ਤਾਜਾ ਖਬਰਾਂ
ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ GTC ਨਿਊਜ਼ ਚੈਨਲ ਵੱਲੋਂ ਬਿਨਾਂ ਅਧਿਕਾਰ ਗੁਰਬਾਣੀ ਦਾ ਲਾਈਵ ਪ੍ਰਸਾਰਣ ਕੀਤੇ ਜਾਣ 'ਤੇ ਸਖ਼ਤ ਰੁਖ ਅਪਣਾਉਂਦਿਆਂ ਚੈਨਲ ਨੂੰ ਕਾਨੂੰਨੀ ਨੋਟਿਸ ਭੇਜ ਦਿੱਤਾ ਹੈ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਰਾਖਵੇਂ ਹਨ ਅਤੇ ਕਿਸੇ ਵੀ ਸੰਸਥਾ ਜਾਂ ਚੈਨਲ ਨੂੰ ਬਿਨਾਂ ਮਨਜ਼ੂਰੀ ਇਹ ਪ੍ਰਸਾਰਣ ਕਰਨ ਦੀ ਆਗਿਆ ਨਹੀਂ ਹੈ।
ਧਾਮੀ ਨੇ ਦੱਸਿਆ ਕਿ GTC ਨਿਊਜ਼ ਨੂੰ ਪਹਿਲਾਂ ਚਿੱਠੀ ਭੇਜ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਸੀ, ਜਿਸ ਦਾ ਜਵਾਬ ਵੀ ਪ੍ਰਾਪਤ ਹੋਇਆ ਹੈ। ਇਸ ਦੇ ਨਾਲ ਹੀ ਬਿਨਾਂ ਇਜਾਜ਼ਤ ਲਾਈਵ ਪ੍ਰਸਾਰਣ ਕਰਨ ਦੇ ਮਾਮਲੇ ਵਿੱਚ ਚੈਨਲ ਨੂੰ ਕਾਨੂੰਨੀ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਅਤੇ ਤੁਰੰਤ ਪ੍ਰਸਾਰਣ ਬੰਦ ਕਰਨ ਲਈ ਕਿਹਾ ਗਿਆ ਹੈ।
ਇਸ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਵੀ ਨਿਸ਼ਾਨੇ 'ਤੇ ਲੈਂਦਿਆਂ SGPC ਪ੍ਰਧਾਨ ਨੇ ਦੋਸ਼ ਲਗਾਇਆ ਕਿ ਸਰਕਾਰ ਸਿੱਖਾਂ ਦੇ ਧਾਰਮਿਕ ਮਸਲਿਆਂ ਨੂੰ ਸਿਆਸੀ ਰੰਗ ਦੇ ਕੇ ਸੰਗਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਧਾਰਮਿਕ ਪ੍ਰਸਾਰਣ ਦੇ ਮਾਮਲਿਆਂ ਵਿੱਚ ਦਖ਼ਲ ਦੇਣਾ ਚਾਹੁੰਦੀ ਹੈ ਤਾਂ ਹੋਰ ਧਰਮਾਂ ਦੇ ਪ੍ਰਸਾਰਣ ਸਬੰਧੀ ਵੀ ਇੱਕੋ ਜਿਹਾ ਰਵੱਈਆ ਅਪਣਾਇਆ ਜਾਣਾ ਚਾਹੀਦਾ ਹੈ।
ਐਡਵੋਕੇਟ ਧਾਮੀ ਨੇ ਇਹ ਵੀ ਦਾਅਵਾ ਕੀਤਾ ਕਿ GTC ਨਿਊਜ਼ ਚੈਨਲ ਦਾ ਸਬੰਧ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨਾਲ ਹੈ। ਉਨ੍ਹਾਂ ਕਿਹਾ ਕਿ ਨਾ ਤਾਂ SGPC ਨਾਲ ਇਸ ਮਾਮਲੇ ਵਿੱਚ ਕੋਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਨਾ ਹੀ ਲਾਈਵ ਪ੍ਰਸਾਰਣ ਲਈ ਕੋਈ ਅਧਿਕਾਰਤ ਮਨਜ਼ੂਰੀ ਲਈ ਗਈ। ਉਨ੍ਹਾਂ ਸਵਾਲ ਉਠਾਇਆ ਕਿ ਕੀ ਇਹ ਸਾਰਾ ਮਾਮਲਾ ਸਿਆਸੀ ਦਖ਼ਲਅੰਦਾਜ਼ੀ ਅਤੇ ਸ਼ਕਤੀ ਪ੍ਰਦਰਸ਼ਨ ਦਾ ਹਿੱਸਾ ਹੈ।
SGPC ਪ੍ਰਧਾਨ ਨੇ ਦੁਹਰਾਇਆ ਕਿ ਗੁਰਬਾਣੀ ਦਾ ਪ੍ਰਸਾਰਣ ਸਿੱਖ ਪੰਥ ਦੀ ਮਰਿਆਦਾ ਅਤੇ ਪਰੰਪਰਾਵਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਬਾਣੀ ਦੀ ਪਵਿੱਤਰਤਾ ਅਤੇ ਮਰਿਆਦਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਜਾਰੀ ਰਹੇਗੀ।
Get all latest content delivered to your email a few times a month.