮ੍ਰਿਤਕ ਦੇਹ ਦਾ ਸੰਸਕਾਰ ਕਰਨ ਤੋਂ ਸਾਫ਼ ਮਨ੍ਹਾ ਕਰ ਦਿੱਤਾ ਹੈ।
ਮ੍ਰਿਤਕ ਦੀ ਮਾਂ ਬਲਵਿੰਦਰ ਕੌਰ ਅਤੇ ਪਰਿਵਾਰਕ ਮਹਿਲਾਵਾਂ ਨੇ ਗੰਭੀਰ ਦੋਸ਼ ਲਗਾਉਂਦਿਆਂ ਦੱਸਿਆ ਕਿ ਹਮਲਾਵਰਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਪਹਿਲਾਂ ਤੋਂ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸ਼ਰੇਆਮ ਕਹਿੰਦੇ ਸਨ ਕਿ ਉਹ ਬਬਲੂ ਦਾ ਕਤਲ ਕਰਕੇ ਹੀ ਸਾਹ ਲੈਣਗੇ। ਪਰਿਵਾਰ ਅਨੁਸਾਰ ਇਸ ਖ਼ੂਨੀ ਵਾਰਦਾਤ ਵਿੱਚ ਇੱਕੋ ਘਰ ਦੇ 5 ਮੈਂਬਰਾਂ ਸਮੇਤ ਕਈ ਅਣਪਛਾਤੇ ਵਿਅਕਤੀ ਸ਼ਾਮਲ ਹਨ। ਮ੍ਰਿਤਕ ਦੇ ਵਾਰਸਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ।
ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਨੌਜਵਾਨ ਜਦੋਂ ਨਹਿਰ ਕੋਲੋਂ ਲੰਘ ਰਿਹਾ ਸੀ ਤਾਂ ਹਮਲਾਵਰਾਂ ਨੇ ਉਸ ਨੂੰ ਇਕੱਲਾ ਦੇਖ ਕੇ ਘੇਰ ਲਿਆ। ਇਸ ਤੋਂ ਬਾਅਦ ਉਸ 'ਤੇ ਲੋਹੇ ਦੀਆਂ ਰਾਡਾਂ ਅਤੇ ਲਾਠੀਆਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਦੂਜੇ ਪਾਸੇ, ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਬਲੂ ਕਤਲਕਾਂਡ ਸਬੰਧੀ ਮਾਮਲਾ ਦਰਜ (FIR ਨੰ. 238/26) ਕਰ ਲਿਆ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
Get all latest content delivered to your email a few times a month.