IMG-LOGO
ਹੋਮ ਪੰਜਾਬ, ਰਾਸ਼ਟਰੀ, ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਤੇਜ਼, SGPC ਪ੍ਰਧਾਨ ਧਾਮੀ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਤੇਜ਼, SGPC ਪ੍ਰਧਾਨ ਧਾਮੀ ਨੇ ਕੇਂਦਰ ਨੂੰ ਕੀਤੀ ਅਪੀਲ; ਕਿਹਾ- ਸਿੱਖ ਭਾਵਨਾਵਾਂ ਦਾ ਰੱਖਿਆ ਜਾਵੇ ਮਾਣ

Admin User - Aug 01, 2026 04:04 PM
IMG

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦ ਮੁੜ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਇਹ ਬਿਆਨ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਨੇ ਸੰਸਦ ਵਿੱਚ ਸਪੱਸ਼ਟ ਕੀਤਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਕਰਤਾਰਪੁਰ ਲਾਂਘੇ ਨੂੰ ਫਿਲਹਾਲ ਮੁੜ ਸ਼ੁਰੂ ਕਰਨ ਦਾ ਕੋਈ ਫੈਸਲਾ ਨਹੀਂ ਲਿਆ ਗਿਆ।

ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਵਿੱਚੋਂ ਇੱਕ ਹੈ। ਇਹ ਉਹ ਪਵਿੱਤਰ ਧਰਤੀ ਹੈ, ਜਿੱਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਅਤੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਮਹਾਨ ਸੰਦੇਸ਼ ਦਿੱਤਾ। ਇਸ ਕਾਰਨ ਦੁਨੀਆ ਭਰ ਦੀ ਸਿੱਖ ਸੰਗਤ ਦੀ ਇਸ ਅਸਥਾਨ ਨਾਲ ਡੂੰਘੀ ਆਸਥਾ ਜੁੜੀ ਹੋਈ ਹੈ।

ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਕਰਤਾਰਪੁਰ ਲਾਂਘਾ ਬੰਦ ਰਹਿਣ ਕਾਰਨ ਲੱਖਾਂ ਸ਼ਰਧਾਲੂ ਦਰਸ਼ਨਾਂ ਤੋਂ ਵਾਂਝੇ ਹਨ ਅਤੇ ਇਸ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਧਾਮੀ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਸਿਰਫ਼ ਇੱਕ ਯਾਤਰਾ ਮਾਰਗ ਨਹੀਂ, ਸਗੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਧਾਰਮਿਕ ਸਾਂਝ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਵੀ ਹੈ।

SGPC ਪ੍ਰਧਾਨ ਨੇ ਇਹ ਵੀ ਕਿਹਾ ਕਿ ਦੇਸ਼ ਦੀ ਸੁਰੱਖਿਆ ਹਰ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਅਤੇ ਇਸ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਪਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਤੋਂ ਵਾਂਝਾ ਰੱਖਣਾ ਵੀ ਠੀਕ ਨਹੀਂ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੁਰੱਖਿਆ ਏਜੰਸੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਇਸ ਮਾਮਲੇ ਦੀ ਜਲਦ ਸਮੀਖਿਆ ਕੀਤੀ ਜਾਵੇ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਸਕਾਰਾਤਮਕ ਫੈਸਲਾ ਲਿਆ ਜਾਵੇ, ਤਾਂ ਜੋ ਸ਼ਰਧਾਲੂ ਆਪਣੀ ਆਸਥਾ ਅਨੁਸਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.