ਤਾਜਾ ਖਬਰਾਂ
ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀਏ) ਦੀ ਕਿਸ਼ਤ ਜਾਰੀ ਨਾ ਕਰਨ ਨੂੰ ਸੂਬੇ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਆਪਣੀ ਵਿੱਤੀ ਹਾਲਤ ਕਮਜ਼ੋਰ ਹੋਣ ਦਾ ਹਵਾਲਾ ਦੇ ਰਹੀ ਹੈ, ਜਦਕਿ ਦੂਜੇ ਪਾਸੇ ਮੁੱਖ ਮੰਤਰੀ ਜਨਤਕ ਮੰਚਾਂ ਤੋਂ ਸੂਬੇ ਦਾ ਖ਼ਜ਼ਾਨਾ ਭਰਪੂਰ ਹੋਣ ਦੇ ਦਾਅਵੇ ਕਰ ਰਹੇ ਹਨ। ਉਨ੍ਹਾਂ ਦੇ ਅਨੁਸਾਰ ਸਰਕਾਰ ਦੇ ਇਹ ਬਿਆਨ ਆਪਸ ਵਿੱਚ ਵਿਰੋਧੀ ਹਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਹਨ।
ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ 'ਤੇ ਕਰਜ਼ੇ ਦਾ ਬੋਝ 2.82 ਲੱਖ ਕਰੋੜ ਰੁਪਏ ਤੋਂ ਵੱਧ ਕੇ ਕਰੀਬ 4.5 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਇੰਨਾ ਵੱਡਾ ਕਰਜ਼ਾ ਲੈਣ ਦੇ ਬਾਵਜੂਦ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਨਾਲ ਜੁੜੇ ਵੱਡੇ ਵਿਕਾਸ ਕਾਰਜ ਨਜ਼ਰ ਨਹੀਂ ਆ ਰਹੇ। ਨਾਲ ਹੀ ਨਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਹੋਏ ਹਨ ਅਤੇ ਨਾ ਹੀ ਸਰਕਾਰੀ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਮਹਿੰਗਾਈ ਭੱਤਾ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰੀ ਧਨ ਵਿਕਾਸ ਦੀ ਥਾਂ ਇਸ਼ਤਿਹਾਰਬਾਜ਼ੀ ਅਤੇ ਸਿਆਸੀ ਪ੍ਰਚਾਰ 'ਤੇ ਖਰਚ ਕੀਤਾ ਜਾ ਰਿਹਾ ਹੈ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਹਰ ਚੋਣੀ ਵਾਅਦਾ ਪੂਰਾ ਕਰਨ ਦੀ ਗੱਲ ਕੀਤੀ ਸੀ, ਪਰ ਹੁਣ ਸਰਕਾਰ ਨਾ ਤਾਂ ਮੁਲਾਜ਼ਮਾਂ ਨੂੰ ਪੱਕਾ ਕਰ ਰਹੀ ਹੈ ਅਤੇ ਨਾ ਹੀ ਡੀਏ ਦੀ ਕਿਸ਼ਤ ਜਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਨੇ ਸਰਕਾਰ ਬਣਨ 'ਤੇ 'ਆਪ' ਦਾ ਸਮਰਥਨ ਕੀਤਾ ਸੀ, ਉਹੀ ਅੱਜ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ।
ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਭਾਜਪਾ ਸਰਕਾਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਆਪਣੇ ਕਰਮਚਾਰੀਆਂ ਲਈ ਲਗਾਤਾਰ ਮੁਲਾਜ਼ਮ ਪੱਖੀ ਫ਼ੈਸਲੇ ਲੈ ਰਹੀ ਹੈ ਅਤੇ ਮਹਿੰਗਾਈ ਭੱਤਾ ਵੀ ਸਮੇਂ-ਸਮੇਂ 'ਤੇ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਰੱਖਿਆ ਲਈ ਭਾਜਪਾ ਦਾ ਸਾਥ ਦੇਣ, ਤਾਂ ਜੋ ਭਵਿੱਖ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਸਕੇ।
Get all latest content delivered to your email a few times a month.