ਤਾਜਾ ਖਬਰਾਂ
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਵਿਖੇ ਆਪਣੇ ਵਿਧਾਨ ਸਭਾ ਹਲਕੇ ਦੀਆਂ 40 ਪੰਚਾਇਤਾਂ ਨੂੰ ਕਰੀਬ 3 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਦੇ ਚੈੱਕ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਵਚਨਬੱਧ ਹੈ ਅਤੇ ਪੰਚਾਇਤਾਂ ਨੂੰ ਦਿੱਤੀ ਗਈ ਇਹ ਰਾਸ਼ੀ ਪਿੰਡਾਂ ਵਿੱਚ ਛੋਟੇ-ਛੋਟੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ।
ਮੰਤਰੀ ਗੋਇਲ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਪੰਚਾਇਤ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਗ੍ਰਾਂਟ ਦੀ ਰਕਮ ਨੂੰ ਪਾਰਦਰਸ਼ੀ ਢੰਗ ਨਾਲ ਲੋਕ ਭਲਾਈ ਦੇ ਕੰਮਾਂ ‘ਤੇ ਖਰਚਿਆ ਜਾਵੇ।
ਇਸ ਦੌਰਾਨ ਉਨ੍ਹਾਂ ਸੂਬੇ ਵਿੱਚ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਦੀਆਂ ਟੀਮਾਂ ਦਿਨ-ਰਾਤ ਮੈਦਾਨ ਵਿੱਚ ਤਾਇਨਾਤ ਹਨ ਅਤੇ ਦਰਿਆਵਾਂ, ਨਹਿਰਾਂ ਅਤੇ ਬੰਨ੍ਹਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਹੜ੍ਹ ਰੋਕੂ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ਕਿਸੇ ਨੂੰ ਵੀ ਬੇਵਜ੍ਹਾ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਪੱਤਰਕਾਰਾਂ ਵੱਲੋਂ ਪੇਪਰ ਲੀਕ ਮਾਮਲੇ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਬਰਿੰਦਰ ਗੋਇਲ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਕੋਈ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸਾਹਮਣੇ ਆਇਆ ਮਾਮਲਾ ਪੇਪਰ ਲੀਕ ਦਾ ਨਹੀਂ, ਸਗੋਂ ਨਕਲ ਕਰਵਾਉਣ ਦੀ ਕੋਸ਼ਿਸ਼ ਨਾਲ ਸੰਬੰਧਿਤ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਸਿਰਫ਼ 15 ਮਿੰਟਾਂ ਦੇ ਅੰਦਰ ਮੌਕੇ ਤੋਂ ਹੀ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਨਾਲ ਸਰਕਾਰ ਦੀ ਸਖ਼ਤ ਕਾਰਵਾਈ ਅਤੇ ਪਾਰਦਰਸ਼ੀ ਪ੍ਰਣਾਲੀ ਸਾਬਤ ਹੁੰਦੀ ਹੈ।
Get all latest content delivered to your email a few times a month.