ਤਾਜਾ ਖਬਰਾਂ
ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 29 ਜੁਲਾਈ:
ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਸੌਂਢਾ ਵਿਖੇ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਅਹਿਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਹਲਕੇ ਵਿੱਚ ਸੈਦਪੂਰਾ ਮਾਇਨਰ, ਰਜਿੰਦਰਗੜ ਮਾਇਨਰ, 1-ਐਲ ਰਜਬਾਹਾ ਨੂੰ ਕੁੱਲ 33.68 ਕਿਲੋਮੀਟਰ ਤੱਕ ਪੱਕਾ ਕਰਨ ਅਤੇ 23.05 ਕਿਲੋਮੀਟਰ ਅੰਡਰਗਰਾਊਂਡ ਪਾਈਪ ਲਾਈਨਾਂ ਵਿਛਾਉਣ ਵਰਗੇ ਪ੍ਰੋਜੈਕਟਾਂ 'ਤੇ ਕੁੱਲ 30.71 ਕਰੋੜ ਰੁਪਏ ਦੀ ਲਾਗਤ ਆਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਸਾਨੀਪੁਰ, ਬਾੜਾ, ਛਲੇੜੀ ਕਲਾਂ, ਸੈਫਲਪੁਰ, ਮਹੁੰਮਦੀਪੁਰ, ਆਦਮਪੁਰ, ਬੀਬੀਪੁਰ, ਸਰਾਣਾ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ 3.75 ਕਰੋੜ ਦੀ ਰਾਸ਼ੀ ਖਰਚ ਕਰਕੇ ਜਮੀਨਦੋਜ ਪਾਈਪ ਲਾਈਨ ਦਾ ਕੰਮ ਕਰਵਾਇਆ ਜਾ ਰਿਹਾ, ਜਿਸ ਦੇ ਨਾਲ 2332 ਏਕੜ ਰਕਬੇ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਸੂਬੇ ਵਿੱਚ 26 ਫੀਸਦੀ ਨਹਿਰੀ ਪਾਣੀ ਖੇਤਾ ਤੱਕ ਪਹੁੰਚਦਾ ਸੀ,ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਨੇ 7500 ਕਰੋੜ ਰੁਪਏ ਖਰਚ ਕੇ 86 ਫੀਸਦੀ ਪਾਣੀ ਸੂਬੇ ਦੇ ਪਿੰਡਾਂ ਤੱਕ ਪਹੁੰਚਾਇਆ ਹੈ।
ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਲਈ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਬਹੁਤ ਜਲਦ ਹਰੇਕ ਪਿੰਡ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਕੇ ਨਾ ਸਿਰਫ਼ ਕਿਸਾਨਾਂ ਦੀ ਸਿੰਚਾਈ ਲਾਗਤ ਘਟੇਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਦੀ ਸੰਭਾਲ ਵੀ ਯਕੀਨੀ ਬਣੇਗੀ।
ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਤਹਿਗੜ੍ਹ ਸਾਹਿਬ ਹਲਕੇ ਵਿੱਚ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਇਹ ਵਿਕਾਸ ਕਾਰਜ ਕਿਸਾਨਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਨਹਿਰੀ ਪਾਣੀ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਹੈ।
Get all latest content delivered to your email a few times a month.