ਤਾਜਾ ਖਬਰਾਂ
ਪੰਜਾਬ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਵਧਦੀ ਖਿੱਚੋਤਾਣ ਹੁਣ ਪਾਰਟੀ ਹਾਈਕਮਾਨ ਲਈ ਗੰਭੀਰ ਚਿੰਤਾ ਦਾ ਕਾਰਨ ਬਣ ਗਈ ਹੈ। ਪਾਰਟੀ ਦੇ ਜਨਤਕ ਪ੍ਰੋਗਰਾਮਾਂ ਦੌਰਾਨ ਲਗਾਤਾਰ ਹੋ ਰਹੀ ਗੁੱਟਬੰਦੀ, ਨਾਅਰੇਬਾਜ਼ੀ, ਪੋਸਟਰਬਾਜ਼ੀ ਅਤੇ ਵਰਕਰਾਂ ਵਿਚਾਲੇ ਹਾਤਾਪਾਈ ਦੀਆਂ ਘਟਨਾਵਾਂ ਤੋਂ ਬਾਅਦ ਕੇਂਦਰੀ ਲੀਡਰਸ਼ਿਪ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਈ ਹੈ। ਸੂਤਰਾਂ ਅਨੁਸਾਰ ਹਾਈਕਮਾਨ ਨੇ ਇੱਕ ਵਿਸ਼ੇਸ਼ ਟੀਮ ਨੂੰ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ 'ਤੇ ਪਲ-ਪਲ ਦੀ ਨਜ਼ਰ ਰੱਖਣ ਅਤੇ ਇਸ ਦਾ ਡੂੰਘਾ ਵਿਸ਼ਲੇਸ਼ਣ ਕਰਕੇ ਰਾਹੁਲ ਗਾਂਧੀ ਦੇ ਦਫ਼ਤਰ ਨੂੰ ਵਿਸਥਾਰਤ ਰਿਪੋਰਟ ਸੌਂਪਣ ਦੀ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਇਹ ਜਾਂਚ ਕਰ ਰਹੀ ਹੈ ਕਿ ਇਹ ਵਿਵਾਦ ਸਿਰਫ਼ ਦੋ ਆਗੂਆਂ ਦੀ ਨਿੱਜੀ ਖ਼ਹਿਬੜ ਤੱਕ ਸੀਮਤ ਹੈ ਜਾਂ ਇਸ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਜ਼ਮੀਨੀ ਕਾਡਰ ਦਾ ਮਨੋਬਲ ਪ੍ਰਭਾਵਿਤ ਹੋ ਰਿਹਾ ਹੈ।
ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕਾਂਗਰਸ ਦੇ ਸੰਗਠਨਾਤਮਕ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਅਹਿਮ ਮੀਟਿੰਗ ਦੌਰਾਨ ਚੰਨੀ ਨੇ ਪੰਜਾਬ ਕਾਂਗਰਸ ਅੰਦਰ ਚੱਲ ਰਹੇ ਪੂਰੇ ਘਟਨਾਕ੍ਰਮ ਅਤੇ ਸੂਬਾ ਲੀਡਰਸ਼ਿਪ ਦੇ ਰਵੱਈਏ ਬਾਰੇ ਆਪਣਾ ਪੱਖ ਰੱਖਿਆ। ਜ਼ਿਕਰਯੋਗ ਹੈ ਕਿ ਪੰਜਾਬ ਇੰਚਾਰਜ ਭੂਪੇਸ਼ ਬਘੇਲ ਵੱਲੋਂ ਚਲਾਈ ਜਾ ਰਹੀ 'ਹਰ ਬੂਥ, ਕਾਂਗਰਸ ਮਜ਼ਬੂਤ' ਮੁਹਿੰਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ 'ਚ ਵੜਿੰਗ ਅਤੇ ਚੰਨੀ ਦੇ ਸਮਰਥਕਾਂ ਵਿਚਾਲੇ ਤਿੱਖਾ ਟਕਰਾਅ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ 'ਚ ਪ੍ਰੋਗਰਾਮਾਂ ਦੌਰਾਨ ਕੁਰਸੀਆਂ ਚੱਲਣ ਅਤੇ ਵਿਵਾਦਤ ਪੋਸਟਰ ਲੱਗਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਇਸ ਵੇਲੇ ਹਾਈਕਮਾਨ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਚੰਨੀ ਸਮਰਥਕਾਂ ਤੇ ਸੀਨੀਅਰ ਆਗੂਆਂ ਦੀ ਨਾਰਾਜ਼ਗੀ ਦੂਰ ਕਰਕੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਸਾਰੀਆਂ ਧਿਰਾਂ ਨੂੰ ਇੱਕਜੁੱਟ ਕਰਨਾ ਹੈ, ਜਿਸ ਲਈ ਆਉਣ ਵਾਲੇ ਦਿਨਾਂ 'ਚ ਦਿੱਲੀ 'ਚ ਹਾਈ-ਲੇਵਲ ਬੈਠਕ ਹੋਣ ਦੀ ਪੂਰੀ ਸੰਭਾਵਨਾ ਹੈ।
Get all latest content delivered to your email a few times a month.