ਤਾਜਾ ਖਬਰਾਂ
ਪੰਜਾਬ ਵਿੱਚ ਸਰਕਾਰੀ ਨੌਕਰੀ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਇੱਕ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਸਰੀਰਕ ਸਿੱਖਿਆ (Physical Education) ਦੇ ਖੇਤਰ 'ਚ ਵੱਡਾ ਫ਼ੈਸਲਾ ਲੈਂਦਿਆਂ ਪ੍ਰਾਇਮਰੀ ਕੈਡਰ ਦੇ 2,000 ਪੀ.ਟੀ.ਆਈ. (PTI) ਅਧਿਆਪਕਾਂ ਦੀ ਭਰਤੀ ਦਾ ਐਲਾਨ ਕੀਤਾ ਹੈ। ਇਸ ਭਰਤੀ ਲਈ ਆਨਲਾਈਨ ਅਰਜ਼ੀ ਪ੍ਰਕਿਰਿਆ 31 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜੋ ਲੰਮੇ ਸਮੇਂ ਤੋਂ ਉਡੀਕ ਕਰ ਰਹੇ ਯੋਗ ਉਮੀਦਵਾਰਾਂ ਲਈ ਇੱਕ ਸੁਨਹਿਰੀ ਮੌਕਾ ਹੈ।
ਸਿੱਖਿਆ ਵਿਭਾਗ ਵੱਲੋਂ ਵਿਦਿਅਕ ਯੋਗਤਾ, ਉਮਰ ਸੀਮਾ, ਰਾਖਵਾਂਕਰਨ, ਅਰਜ਼ੀ ਫ਼ੀਸ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਉਮੀਦਵਾਰਾਂ ਦੀ ਸਹੂਲਤ ਅਤੇ ਫਾਰਮ ਭਰਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਭਾਗ ਨੇ ਪਹਿਲਾਂ ਹੀ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਵੀ ਸ਼ੁਰੂ ਕਰ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਕੁੱਲ 67,037 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਵਿੱਚੋਂ ਸਭ ਤੋਂ ਵੱਡਾ ਹਿੱਸਾ ਇਕੱਲੇ ਸਿੱਖਿਆ ਵਿਭਾਗ (16,308 ਨਿਯੁਕਤੀਆਂ) ਦਾ ਹੈ।
ਇਸ ਤੋਂ ਇਲਾਵਾ:
ਪੰਜਾਬ ਪੁਲਿਸ: 12,966 ਅਸਾਮੀਆਂ
ਬਿਜਲੀ ਵਿਭਾਗ (PSPCL/PSTCL): 8,765 ਤੋਂ ਵੱਧ
ਸਿਹਤ ਤੇ ਪਰਿਵਾਰ ਭਲਾਈ: 6,320
ਸਥਾਨਕ ਸਰਕਾਰਾਂ ਵਿਭਾਗ: 5,771 ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ ਹੈ।
ਸਰਕਾਰ ਅਨੁਸਾਰ ਸਰਕਾਰੀ ਅਤੇ ਨਿੱਜੀ ਖੇਤਰਾਂ ਨੂੰ ਮਿਲਾ ਕੇ ਹੁਣ ਤੱਕ ਲਗਭਗ 5.5 ਲੱਖ ਰੋਜ਼ਗਾਰ ਦੇ ਅਵਸਰ ਪੈਦਾ ਕੀਤੇ ਗਏ ਹਨ।
ਸਰਕਾਰ ਦਾ ਦਾਅਵਾ ਹੈ ਕਿ ਇਹ ਸਾਰੀਆਂ ਨਿਯੁਕਤੀਆਂ ਬਿਨਾਂ ਕਿਸੇ ਸਿਆਸੀ ਸਿਫ਼ਾਰਸ਼ ਜਾਂ ਰਿਸ਼ਵਤ ਦੇ, ਕੇਵਲ ਮੈਰਿਟ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ। 2022 ਤੋਂ ਬਾਅਦ ਸੂਬੇ ਵਿੱਚ ਪੇਪਰ ਲੀਕ ਹੋਣ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਸਰਕਾਰ ਮੁਤਾਬਕ ਇਨ੍ਹਾਂ ਭਰਤੀਆਂ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਆਪਣੇ ਹੀ ਰਾਜ 'ਚ ਪੱਕੇ ਰੋਜ਼ਗਾਰ ਦੇ ਕੇ ਵਿਦੇਸ਼ਾਂ ਵੱਲ ਹੋ ਰਹੇ ਪਲਾਇਨ (ਬ੍ਰੇਨ ਡ੍ਰੇਨ) ਨੂੰ ਰੋਕਣਾ ਹੈ।
Get all latest content delivered to your email a few times a month.