ਤਾਜਾ ਖਬਰਾਂ
ਆਜ਼ਾਦੀ ਦਿਵਸ 15 ਅਗਸਤ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਪੂਰੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਹਨ। ਪੁਲਿਸ ਵੱਲੋਂ ਰੇਲਵੇ ਸਟੇਸ਼ਨ, ਬੱਸ ਅੱਡਿਆਂ, ਹੋਟਲਾਂ, ਗੈਸਟ ਹਾਊਸਾਂ ਅਤੇ ਹੋਰ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਯਾਤਰੀਆਂ ਦੇ ਸਮਾਨ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ 'ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ।
ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਇਹ ਸੁਰੱਖਿਆ ਮੁਹਿੰਮ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਰ ਪੱਧਰ 'ਤੇ ਚੌਕਸੀ ਵਧਾਈ ਗਈ ਹੈ ਅਤੇ ਸ਼ਹਿਰ ਦੇ ਸਾਰੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਦੀ ਨਿਗਰਾਨੀ ਲਗਾਤਾਰ ਜਾਰੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਐਮਰਜੈਂਸੀ ਨੰਬਰ 112 ਜਾਂ ਪੁਲਿਸ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਜਾਵੇ। ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਕੇ ਵਸਤੂ ਦੀ ਜਾਂਚ ਕਰੇਗੀ ਅਤੇ ਲੋੜ ਪੈਣ 'ਤੇ ਸੁਰੱਖਿਆ ਮਾਪਦੰਡਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਡੀਸੀਪੀ ਨੇ ਹੋਟਲ ਮਾਲਕਾਂ, ਗੈਸਟ ਹਾਊਸ ਸੰਚਾਲਕਾਂ ਅਤੇ ਕਿਰਾਏ 'