ਤਾਜਾ ਖਬਰਾਂ
ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਹੋਏ ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖੀ ਦੇ ਪ੍ਰਚਾਰ, ਗੁਰੂ ਘਰ ਦੀ ਮਰਯਾਦਾ ਅਤੇ ਪੰਥਕ ਪਰੰਪਰਾਵਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਮਾਰਚ ਕੋਈ ਸਿਆਸੀ ਰੋਡ ਸ਼ੋ ਨਹੀਂ, ਸਗੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ ਦਾ ਪ੍ਰਗਟਾਵਾ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸਿੱਖ ਕੌਮ ਮੁਸ਼ਕਲਾਂ ਦੇ ਦੌਰ ਵਿਚੋਂ ਗੁਜ਼ਰੀ, ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਅਤੇ ਪੰਥਕ ਮੋਰਚਿਆਂ ਨੇ ਕੌਮ ਨੂੰ ਇਕਜੁੱਟ ਕਰਨ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਮੀਰੀ-ਪੀਰੀ ਖਾਲਸਾ ਮਾਰਚ ਨੂੰ "ਰੋਡ ਸ਼ੋ" ਕਰਾਰ ਦੇਣਾ ਸਿੱਖ ਇਤਿਹਾਸ ਅਤੇ ਪਰੰਪਰਾਵਾਂ ਬਾਰੇ ਅਣਜਾਣਤਾ ਦਰਸਾਉਂਦਾ ਹੈ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਅਜਿਹੇ ਬਿਆਨਾਂ ਦਾ ਸਮੇਂ ਸਿਰ ਜਵਾਬ ਦੇ ਕੇ ਗੁਰੂ ਘਰ ਦੀ ਮਰਯਾਦਾ ਅਤੇ ਪੰਥਕ ਰਵਾਇਤਾਂ ਦੀ ਰੱਖਿਆ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਸਰਬੱਤ ਦੇ ਭਲੇ, ਨਿਆਂ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਗਵਾਈ ਕਰਦਾ ਆਇਆ ਹੈ। ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਹੋਇਆ ਅਤੇ ਦੋਵਾਂ ਸੰਸਥਾਵਾਂ ਨੇ ਪੰਥਕ ਸੇਵਾ ਨੂੰ ਆਪਣਾ ਧੇਯ ਬਣਾਇਆ। ਉਨ੍ਹਾਂ ਜੈਤੋ ਮੋਰਚੇ, ਐਮਰਜੈਂਸੀ ਅਤੇ 1995 ਦੇ ਔਖੇ ਸਮੇਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਵੇਲੇ ਵੀ ਪੰਥ ਨੂੰ ਸਹੀ ਦਿਸ਼ਾ ਦੇਣ ਲਈ ਨਗਰ ਕੀਰਤਨ ਅਤੇ ਧਾਰਮਿਕ ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਦੀਆਂ ਤੋਂ ਸਿੱਖ ਪੰਥ ਦੀ ਰਹਿਨੁਮਾਈ ਕਰਦਾ ਆ ਰਿਹਾ ਹੈ ਅਤੇ ਜਦੋਂ ਵੀ ਧਰਮ ਜਾਂ ਪੰਥਕ ਸੰਸਥਾਵਾਂ 'ਤੇ ਸੰਕਟ ਆਇਆ, ਤਖ਼ਤ ਸਾਹਿਬ ਨੇ ਗੁਰੂ ਸਾਹਿਬਾਨ ਦੇ ਸਿਧਾਂਤਾਂ ਅਨੁਸਾਰ ਸੰਗਤ ਨੂੰ ਸੇਧ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦਾ ਸਿਧਾਂਤ ਦੇ ਕੇ ਇਹ ਸੰਦੇਸ਼ ਦਿੱਤਾ ਕਿ ਭਗਤੀ ਦੇ ਨਾਲ-ਨਾਲ ਸ਼ਕਤੀ ਅਤੇ ਸੰਤ ਦੇ ਨਾਲ ਸਿਪਾਹੀ ਵਾਲਾ ਗੁਣ ਵੀ ਸਿੱਖ ਜੀਵਨ ਦਾ ਅਟੁੱਟ ਹਿੱਸਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਧ ਰਹੇ ਨਸ਼ਿਆਂ, ਨੌਜਵਾਨਾਂ ਦੇ ਆਪਣੇ ਵਿਰਸੇ ਤੋਂ ਦੂਰ ਹੋਣ ਅਤੇ ਸਿੱਖ ਸੰਸਥਾਵਾਂ 'ਤੇ ਉੱਠ ਰਹੇ ਸਵਾਲਾਂ ਦੇ ਮਾਹੌਲ ਵਿੱਚ ਮੀਰੀ-ਪੀਰੀ ਖਾਲਸਾ ਮਾਰਚ ਗੁਰਮਤਿ, ਚੜ੍ਹਦੀ ਕਲਾ ਅਤੇ ਪੰਥਕ ਜਾਗਰੂਕਤਾ ਦਾ ਸੰਦੇਸ਼ ਲੈ ਕੇ ਨਿਕਲਿਆ ਹੈ। ਇਸ ਯਾਤਰਾ ਨੇ ਨੌਜਵਾਨਾਂ ਵਿੱਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ ਅਤੇ ਕਈ ਨੌਜਵਾਨਾਂ ਨੇ ਸਿੱਖੀ ਸਰੂਪ ਵਿੱਚ ਰਹਿਣ ਦਾ ਪ੍ਰਣ ਵੀ ਲਿਆ ਹੈ।
ਗਿਆਨੀ ਗੜਗੱਜ ਨੇ ਕਿਹਾ ਕਿ ਧਰਮ ਦੇ ਪ੍ਰਚਾਰ ਅਤੇ ਗੁਰੂ ਘਰ ਦੀ ਮਰਯਾਦਾ 'ਤੇ ਸਵਾਲ ਚੁੱਕਣ ਵਾਲੀ ਸੋਚ ਤੋਂ ਸਿੱਖ ਕੌਮ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਸੋਚ ਹੈ ਜੋ ਪਹਿਲਾਂ ਵੀ ਗੁਰੂ ਘਰਾਂ ਅਤੇ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਦੀ ਰਹੀ ਹੈ, ਪਰ ਪੰਥ ਨੇ ਕਦੇ ਵੀ ਅਜਿਹੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਅਤੇ ਅੱਗੇ ਵੀ ਨਹੀਂ ਹੋਣ ਦੇਵੇਗਾ।
ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਅਰਦਾਸ ਅਤੇ ਪਾਵਨ ਹੁਕਮਨਾਮੇ ਉਪਰੰਤ ਯਾਤਰਾ ਦੀ ਸ਼ੁਰੂਆਤ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਕੀਤਾ ਗਿਆ, ਜਦਕਿ ਚੌਰ ਸਾਹਿਬ ਦੀ ਸੇਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ।
ਖਾਲਸਾ ਮਾਰਚ ਨੂੰ ਰਸਤੇ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਮਿਲਿਆ। ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਵੱਡੀ ਗਿਣਤੀ ਸੰਗਤਾਂ ਨੇ ਮਾਰਚ ਦਾ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਪੰਜ ਪਿਆਰੇ ਸਾਹਿਬਾਨ, ਜਥੇਦਾਰ ਸਾਹਿਬ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।
ਰਾਤ ਦਾ ਪੜਾਅ ਗੁਰਦੁਆਰਾ ਹਾਜੀਰਤਨ ਸਾਹਿਬ, ਬਠਿੰਡਾ ਵਿਖੇ ਰੱਖਿਆ ਗਿਆ, ਜਿੱਥੋਂ ਮਾਰਚ ਭਲਕੇ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਨਾਲ ਸਜੀ ਬੱਸ ਅਤੇ ਸ਼ਹੀਦਾਂ ਦੇ ਚਿੱਤਰਾਂ ਵਾਲੀਆਂ ਗੱਡੀਆਂ ਵੀ ਸੰਗਤਾਂ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਬਣੀਆਂ ਰਹੀਆਂ। ਵੱਡੀ ਗਿਣਤੀ ਵਿੱਚ ਧਾਰਮਿਕ, ਪੰਥਕ ਅਤੇ ਸਮਾਜਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਇਸ ਮੌਕੇ ਹਾਜ਼ਰ ਰਹੀਆਂ।
Get all latest content delivered to your email a few times a month.