IMG-LOGO
ਹੋਮ ਪੰਜਾਬ: ਪੰਜਾਬ ਕਾਂਗਰਸ 'ਚ ਵਧੀ ਅੰਦਰੂਨੀ ਖਿੱਚਤਾਣ, MP ਸ਼ੇਰ ਸਿੰਘ ਘੁਬਾਇਆ...

ਪੰਜਾਬ ਕਾਂਗਰਸ 'ਚ ਵਧੀ ਅੰਦਰੂਨੀ ਖਿੱਚਤਾਣ, MP ਸ਼ੇਰ ਸਿੰਘ ਘੁਬਾਇਆ ਨੇ ਰਾਜਾ ਵੜਿੰਗ ਦੇ ਅਸਤੀਫ਼ੇ ਦੀ ਕੀਤੀ ਮੰਗ

Admin User - Jul 30, 2026 05:50 PM
IMG

ਪੰਜਾਬ ਕਾਂਗਰਸ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੰਦਰੂਨੀ ਮਤਭੇਦ ਇੱਕ ਵਾਰ ਫਿਰ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਫਿਰੋਜ਼ਪੁਰ ਤੋਂ ਕਾਂਗਰਸ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਪਾਰਟੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੀਡ ਨਹੀਂ ਕਰ ਰਹੇ ਅਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਘੁਬਾਇਆ ਦਾ ਦਾਅਵਾ ਹੈ ਕਿ ਪੰਜਾਬ ਦੇ ਲੋਕ ਰਾਜਾ ਵੜਿੰਗ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ ਅਤੇ ਪਾਰਟੀ ਨੂੰ ਨਵੇਂ ਸਿਰੇ ਤੋਂ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ।

ਸ਼ੇਰ ਸਿੰਘ ਘੁਬਾਇਆ ਨੇ ਰਾਜਾ ਵੜਿੰਗ ਦੇ ਉਸ ਬਿਆਨ 'ਤੇ ਵੀ ਇਤਰਾਜ਼ ਜਤਾਇਆ, ਜਿਸ ਵਿੱਚ ਉਨ੍ਹਾਂ ਨਵੇਂ ਚਿਹਰਿਆਂ ਨੂੰ ਚੋਣ ਟਿਕਟਾਂ ਦੇਣ ਦੀ ਗੱਲ ਕਹੀ ਸੀ। ਘੁਬਾਇਆ ਨੇ ਕਿਹਾ ਕਿ ਇਸ ਬਿਆਨ ਨਾਲ ਪਾਰਟੀ ਦੇ ਵਰਕਰਾਂ ਅਤੇ ਸੀਨੀਅਰ ਆਗੂਆਂ ਵਿੱਚ ਨਾਰਾਜ਼ਗੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਕੋਈ ਵੀ ਵਿਅਕਤੀ ਪਾਰਟੀ ਤੋਂ ਵੱਡਾ ਨਹੀਂ ਹੈ ਅਤੇ ਫੈਸਲੇ ਸਾਂਝੀ ਸਹਿਮਤੀ ਨਾਲ ਹੋਣੇ ਚਾਹੀਦੇ ਹਨ।

ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਵੈਦ ਨੇ ਘੁਬਾਇਆ ਦੇ ਬਿਆਨ ਦੀ ਨਿੰਦਾ ਕਰਦਿਆਂ ਕਿਹਾ ਕਿ ਸੂਬਾ ਪ੍ਰਧਾਨ ਦਾ ਅਸਤੀਫ਼ਾ ਮੰਗਣਾ ਪਾਰਟੀ ਅਨੁਸ਼ਾਸਨ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਇਤਰਾਜ਼ ਹੈ ਤਾਂ ਉਹ ਪਾਰਟੀ ਫੋਰਮ 'ਤੇ ਆਪਣੀ ਗੱਲ ਰੱਖੇ, ਨਾ ਕਿ ਜਨਤਕ ਤੌਰ 'ਤੇ।

ਇਸੇ ਦੌਰਾਨ ਕਾਂਗਰਸ ਨਾਲ ਜੁੜੇ ਸੂਤਰਾਂ ਮੁਤਾਬਕ ਹਾਲ ਹੀ ਵਿੱਚ ਦਿੱਲੀ ਵਿੱਚ ਇੱਕ ਅਹਿਮ ਬੈਠਕ ਹੋਈ, ਜਿਸ ਵਿੱਚ ਸੂਬਾ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਹਿੱਸਾ ਲਿਆ। ਇਹ ਬੈਠਕ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਇਕਾਈ ਵਿੱਚ ਚੱਲ ਰਹੀ ਧੜੇਬੰਦੀ ਨੂੰ ਖਤਮ ਕਰਨ ਦੇ ਉਦੇਸ਼ ਨਾਲ ਕਰਵਾਈ ਗਈ ਸੀ। ਇਸ ਪ੍ਰਕਿਰਿਆ ਦੀ ਜ਼ਿੰਮੇਵਾਰੀ ਰਣਨੀਤੀਕਾਰ ਨਰੇਸ਼ ਅਰੋੜਾ ਨੂੰ ਸੌਂਪੀ ਗਈ ਹੈ, ਜਿਨ੍ਹਾਂ ਨੇ ਪਹਿਲਾਂ ਕਰਨਾਟਕ ਵਿੱਚ ਕਾਂਗਰਸ ਦੇ ਦੋ ਵੱਡੇ ਧੜਿਆਂ ਵਿਚਕਾਰ ਸਮਝੌਤਾ ਕਰਵਾਉਣ ਵਿੱਚ ਭੂਮਿਕਾ ਨਿਭਾਈ ਸੀ।

ਸੂਤਰਾਂ ਦਾ ਕਹਿਣਾ ਹੈ ਕਿ ਇਸ ਮੀਟਿੰਗ ਦੌਰਾਨ ਰਾਜਾ ਵੜਿੰਗ ਨੇ ਹਾਈਕਮਾਨ ਅੱਗੇ ਅਸਤੀਫ਼ਾ ਦੇਣ ਦੀ ਤਿਆਰੀ ਜਤਾਈ, ਪਰ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਕੋਈ ਫੈਸਲਾ ਲੈਣਾ ਹੈ ਤਾਂ ਸਾਰੇ ਆਗੂ ਇਕੱਠੇ ਹਾਈਕਮਾਨ ਕੋਲ ਜਾਣ। ਉੱਥੇ ਹੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਕਿਸੇ ਇੱਕ ਵਿਅਕਤੀ ਦਾ ਨਹੀਂ, ਸਗੋਂ ਪੰਜਾਬ ਕਾਂਗਰਸ ਦੇ ਭਵਿੱਖ ਅਤੇ ਜਨਤਾ ਦੇ ਭਰੋਸੇ ਦਾ ਮੁੱਦਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਕੋਈ ਨਿੱਜੀ ਅਹੁਦੇ ਦੀ ਇੱਛਾ ਨਹੀਂ ਅਤੇ ਉਨ੍ਹਾਂ ਦਾ ਇਕੋ ਟੀਚਾ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣਾ ਹੈ।

ਇਸ ਸਿਆਸੀ ਹਲਚਲ ਦੇ ਦਰਮਿਆਨ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ 30 ਜੁਲਾਈ ਤੋਂ ਪੰਜਾਬ ਦੇ ਦੌਰੇ 'ਤੇ ਪਹੁੰਚ ਰਹੇ ਹਨ। ਉਹ ਅਗਲੇ ਨੌਂ ਦਿਨਾਂ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਕੇ ਧੜੇਬੰਦੀ ਦੀ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ ਉਹ ਆਪਣੀ ਰਿਪੋਰਟ ਕਾਂਗਰਸ ਹਾਈਕਮਾਨ ਨੂੰ ਸੌਂਪਣਗੇ, ਜਿਸ ਦੇ ਆਧਾਰ 'ਤੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਅਤੇ ਸੰਗਠਨਕ ਢਾਂਚੇ ਨੂੰ ਲੈ ਕੇ ਅਹਿਮ ਫੈਸਲੇ ਹੋਣ ਦੀ ਸੰਭਾਵਨਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.