ਤਾਜਾ ਖਬਰਾਂ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਇੱਕ ਹੋਰ ਵੱਡੀ ਸਫ਼ਲਤਾ ਦਰਜ ਕਰਦਿਆਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਪੂਰੇ ਨਸ਼ਾ ਤਸਕਰੀ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਹ ਸਫ਼ਲਤਾ ਖੁਫੀਆ ਸੂਚਨਾ ਅਤੇ ਤਕਨੀਕੀ ਨਿਗਰਾਨੀ ਦੇ ਆਧਾਰ ‘ਤੇ ਹਾਸਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ੍ਰੇਸ਼ਨ ਪ੍ਰਹਾਰ 4.0’ ਤਹਿਤ ਇਕੱਠੀ ਕੀਤੀ ਗਈ ਜਾਣਕਾਰੀ ‘ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਨਸ਼ਾ ਤਸਕਰਾਂ ਖ਼ਿਲਾਫ਼ ਅਹਿਮ ਸਫ਼ਲਤਾਵਾਂ ਮਿਲ ਰਹੀਆਂ ਹਨ।
ਐਸਐਸਪੀ ਅਨੁਸਾਰ ਘਰਿੰਡਾ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਮੋਟਰਸਾਈਕਲ ‘ਤੇ ਆ ਰਹੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਘਰਿੰਡਾ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।
ਇਸੇ ਮੁਹਿੰਮ ਤਹਿਤ ਪੁਲਿਸ ਨੇ ਧਨੋਏ ਪਿੰਡ ਨੇੜੇ ਇੱਕ ਹੋਰ ਕਾਰਵਾਈ ਕੀਤੀ, ਜਿੱਥੇ ਡਰੋਨ ਰਾਹੀਂ ਸਰਹੱਦ ਪਾਰੋਂ ਸੁੱਟੀ ਗਈ 5 ਕਿਲੋ ਹੈਰੋਇਨ ਦੀ ਖੇਪ ਨੂੰ ਚੁੱਕਣ ਦੀ ਕੋਸ਼ਿਸ਼ ਕਰ ਰਹੇ ਇੱਕ ਹੋਰ ਸ਼ੱਕੀ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਤਰ੍ਹਾਂ ਦੋਵਾਂ ਕਾਰਵਾਈਆਂ ਵਿੱਚ ਕੁੱਲ 15 ਕਿਲੋ ਹੈਰੋਇਨ ਬਰਾਮਦ ਹੋਈ ਅਤੇ ਤਿੰਨ ਮੁਲਜ਼ਮ ਪੁਲਿਸ ਦੇ ਹੱਥ ਲੱਗੇ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂੰ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਸਮੇਤ ਤਿੰਨ ਵਿਅਕਤੀਆਂ ਵਜੋਂ ਕੀਤੀ ਗਈ ਹੈ। ਪੁਲਿਸ ਮੁਤਾਬਕ ਜਸਬੀਰ ਸਿੰਘ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ, ਜਦਕਿ ਅੰਮ੍ਰਿਤਪਾਲ ਸਿੰਘ ਦਾ ਨਾਮ ਪਹਿਲਾਂ ਗੋਲੀਬਾਰੀ ਦੇ ਇੱਕ ਮਾਮਲੇ ਵਿੱਚ ਵੀ ਸਾਹਮਣੇ ਆ ਚੁੱਕਾ ਹੈ। ਸਾਰੇ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹੈਰੋਇਨ ਦੀ ਖੇਪ ਕਿਸ ਨੇ ਭੇਜੀ, ਇਸ ਦਾ ਅਸਲ ਖਰੀਦਦਾਰ ਕੌਣ ਸੀ, ਇਹ ਕਿੱਥੇ ਪਹੁੰਚਾਈ ਜਾਣੀ ਸੀ ਅਤੇ ਇਸ ਤਸਕਰੀ ਗਿਰੋਹ ਨਾਲ ਹੋਰ ਕਿਹੜੇ ਲੋਕ ਜੁੜੇ ਹੋਏ ਹਨ। ਪੁਲਿਸ ਮੋਬਾਈਲ ਫੋਨ, ਸੋਸ਼ਲ ਮੀਡੀਆ ਖਾਤਿਆਂ ਅਤੇ ਹੋਰ ਡਿਜ਼ੀਟਲ ਸਬੂਤਾਂ ਦੀ ਵੀ ਜਾਂਚ ਕਰ ਰਹੀ ਹੈ।
ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਸਰਹੱਦ ਪਾਰ ਬੈਠੀਆਂ ਏਜੰਸੀਆਂ, ਖ਼ਾਸ ਕਰਕੇ ਆਈਐਸਆਈ, ਪੰਜਾਬ ਵਿੱਚ ਡਰੋਨਾਂ ਅਤੇ ਸੋਸ਼ਲ ਮੀਡੀਆ ਰਾਹੀਂ ਨਸ਼ਾ ਤਸਕਰੀ ਦਾ ਜਾਲ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਅਜਿਹੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਸਾਈਬਰ ਨਿਗਰਾਨੀ ਹੋਰ ਮਜ਼ਬੂਤ ਕੀਤੀ ਹੈ ਅਤੇ ਸਰਹੱਦੀ ਇਲਾਕਿਆਂ ਵਿੱਚ ਖ਼ਾਸ ਚੌਕਸੀ ਵਰਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅਜਨਾਲਾ, ਰਾਜਾਸਾਂਸੀ, ਅਟਾਰੀ, ਰਾਮਦਾਸ, ਬਾਬਾ ਬਕਾਲਾ ਅਤੇ ਹੋਰ ਸਰਹੱਦੀ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੁਲਿਸ ਟੀਮਾਂ ਗੁਰਦੁਆਰਿਆਂ, ਸਕੂਲਾਂ ਅਤੇ ਜਨਤਕ ਥਾਵਾਂ ‘ਤੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਅਤੇ ਸੋਸ਼ਲ ਮੀਡੀਆ ਰਾਹੀਂ ਹੋ ਰਹੀਆਂ ਠੱਗੀਆਂ ਅਤੇ ਸਾਜ਼ਿਸ਼ਾਂ ਬਾਰੇ ਜਾਣਕਾਰੀ ਦੇ ਰਹੀਆਂ ਹਨ।
ਐਸਐਸਪੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ‘ਆਪ੍ਰੇਸ਼ਨ ਪ੍ਰਹਾਰ’ ਲਗਾਤਾਰ ਜਾਰੀ ਰਹੇਗਾ ਅਤੇ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਾ ਤਸਕਰੀ ਜਾਂ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।
Get all latest content delivered to your email a few times a month.