ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਜਾਰੀ ਸਫਾਈ ਸੇਵਕਾਂ ਦੀ ਹੜਤਾਲ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਸਖ਼ਤ ਨਿਸ਼ਾਨੇ 'ਤੇ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਸਰਕਾਰ ਹੜਤਾਲ ਖ਼ਤਮ ਹੋਣ ਦੇ ਝੂਠੇ ਦਾਅਵੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਜਦਕਿ ਕਈ ਸ਼ਹਿਰਾਂ ਵਿੱਚ ਸਫਾਈ ਕਰਮਚਾਰੀ ਅਜੇ ਵੀ ਹੜਤਾਲ 'ਤੇ ਹਨ ਅਤੇ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ।
ਡਾ. ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਸਥਾਨਕ ਸਰਕਾਰ ਮੰਤਰੀ ਹਰਜੋਤ ਬੈਂਸ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਜਾਣਕਾਰੀ ਮਿਲੀ ਹੈ ਕਿ ਨੰਗਲ ਅਤੇ ਰੂਪਨਗਰ (ਰੋਪੜ) ਵਿੱਚ ਵੀ ਸਫਾਈ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਮਿਉਂਸਪਲ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸਫਾਈ ਸੇਵਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰਨੇ ਚਾਹੀਦੇ ਹਨ, ਨਾ ਕਿ ਬਰਨਾਲਾ ਵਾਂਗ ਤਾਕਤ ਦੀ ਵਰਤੋਂ ਕਰਕੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਅਕਾਲੀ ਆਗੂ ਨੇ ਬਰਨਾਲਾ ਵਿੱਚ ਮਹਿਲਾ ਸਫਾਈ ਸੇਵਕਾਂ ਨਾਲ ਹੋਏ ਕਥਿਤ ਪੁਲਿਸ ਵਿਵਹਾਰ ਦੀ ਵੀ ਨਿੰਦਾ ਕੀਤੀ ਅਤੇ ਇਸ ਮਾਮਲੇ ਵਿੱਚ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕੱਢਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਡਾ. ਚੀਮਾ ਨੇ ਡਾਕਟਰਾਂ, ਫਾਰਮਾਸਿਸਟਾਂ, ਕਲੀਨਿਕਲ ਸਟਾਫ ਅਤੇ ਪੰਜਾਬ ਦੇ ਮੁਹੱਲਾ ਕਲੀਨਿਕਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਦਾ ਸਮਰਥਨ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਮੁਹੱਲਾ ਕਲੀਨਿਕ ਮਾਡਲ ਕਾਰਨ ਸਬ-ਹੈਲਥ ਸੈਂਟਰਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਢਾਂਚਾ ਕਮਜ਼ੋਰ ਹੋਇਆ ਹੈ ਅਤੇ ਹਜ਼ਾਰਾਂ ਡਾਕਟਰਾਂ ਤੇ ਪੈਰਾਮੈਡੀਕਲ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸਰਕਾਰ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦੀ ਬਜਾਏ ਸਿਆਸੀ ਬ੍ਰਾਂਡਿੰਗ ਅਤੇ ਪ੍ਰਚਾਰ 'ਤੇ ਵੱਧ ਧਿਆਨ ਦੇ ਰਹੀ ਹੈ।
Get all latest content delivered to your email a few times a month.