ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੂਰੇ ਜਾਹੋ-ਜਲਾਲ ਨਾਲ ਸ਼ੁਰੂ ਹੋਇਆ 'ਮੀਰੀ ਪੀਰੀ ਖ਼ਾਲਸਾ ਮਾਰਚ' ਮੰਗਲਵਾਰ ਨੂੰ ਬਠਿੰਡਾ ਦੇ ਇਤਿਹਾਸਕ ਗੁਰਦੁਆਰਾ ਹਾਜੀ ਰਤਨ ਸਾਹਿਬ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਹ ਮਾਰਚ ਦੇਰ ਸ਼ਾਮ ਸਿੱਖ ਕੌਮ ਦੇ ਚੌਥੇ ਤਖ਼ਤ, ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਪਹੁੰਚ ਕੇ ਸੰਪੂਰਨ ਹੋਵੇਗਾ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਉਚੇਚੇ ਤੌਰ 'ਤੇ ਪੁੱਜੇ। ਫੁੱਲਾਂ ਨਾਲ ਸਜੀ ਆਕਰਸ਼ਕ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਮਾਰਚ ਦੌਰਾਨ ਗਤਕਾ ਟੀਮਾਂ ਨੇ ਆਪਣੇ ਅਦਭੁਤ ਜੌਹਰ ਵਿਖਾਏ। ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚਾਲੇ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਨਗਰ ਕੀਰਤਨ 'ਚ ਹਾਜ਼ਰੀ ਭਰੀ।
ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਅੰਦਰ ਦਿਨੋ-ਦਿਨ ਵਧ ਰਹੇ ਨਸ਼ਿਆਂ ਦੇ ਕੋੜ੍ਹ 'ਤੇ ਗੰਭੀਰ ਚਿੰਤਾ ਪ੍ਰਗਟਾਈ। ਬੀਤੇ ਦਿਨੀਂ ਵਿਧਾਨ ਸਭਾ ਅੰਦਰ ਪੁੱਛੇ ਗਏ ਸਵਾਲਾਂ 'ਤੇ ਸਪੀਕਰ ਵੱਲੋਂ ਦਿੱਤੇ ਜਵਾਬ 'ਤੇ ਤਿੱਖੀ ਟਿੱਪਣੀ ਕਰਦਿਆਂ ਸਿੰਘ ਸਾਹਿਬ ਨੇ ਸਪੱਸ਼ਟ ਕੀਤਾ:
"ਜਦੋਂ ਤੱਕ ਕਾਨੂੰਨ ਵਿੱਚ ਲੋੜੀਂਦੀ ਸੋਧ ਨਹੀਂ ਕੀਤੀ ਜਾਂਦੀ, ਉਦੋਂ ਤੱਕ ਖ਼ਾਲਸਾ ਪੰਥ ਅਜਿਹੇ ਕਾਲੇ ਕਾਨੂੰਨਾਂ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ।"
ਓਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸ਼ਾਸਨ ਨੂੰ ਖ਼ਾਲਸਾ ਪੰਥ ਦੇ ਅੰਦਰੂਨੀ ਮਾਮਲਿਆਂ ਅਤੇ ਕੰਮਕਾਜ ਵਿੱਚ ਬਿਨਾਂ ਵਜ੍ਹਾ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਜੇਕਰ ਸਰਕਾਰ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਈ, ਤਾਂ ਆਉਣ ਵਾਲੇ ਸਮੇਂ ਵਿੱਚ ਕੌਮ ਇਸ ਦਾ ਮੂੰਹਤੋੜ ਜਵਾਬ ਦੇਵੇਗੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਪਤਿਤਪੁਣੇ ਅਤੇ ਨਸ਼ਿਆਂ ਦੀ ਦਲਦਲ 'ਚੋਂ ਕੱਢ ਕੇ ਸਿੱਖੀ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਦਾ ਇਹ ਮਾਰਚ ਇੱਕ ਮੀਲ ਦਾ ਪੱਥਰ ਸਾਬਤ ਹੋ ਰਿਹਾ ਹੈ। ਇਸ ਮਾਰਚ ਨੂੰ ਸਾਰੀਆਂ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਅਤੇ ਸਹਿਯੋਗ ਮਿਲ ਰਿਹਾ ਹੈ।
Get all latest content delivered to your email a few times a month.