IMG-LOGO
ਹੋਮ ਪੰਜਾਬ: ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ 'ਤੇ ਤਿੱਖੀ ਚਰਚਾ, CM...

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ 'ਤੇ ਤਿੱਖੀ ਚਰਚਾ, CM ਮਾਨ ਨੇ ਕੇਂਦਰ ਸਰਕਾਰ ਦੀ ਨੀਤੀ 'ਤੇ ਚੁੱਕੇ ਸਵਾਲ

Admin User - Aug 04, 2026 03:59 PM
IMG

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਈ-20 ਪੈਟਰੋਲ ਦਾ ਮੁੱਦਾ ਸਦਨ ਵਿੱਚ ਗੂੰਜਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਈ-20 ਪੈਟਰੋਲ ਦੇ ਵਿਰੋਧ ਵਿੱਚ ਮਤਾ ਪੇਸ਼ ਕਰਦਿਆਂ ਕਿਹਾ ਕਿ ਈਥਾਨੌਲ ਮਿਲੇ ਪੈਟਰੋਲ ਦੀ ਵਰਤੋਂ ਨਾਲ ਦੇਸ਼ ਭਰ ਦੇ ਕਰੋੜਾਂ ਵਾਹਨ ਮਾਲਕ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਸਦਨ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਈ-20 ਅਤੇ ਆਮ ਪੈਟਰੋਲ ਵਿੱਚੋਂ ਆਪਣੀ ਪਸੰਦ ਦਾ ਇੰਧਨ ਚੁਣਨ ਦਾ ਅਧਿਕਾਰ ਦਿੱਤਾ ਜਾਵੇ।

ਚੀਮਾ ਨੇ ਇਹ ਵੀ ਮੰਗ ਕੀਤੀ ਕਿ ਈ-20 ਪੈਟਰੋਲ ਦੇ ਵਾਹਨਾਂ 'ਤੇ ਪੈਣ ਵਾਲੇ ਪ੍ਰਭਾਵਾਂ ਦਾ ਵਿਗਿਆਨਕ ਮੁਲਾਂਕਣ ਕਰਨ ਲਈ ਮਾਹਿਰਾਂ ਅਤੇ ਸੂਬਿਆਂ ਦੇ ਨੁਮਾਇੰਦਿਆਂ ਦੀ ਇੱਕ ਸੁਤੰਤਰ ਕਮੇਟੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਈ-20 ਕਾਰਨ ਕਿਸੇ ਵਾਹਨ ਨੂੰ ਨੁਕਸਾਨ ਪਹੁੰਚਦਾ ਹੈ ਤਾਂ ਉਸ ਦੇ ਮਾਲਕਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਦੋਸ਼ ਲਾਇਆ ਕਿ ਈ-20 ਪੈਟਰੋਲ ਨੂੰ ਬਿਨਾਂ ਪੂਰੀ ਖੋਜ ਅਤੇ ਮਾਹਿਰਾਂ ਦੀ ਰਾਇ ਲਏ ਜਲਦਬਾਜ਼ੀ ਵਿੱਚ ਲਾਗੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਹੈ ਅਤੇ ਸਰਕਾਰ ਨੂੰ ਇਸ ਦੇ ਪ੍ਰਭਾਵਾਂ ਬਾਰੇ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ।

