ਤਾਜਾ ਖਬਰਾਂ
ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਧੀਰਾ ਪੱਤਰਾ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਦੇ 22 ਸਾਲਾ ਨੌਜਵਾਨ ਜੋਬਨਪ੍ਰੀਤ ਸਿੰਘ ਦੀ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਸ਼ੱਕੀ ਹਾਲਾਤਾਂ ਦੌਰਾਨ ਮੌਤ ਹੋ ਗਈ। ਇਸ ਦੁਖਦਾਈ ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰ 'ਤੇ ਗ਼ਮਾਂ ਦਾ ਪਹਾੜ ਟੁੱਟ ਪਿਆ, ਜਦਕਿ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਪਰਿਵਾਰਕ ਮੈਂਬਰਾਂ ਮੁਤਾਬਕ ਜੋਬਨਪ੍ਰੀਤ ਸਿੰਘ ਪੂਲ ਵਿੱਚ ਨਹਾਉਣ ਲਈ ਗਿਆ ਹੋਇਆ ਸੀ। ਇਸ ਦੌਰਾਨ ਉਹ ਪਾਣੀ ਵਿੱਚ ਡੁੱਬ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਲਾਂਕਿ ਘਟਨਾ ਦੇ ਅਸਲ ਕਾਰਨਾਂ ਬਾਰੇ ਅਜੇ ਵੀ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ, ਜਿਸ ਕਰਕੇ ਇਸ ਨੂੰ ਰਹੱਸਮਈ ਮੌਤ ਮੰਨਿਆ ਜਾ ਰਿਹਾ ਹੈ।
ਜੋਬਨਪ੍ਰੀਤ ਕਰੀਬ ਦੋ ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਉਹ ਉੱਥੇ ਆਪਣੀ ਪੜ੍ਹਾਈ ਕਰਦੇ ਹੋਏ ਆਪਣੇ ਸੁਨਹਿਰੇ ਭਵਿੱਖ ਲਈ ਸੰਘਰਸ਼ ਕਰ ਰਿਹਾ ਸੀ। ਪਰਿਵਾਰ ਨੂੰ ਉਸ ਤੋਂ ਬਹੁਤ ਉਮੀਦਾਂ ਸਨ ਕਿ ਉਹ ਪੜ੍ਹਾਈ ਪੂਰੀ ਕਰਕੇ ਵਾਪਸ ਆਏਗਾ ਅਤੇ ਪਰਿਵਾਰ ਦਾ ਸਹਾਰਾ ਬਣੇਗਾ। ਪਰ ਇਸ ਅਚਾਨਕ ਵਾਪਰੀ ਘਟਨਾ ਨੇ ਪਰਿਵਾਰ ਦੀਆਂ ਸਾਰੀਆਂ ਉਮੀਦਾਂ ਇੱਕ ਪਲ ਵਿੱਚ ਤੋੜ ਦਿੱਤੀਆਂ।
ਪਰਿਵਾਰ ਨੇ ਦੱਸਿਆ ਕਿ ਜੋਬਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਦੀ ਖ਼ਬਰ ਤੋਂ ਬਾਅਦ ਮਾਪਿਆਂ ਅਤੇ ਹੋਰ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਜੋਬਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਆਪਣੇ ਵਤਨ ਵਿੱਚ ਕਰ ਸਕਣ।
ਜ਼ਿਕਰਯੋਗ ਹੈ ਕਿ ਬਿਹਤਰ ਸਿੱਖਿਆ ਅਤੇ ਰੋਜ਼ਗਾਰ ਦੀ ਉਮੀਦ ਨਾਲ ਵਿਦੇਸ਼ ਜਾਣ ਵਾਲੇ ਪੰਜਾਬੀ ਨੌਜਵਾਨਾਂ ਨਾਲ ਵਾਪਰ ਰਹੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲਗਾਤਾਰ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ।
Editor in Chief
ਕੱਪੜ ਛਾਣ
Get all latest content delivered to your email a few times a month.