ਤਾਜਾ ਖਬਰਾਂ
ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੀ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇੱਕ ਮਹਿਲਾ ਵਿਧਾਇਕ ਨੂੰ ਸੱਤਾ ਧਿਰ ਦੇ ਵਿਧਾਇਕਾਂ ਵੱਲੋਂ ਘੇਰ ਕੇ ਧਮਕਾਉਣ ਦੀ ਕੋਸ਼ਿਸ਼ ਕਰਨਾ ਲੋਕਤੰਤਰ ਦੀ ਮਰਿਆਦਾ ਦੇ ਖ਼ਿਲਾਫ਼ ਹੈ ਅਤੇ ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਰਗੇ ਮਾਣਯੋਗ ਸਦਨ ਵਿੱਚ ਇਸ ਤਰ੍ਹਾਂ ਦਾ ਵਰਤਾਓ ਕਿਸੇ ਵੀ ਹਾਲਤ ਵਿੱਚ ਕਬੂਲਯੋਗ ਨਹੀਂ ਹੋ ਸਕਦਾ।
ਹਰਸਿਮਰਤ ਬਾਦਲ ਨੇ ਇਸ ਮਾਮਲੇ 'ਤੇ ਸਦਨ ਵਿੱਚ ਮੌਜੂਦ ਮਹਿਲਾ ਵਿਧਾਇਕਾਂ ਦੀ ਚੁੱਪੀ 'ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਉਮੀਦ ਸੀ ਕਿ ਮਹਿਲਾ ਵਿਧਾਇਕ ਗਨੀਵ ਕੌਰ ਮਜੀਠੀਆ ਦੇ ਹੱਕ ਵਿੱਚ ਆਵਾਜ਼ ਉਠਾਉਣਗੀਆਂ, ਪਰ ਉਹ ਸੱਤਾ ਪੱਖ ਦੇ ਪੁਰਸ਼ ਵਿਧਾਇਕਾਂ ਦੇ ਨਾਲ ਖੜ੍ਹੀਆਂ ਨਜ਼ਰ ਆਈਆਂ, ਜਿਸ ਨਾਲ ਮਹਿਲਾ ਸਨਮਾਨ ਨੂੰ ਝਟਕਾ ਲੱਗਿਆ ਹੈ।
ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਧਾਇਕਾਂ ਨੂੰ ਭੇਜੀ ਗਈ ਚਿੱਠੀ ਵੀ ਦਿਖਾਈ। ਉਨ੍ਹਾਂ ਦੱਸਿਆ ਕਿ ਚਿੱਠੀ ਵਿੱਚ ਸਪੱਸ਼ਟ ਹਦਾਇਤ ਦਿੱਤੀ ਗਈ ਹੈ ਕਿ ਜੇਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਜਾਗਤ ਜੋਤ) ਬਿੱਲ 'ਤੇ ਚਰਚਾ ਹੁੰਦੀ ਹੈ ਤਾਂ ਸਾਰੇ ਵਿਧਾਇਕ ਇਹ ਮੰਗ ਕਰਨ ਕਿ ਜਦ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਇਸ ਬਿੱਲ ਨਾਲ ਸੰਤੁਸ਼ਟ ਨਹੀਂ ਹੁੰਦੇ, ਉਦੋਂ ਤੱਕ ਇਸ ਨੂੰ ਪਾਸ ਨਾ ਕੀਤਾ ਜਾਵੇ।
ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਵਰਗਾਂ ਦੇ ਮੁਲਾਜ਼ਮ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਲਾਠੀਚਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀਆਂ ਤੋਂ ਲੈ ਕੇ ਠੇਕੇ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਤੱਕ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹੈ ਅਤੇ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ।
ਪੇਪਰ ਲੀਕ ਮਾਮਲੇ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਪੰਜਾਬ ਵਿੱਚ ਹੁਣ ਤੱਕ 11 ਤੋਂ 12 ਪੇਪਰ ਲੀਕ ਹੋ ਚੁੱਕੇ ਹਨ, ਪਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇਸ ਨੂੰ ਪੇਪਰ ਲੀਕ ਮੰਨਣ ਦੀ ਬਜਾਏ ਸਿਰਫ਼ ਨਕਲ ਦਾ ਮਾਮਲਾ ਦੱਸ ਰਹੇ ਹਨ। ਹਰਸਿਮਰਤ ਬਾਦਲ ਨੇ ਕਿਹਾ ਕਿ 12ਵੀਂ ਜਮਾਤ ਦਾ ਪੇਪਰ ਸਿੱਖਿਆ ਵਿਭਾਗ ਅਧੀਨ ਲੀਕ ਹੋਇਆ ਸੀ, ਇਸ ਲਈ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਜੇ ਇਹ ਮਾਮਲਾ ਸਿੱਖਿਆ ਵਿਭਾਗ ਨਾਲ ਨਹੀਂ ਜੁੜਿਆ, ਤਾਂ ਫਿਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਅਸਤੀਫ਼ੇ ਦੀ ਮੰਗ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪੇਪਰ ਲੀਕ ਅਤੇ ਨਕਲ ਦੇ ਮਾਮਲਿਆਂ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
Get all latest content delivered to your email a few times a month.