ਸੀਐਮ ਮਾਨ ਨੇ ਦਾਅਵਾ ਕੀਤਾ ਕਿ 45 ਹਜ਼ਾਰ ਵਾਹਨਾਂ 'ਤੇ ਕੀਤੇ ਗਏ ਇੱਕ 'ਲੋਕਲ ਸਰਕਲਸ' ਸਰਵੇ ਵਿੱਚ 67 ਫ਼ੀਸਦੀ ਵਾਹਨ ਮਾਲਕਾਂ ਨੇ ਮਾਈਲੇਜ਼ ਘਟਣ ਦੀ ਸ਼ਿਕਾਇਤ ਕੀਤੀ, ਜਦਕਿ ਇਨ੍ਹਾਂ ਵਿੱਚੋਂ 45 ਫ਼ੀਸਦੀ ਨੇ ਇੰਜਣ ਨਾਲ ਸੰਬੰਧਿਤ ਸਮੱਸਿਆਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਲੋਕ ਆਪਣੀ ਮਿਹਨਤ ਦੀ ਕਮਾਈ ਨਾਲ ਵਾਹਨ ਖਰੀਦਦੇ ਹਨ, ਇਸ ਲਈ ਇੰਜਣ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਬਹੁਤ ਗੰਭੀਰ ਮਾਮਲਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਇਸ ਮੁੱਦੇ ਨੂੰ ਲਗਾਤਾਰ ਉਠਾ ਰਹੇ ਹਨ ਅਤੇ ਇਸ ਸਬੰਧੀ ਦੋ ਲੱਖ ਤੋਂ ਵੱਧ ਲੋਕਾਂ ਦੇ ਦਸਤਖ਼ਤਾਂ ਵਾਲੀ ਪਟੀਸ਼ਨ ਪ੍ਰਧਾਨ ਮੰਤਰੀ ਨੂੰ ਸੌਂਪੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਕੇਂਦਰ ਸਰਕਾਰ ਵੀ ਮੰਨ ਰਹੀ ਹੈ ਕਿ ਈ-20 ਪੈਟਰੋਲ ਕਾਰਨ ਵਾਹਨਾਂ ਦੀ ਮਾਈਲੇਜ਼ ਵਿੱਚ ਲਗਭਗ 6 ਫ਼ੀਸਦੀ ਤੱਕ ਕਮੀ ਆ ਸਕਦੀ ਹੈ, ਜਿਸ ਦਾ ਜ਼ਿਕਰ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਸੰਸਦ ਵਿੱਚ ਵੀ ਕੀਤਾ ਗਿਆ ਸੀ।

ਆਪਣੇ ਸੰਬੋਧਨ ਦੌਰਾਨ ਸੀਐਮ ਮਾਨ ਨੇ ਈਥਾਨੌਲ ਨੂੰ "ਚੀਨੀ ਦੀ ਭੈਣ" ਕਰਾਰ ਦਿੰਦਿਆਂ ਕਿਹਾ ਕਿ ਜਿਵੇਂ ਪਹਿਲਾਂ ਵਾਹਨ ਖਰਾਬ ਕਰਨ ਲਈ ਪੈਟਰੋਲ ਵਿੱਚ ਚੀਨੀ ਪਾਈ ਜਾਂਦੀ ਸੀ, ਉਸੇ ਤਰ੍ਹਾਂ ਈਥਾਨੌਲ ਮਿਲੇ ਪੈਟਰੋਲ ਨਾਲ ਵੀ ਇੰਜਣਾਂ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਲੋਕਾਂ ਦੇ ਵਾਹਨਾਂ ਨੂੰ ਨੁਕਸਾਨ ਪਹੁੰਚਾਉਣਾ ਠੀਕ ਨਹੀਂ ਹੈ।

ਸੀਐਮ ਮਾਨ ਨੇ ਇਸ ਮਾਮਲੇ ਨੂੰ ਅਮਰੀਕਾ ਨਾਲ ਹੋਣ ਵਾਲੀ ਟ੍ਰੇਡ ਡੀਲ ਨਾਲ ਵੀ ਜੋੜਿਆ। ਉਨ੍ਹਾਂ ਕਿਹਾ ਕਿ ਅਮਰੀਕਾ ਦੁਨੀਆ ਦਾ ਸਭ ਤੋਂ ਵੱਡਾ ਈਥਾਨੌਲ ਉਤਪਾਦਕ ਦੇਸ਼ ਹੈ ਅਤੇ ਭਾਰਤ ਵੱਲੋਂ ਈਥਾਨੌਲ ਦੀ ਖਰੀਦ ਵਿੱਚ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਅਮਰੀਕਾ ਨੂੰ ਵੱਡਾ ਆਰਥਿਕ ਲਾਭ ਮਿਲੇਗਾ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਉਠਾਏ ਜਾ ਰਹੇ ਸਵਾਲ ਵਾਜਬ ਹਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਬੰਧੀ ਵੀ ਤਿੱਖੀਆਂ ਸਿਆਸੀ ਟਿੱਪਣੀਆਂ ਕੀਤੀਆਂ। ਉਨ੍ਹਾਂ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਅਮਰੀਕਾ ਨਾਲ ਵਪਾਰਕ ਸਮਝੌਤਿਆਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਦੇਸ਼ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.