ਤਾਜਾ ਖਬਰਾਂ
ਅੰਮ੍ਰਿਤਸਰ ਦੇ ਦੁਰਗਿਆਨਾ ਤੀਰਥ ਅੰਦਰ ਕਥਿਤ ਤੌਰ 'ਤੇ ਬਣਾਈ ਗਈ ਡਾਂਸ ਵੀਡੀਓ ਨੂੰ ਲੈ ਕੇ ਵਿਵਾਦ ਹੋਰ ਗਹਿਰਾ ਗਿਆ ਹੈ। ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਸਵਾਮੀ ਅਸ਼ਨੀਲ ਮਹਾਰਾਜ ਨੇ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਵਣ ਦਾ ਪਵਿੱਤਰ ਮਹੀਨਾ ਚੱਲ ਰਿਹਾ ਹੈ ਅਤੇ ਇਸ ਦੌਰਾਨ ਮੰਦਰਾਂ ਅਤੇ ਹੋਰ ਧਾਰਮਿਕ ਅਸਥਾਨਾਂ 'ਤੇ ਸ਼ਰਧਾ ਅਤੇ ਅਨੁਸ਼ਾਸਨ ਨਾਲ ਵਿਹਾਰ ਕਰਨਾ ਹਰ ਸ਼ਰਧਾਲੂ ਦੀ ਜ਼ਿੰਮੇਵਾਰੀ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਵਾਮੀ ਅਸ਼ਨੀਲ ਮਹਾਰਾਜ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਧਾਰਮਿਕ ਸਥਾਨ ਦੇ ਅੰਦਰ ਡਾਂਸ ਕਰਕੇ ਵੀਡੀਓ ਬਣਾਉਂਦਾ ਹੈ ਅਤੇ ਉਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰਦਾ ਹੈ ਤਾਂ ਇਹ ਧਾਰਮਿਕ ਮਰਿਆਦਾ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਇਸ ਤਰ੍ਹਾਂ ਦੇ ਕਦਮਾਂ ਤੋਂ ਬਚਣਾ ਚਾਹੀਦਾ ਹੈ।
ਉਨ੍ਹਾਂ ਨੇ ਮੰਦਰ ਪ੍ਰਬੰਧਕ ਕਮੇਟੀ ਅਤੇ ਸੁਰੱਖਿਆ ਪ੍ਰਬੰਧਾਂ 'ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜਦੋਂ ਇਹ ਵੀਡੀਓ ਬਣਾਈ ਜਾ ਰਹੀ ਸੀ ਤਾਂ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਅਤੇ ਪ੍ਰਬੰਧਕਾਂ ਨੇ ਇਸ ਨੂੰ ਤੁਰੰਤ ਰੋਕਣ ਲਈ ਕਦਮ ਕਿਉਂ ਨਹੀਂ ਚੁੱਕੇ। ਉਨ੍ਹਾਂ ਦੇ ਅਨੁਸਾਰ ਜੇਕਰ ਸਮੇਂ ਸਿਰ ਦਖ਼ਲ ਦਿੱਤਾ ਜਾਂਦਾ ਤਾਂ ਨਾ ਸਿਰਫ਼ ਇਹ ਵੀਡੀਓ ਵਾਇਰਲ ਹੋਣ ਤੋਂ ਰੁਕ ਸਕਦੀ ਸੀ, ਸਗੋਂ ਪੂਰਾ ਵਿਵਾਦ ਵੀ ਟਾਲਿਆ ਜਾ ਸਕਦਾ ਸੀ।
ਸਵਾਮੀ ਅਸ਼ਨੀਲ ਮਹਾਰਾਜ ਨੇ ਕਿਹਾ ਕਿ ਜੇਕਰ ਕਿਸੇ ਨੂੰ ਮਨੋਰੰਜਨ ਲਈ ਡਾਂਸ ਕਰਨਾ ਜਾਂ ਵੀਡੀਓ ਬਣਾਉਣੀ ਹੈ ਤਾਂ ਉਹ ਜਨਤਕ ਪਾਰਕਾਂ ਜਾਂ ਹੋਰ ਉਚਿਤ ਥਾਵਾਂ ਦੀ ਵਰਤੋਂ ਕਰ ਸਕਦਾ ਹੈ, ਪਰ ਧਾਰਮਿਕ ਸਥਾਨਾਂ ਨੂੰ ਇਸ ਮਕਸਦ ਲਈ ਵਰਤਣਾ ਬਿਲਕੁਲ ਵੀ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਅਤੇ ਉਸ ਦੇ ਪਵਿੱਤਰ ਅਸਥਾਨਾਂ ਦਾ ਸਤਿਕਾਰ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ।
ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਨੇ ਨਿਯਮਾਂ ਜਾਂ ਕਾਨੂੰਨ ਦੀ ਉਲੰਘਣਾ ਕੀਤੀ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਸੀ ਕਿ ਅਜਿਹੇ ਮਾਮਲਿਆਂ ਵਿੱਚ ਸਖ਼ਤ ਰਵੱਈਆ ਅਪਣਾਉਣ ਨਾਲ ਭਵਿੱਖ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਭੰਗ ਕਰਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਨਾਲ ਹੀ ਉਨ੍ਹਾਂ ਨੇ ਸਮਾਜ ਨੂੰ ਵੀ ਅਪੀਲ ਕੀਤੀ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਅਤੇ ਆਸਥਾ ਦਾ ਸਤਿਕਾਰ ਕਰਦੇ ਹੋਏ ਜ਼ਿੰਮੇਵਾਰ ਵਿਹਾਰ ਅਪਣਾਇਆ ਜਾਵੇ।
Get all latest content delivered to your email a few times a month.