IMG-LOGO
ਹੋਮ ਪੰਜਾਬ: ਖੰਨਾ ਪੁਲਿਸ ਦੀ ਵੱਡੀ ਕਾਰਵਾਈ: ਲੁਟੇਰਾ ਗਿਰੋਹ ਦੇ 4 ਮੈਂਬਰ...

ਖੰਨਾ ਪੁਲਿਸ ਦੀ ਵੱਡੀ ਕਾਰਵਾਈ: ਲੁਟੇਰਾ ਗਿਰੋਹ ਦੇ 4 ਮੈਂਬਰ ਕਾਬੂ, ਸੋਨੇ ਦੇ ਗਹਿਣੇ ਤੇ ਚੋਰੀ ਦਾ ਮੋਟਰਸਾਈਕਲ ਬਰਾਮਦ

Admin User - Aug 05, 2026 05:11 PM
IMG

ਖੰਨਾ ਪੁਲਿਸ ਨੇ ਸੰਗਠਿਤ ਅਪਰਾਧ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਸਰਗਰਮ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਸੋਨੇ ਦੇ ਗਹਿਣੇ, ਚੋਰੀ ਦਾ ਮੋਟਰਸਾਈਕਲ ਅਤੇ ਵਾਰਦਾਤਾਂ ਵਿੱਚ ਵਰਤਿਆ ਜਾਣ ਵਾਲਾ ਹਥਿਆਰ ਵੀ ਬਰਾਮਦ ਕੀਤਾ ਹੈ। ਹਾਲਾਂਕਿ ਗਿਰੋਹ ਦਾ ਇੱਕ ਹੋਰ ਮੈਂਬਰ ਅਜੇ ਵੀ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲੀ ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਪੀ (ਜਾਂਚ) ਪਵਨਜੀਤ ਨੇ ਦੱਸਿਆ ਕਿ ਸਿਟੀ ਥਾਣਾ-2 ਦੇ ਐਸਐਚਓ ਤਰਵਿੰਦਰ ਕੁਮਾਰ ਦੀ ਟੀਮ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ। ਇਸ ਸੂਚਨਾ ਦੇ ਆਧਾਰ 'ਤੇ ਰਾਜਧਾਨੀ ਇਨਕਲੇਵ ਨੇੜੇ ਮਲੇਰਕੋਟਲਾ ਰੋਡ 'ਤੇ ਨਾਕਾਬੰਦੀ ਕੀਤੀ ਗਈ, ਜਿੱਥੋਂ ਯਾਦਵਿੰਦਰ ਸਿੰਘ ਉਰਫ਼ ਜਿੰਮੀ, ਅਸਲਮ ਮੁਹੰਮਦ ਉਰਫ਼ ਆਸ਼ੂ, ਸੁਖਦੀਪ ਸਿੰਘ ਉਰਫ਼ ਪੋਪੋ ਅਤੇ ਦਵਿੰਦਰ ਕੌਰ ਨੂੰ ਕਾਬੂ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਰਹਿਣ ਵਾਲੇ ਹਨ, ਜਦਕਿ ਗੁਰਮੀਤ ਕੌਰ ਨਾਮ ਦੀ ਇੱਕ ਹੋਰ ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਖੰਨਾ ਸਮੇਤ ਸਮਰਾਲਾ, ਫਤਹਿਗੜ੍ਹ ਸਾਹਿਬ, ਮਾਲੇਰਕੋਟਲਾ, ਪਟਿਆਲਾ, ਲੁਧਿਆਣਾ ਦਿਹਾਤੀ ਅਤੇ ਬਰਨਾਲਾ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਕਰੀਬ 12 ਤੋਂ 13 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਗਿਰੋਹ ਦੇ ਮੈਂਬਰ ਖਾਸ ਕਰਕੇ ਰਾਹਗੀਰਾਂ, ਬਜ਼ੁਰਗਾਂ, ਔਰਤਾਂ ਅਤੇ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਅਤੇ ਉਨ੍ਹਾਂ ਤੋਂ ਮੋਬਾਈਲ ਫੋਨ, ਨਕਦੀ, ਸੋਨੇ ਦੀਆਂ ਚੇਨਾਂ, ਵਾਲੀਆਂ ਅਤੇ ਹੋਰ ਕੀਮਤੀ ਸਾਮਾਨ ਖੋਹ ਲੈਂਦੇ ਸਨ। ਇਸ ਤੋਂ ਇਲਾਵਾ ਇਹ ਸਕੂਟਰਾਂ ਅਤੇ ਮੋਟਰਸਾਈਕਲਾਂ ਦੀ ਚੋਰੀ ਦੀਆਂ ਘਟਨਾਵਾਂ ਵਿੱਚ ਵੀ ਸ਼ਾਮਲ ਰਹੇ ਹਨ।

ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ ਸੋਨੇ ਦੀਆਂ ਚੇਨਾਂ, ਚਾਰ ਜੋੜੇ ਸੋਨੇ ਦੀਆਂ ਵਾਲੀਆਂ, ਇੱਕ ਬਿਨਾਂ ਨੰਬਰੀ ਪਲਸਰ ਮੋਟਰਸਾਈਕਲ ਅਤੇ ਇੱਕ ਲੋਹੇ ਦਾ ਦਾਹ ਬਰਾਮਦ ਕੀਤਾ ਗਿਆ ਹੈ। ਪੁਲਿਸ ਦਾ ਮੰਨਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਕਈ ਅਣਸੁਲਝੀਆਂ ਵਾਰਦਾਤਾਂ ਦੇ ਵੀ ਖੁਲਾਸੇ ਹੋ ਸਕਦੇ ਹਨ।

ਖੰਨਾ ਪੁਲਿਸ ਨੇ ਕਿਹਾ ਹੈ ਕਿ ਸੰਗਠਿਤ ਅਪਰਾਧ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਫਰਾਰ ਮੁਲਜ਼ਮ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.