ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬੇਅਦਬੀ ਨਾਲ ਸੰਬੰਧਤ ਕਾਨੂੰਨ ਵਿੱਚ ਕੋਈ ਵੀ ਸੋਧ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚੇ ਮਨ ਨਾਲ ਇਸ ਸੰਵੇਦਨਸ਼ੀਲ ਮਾਮਲੇ ਦਾ ਸਥਾਈ ਅਤੇ ਸਰਬਸੰਮਤੀ ਹੱਲ ਚਾਹੁੰਦੀ ਹੈ ਤਾਂ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਚਾਲਬਾਜ਼ੀ ਜਾਂ ਇਕਪੱਖੀ ਫ਼ੈਸਲੇ ਤੋਂ ਬਚਣਾ ਚਾਹੀਦਾ ਹੈ।
ਇਹ ਵਿਚਾਰ ਉਨ੍ਹਾਂ ਮੀਰੀ-ਪੀਰੀ ਖਾਲਸਾ ਮਾਰਚ ਦੇ ਨੌਵੇਂ ਦਿਨ ਗੁਰਦੁਆਰਾ ਗੰਗਸਰ ਸਾਹਿਬ, ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਰਵਾਨਗੀ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਗਈਆਂ ਸੋਧਾਂ ਨੂੰ ਕਾਨੂੰਨ ਵਿੱਚ ਸ਼ਾਮਲ ਕਰਨ ਨਾਲ ਇੱਕ ਪ੍ਰਭਾਵਸ਼ਾਲੀ ਅਤੇ ਸਰਬਪੱਖੀ ਸਤਿਕਾਰ ਐਕਟ ਤਿਆਰ ਹੋ ਸਕੇਗਾ, ਜਿਸ ਨਾਲ ਧਾਰਮਿਕ ਸਦਭਾਵਨਾ, ਆਪਸੀ ਭਰੋਸੇ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।
ਉਨ੍ਹਾਂ ਸਿੱਖ ਸਿਧਾਂਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਬਖ਼ਸ਼ਿਆ ਗਿਆ ਮੀਰੀ-ਪੀਰੀ ਦਾ ਸਿਧਾਂਤ ਸਿੱਖ ਨੂੰ ਧਰਮ ਅਤੇ ਰਾਜਨੀਤੀ ਨੂੰ ਇਕੱਠੇ ਲੈ ਕੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਧਰਮ ਅਤੇ ਰਾਜਨੀਤੀ ਨੂੰ ਵੱਖ-ਵੱਖ ਮੰਨਦੇ ਹਨ, ਉਹ ਸਿੱਖ ਦਰਸ਼ਨ ਦੀ ਸਹੀ ਸਮਝ ਨਹੀਂ ਰੱਖਦੇ। ਉਨ੍ਹਾਂ ਜ਼ੋਰ ਦਿੱਤਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਦਾ ਧਾਰਮਿਕ ਹੀ ਨਹੀਂ, ਸਿਆਸੀ ਤੌਰ 'ਤੇ ਵੀ ਮਜ਼ਬੂਤ ਹੋਣਾ ਲਾਜ਼ਮੀ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਜਦੋਂ ਵੀ ਸਿੱਖ ਕੌਮ ਗੁਰਬਾਣੀ, ਗੁਰਮਤਿ ਸਿਧਾਂਤਾਂ ਅਤੇ ਪੰਥਕ ਏਕਤਾ ਤੋਂ ਦੂਰ ਹੋਈ ਹੈ, ਉਸ ਵੇਲੇ ਵਿਰੋਧੀ ਤਾਕਤਾਂ ਨੇ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਵੀ ਕੁਝ ਹਕੂਮਤਾਂ ਪੰਥ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸਾਵਧਾਨ ਰਹਿਣ ਦਾ ਸੱਦਾ ਦਿੱਤਾ।
ਉਨ੍ਹਾਂ ਇਤਿਹਾਸਕ ਜੈਤੋ ਮੋਰਚੇ ਨੂੰ ਯਾਦ ਕਰਦਿਆਂ ਕਿਹਾ ਕਿ ਮਹਾਰਾਜਾ ਰਿਪੁਦਮਨ ਸਿੰਘ ਨੂੰ ਗੱਦੀ ਤੋਂ ਹਟਾਉਣਾ ਸਿਰਫ਼ ਇੱਕ ਰਾਜਨੀਤਿਕ ਘਟਨਾ ਨਹੀਂ ਸੀ, ਸਗੋਂ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸਵੈਮਾਨ 'ਤੇ ਕੀਤਾ ਗਿਆ ਵੱਡਾ ਹਮਲਾ ਸੀ। ਇਸ ਅਨਿਆਂ ਦੇ ਖ਼ਿਲਾਫ਼ ਸਿੱਖ ਕੌਮ ਨੇ ਸ਼ਾਂਤੀਪੂਰਨ ਪਰ ਦ੍ਰਿੜ੍ਹ ਸੰਘਰਸ਼ ਕੀਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸੈਂਕੜਿਆਂ ਸਿੰਘਾਂ-ਸਿੰਘਣੀਆਂ ਨੇ ਸ਼ਹਾਦਤਾਂ ਦੇ ਕੇ ਧਰਮ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਸਾਬਤ ਕੀਤੀ।
