ਤਾਜਾ ਖਬਰਾਂ
ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ 7 ਅਗਸਤ ਨੂੰ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਕੀਰਤਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸਾਰੀਆਂ ਪ੍ਰਬੰਧਕੀ ਅਤੇ ਧਾਰਮਿਕ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤਾਂ ਜੋ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਗੁਰਦੁਆਰਾ ਪਾਤਾਲਪੁਰੀ ਸਾਹਿਬ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਜਿੰਦਬੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਅੱਜ ਗੁਰਦੁਆਰਾ ਸਾਹਿਬ ਵਿਖੇ ਨੌਂ ਸ੍ਰੀ ਅਖੰਡ ਪਾਠ ਸਾਹਿਬਾਂ ਦੀ ਪਹਿਲੀ ਲੜੀ ਆਰੰਭ ਕੀਤੀ ਗਈ ਹੈ। ਇਨ੍ਹਾਂ ਅਖੰਡ ਪਾਠ ਸਾਹਿਬਾਂ ਦੇ ਭੋਗ 5 ਅਗਸਤ ਨੂੰ ਪਾਏ ਜਾਣਗੇ, ਜਿਸ ਤੋਂ ਬਾਅਦ ਦੂਜੀ ਲੜੀ ਦੇ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਦੂਜੀ ਲੜੀ ਦੇ ਭੋਗ 7 ਅਗਸਤ ਨੂੰ ਸਵੇਰੇ 10 ਵਜੇ ਪ੍ਰਕਾਸ਼ ਪੁਰਬ ਮੌਕੇ ਪਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਵੱਡੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵੱਲੋਂ ਇੱਕ ਵਿਸ਼ਾਲ ਅਤੇ ਸ਼ਾਨਦਾਰ ਸ਼ੈੱਡ ਦਾ ਨਿਰਮਾਣ ਕੀਤਾ ਗਿਆ ਹੈ, ਜਿੱਥੇ ਮੁੱਖ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣਗੇ। ਇਸ ਦੌਰਾਨ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ, ਕਥਾਵਾਚਕਾਂ ਵੱਲੋਂ ਗੁਰਮਤਿ ਵਿਚਾਰ ਅਤੇ ਢਾਡੀ ਜਥਿਆਂ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਗੁਰਦੁਆਰਾ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਜਰਨੈਲ ਸਿੰਘ ਨੇ ਇਸ ਅਸਥਾਨ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਉਹ ਪਵਿੱਤਰ ਧਰਤੀ ਹੈ, ਜਿੱਥੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੇ ਅਵਤਾਰ ਧਾਰਿਆ ਸੀ। ਇਸ ਕਾਰਨ ਇਹ ਅਸਥਾਨ ਸਿੱਖ ਧਰਮ ਅਤੇ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ।
ਸਮਾਗਮਾਂ ਦੌਰਾਨ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀ ਨਿਮਰਤਾ, ਮਨੁੱਖਤਾ ਦੀ ਸੇਵਾ, ਦਇਆ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਸੰਗਤਾਂ ਤੱਕ ਪਹੁੰਚਾਇਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ 7 ਅਗਸਤ ਨੂੰ ਪਰਿਵਾਰ ਸਮੇਤ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਕੀਰਤਪੁਰ ਸਾਹਿਬ ਵਿਖੇ ਪਹੁੰਚ ਕੇ ਪ੍ਰਕਾਸ਼ ਪੁਰਬ ਦੇ ਪਾਵਨ ਸਮਾਗਮਾਂ ਵਿੱਚ ਹਾਜ਼ਰੀ ਭਰਨ ਅਤੇ ਗੁਰੂ ਸਾਹਿਬ ਜੀ ਦੀਆਂ ਅਸੀਸਾਂ ਪ੍ਰਾਪਤ ਕਰਨ।
Get all latest content delivered to your email a few times a month.