ਨੌਵੇਂ ਦਿਨ ਮੀਰੀ-ਪੀਰੀ ਖਾਲਸਾ ਮਾਰਚ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਹੋਏ ਧਾਰਮਿਕ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ, ਜਦਕਿ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਮੀਰੀ-ਪੀਰੀ ਖਾਲਸਾ ਮਾਰਚ ਦੇ ਉਦੇਸ਼ ਅਤੇ ਸਿੱਖ ਸਿਧਾਂਤਾਂ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ।
ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ ਅਤੇ ਚੌਰ ਸਾਹਿਬ ਦੀ ਸੇਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ। ਮਾਰਚ ਦੌਰਾਨ ਪਿੰਡ ਡੇਲਿਆਂਵਾਲੀ, ਰੋੜੀ ਕਪੂਰਾ, ਰਾਮੇਆਣਾ, ਮੱਲਣ, ਗੂੜੀ ਸੰਘਰ, ਕਾਉਣੀ, ਦੋਦਾ, ਭੁੱਲਰ, ਬਰਕੰਦੀ ਅਤੇ ਸ੍ਰੀ ਮੁਕਤਸਰ ਸਾਹਿਬ ਸਮੇਤ ਵੱਖ-ਵੱਖ ਥਾਵਾਂ 'ਤੇ ਸੰਗਤਾਂ ਨੇ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ।
ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਵਿੱਚ ਸੀਨੀਅਰ ਅਕਾਲੀ ਆਗੂਆਂ ਤਜਿੰਦਰ ਸਿੰਘ ਮਿੱਡੂਖੇੜਾ, ਗੁਰਵਿੰਦਰ ਸਿੰਘ, ਬੀਬੀ ਗੁਰਦਿਆਲ ਕੌਰ ਮੱਲਣ, ਐਡਵੋਕੇਟ ਗੁਰਮੀਤ ਸਿੰਘ ਮਾਨ, ਚਰਨਜੀਤ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਪੀਲੀਆਂ ਦਸਤਾਰਾਂ ਸਜਾ ਕੇ ਮਾਰਚ ਦਾ ਸ਼ਾਨਦਾਰ ਸਵਾਗਤ ਕੀਤਾ।
ਅੱਜ ਰਾਤ ਮੀਰੀ-ਪੀਰੀ ਖਾਲਸਾ ਮਾਰਚ ਦਾ ਪੜਾਅ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ, ਜਿੱਥੋਂ ਇਹ ਭਲਕੇ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਨਾਲ ਸਜੀ ਵਿਸ਼ੇਸ਼ ਬੱਸ ਅਤੇ ਸ਼ਹੀਦਾਂ ਦੀਆਂ ਤਸਵੀਰਾਂ ਨਾਲ ਸਜੀਆਂ ਗੱਡੀਆਂ ਸੰਗਤਾਂ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਬਣੀਆਂ ਰਹੀਆਂ। ਇਸ ਦੌਰਾਨ ਨੌਜਵਾਨਾਂ ਨੇ ਗੁਰੂ ਦੋਖੀਆਂ ਅਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਖ਼ਿਲਾਫ਼ ਤਖ਼ਤੀਆਂ ਲਹਿਰਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਸਮਰਪਣ ਦਾ ਪ੍ਰਗਟਾਵਾ ਕੀਤਾ।
Get all latest content delivered to your email a few times a month.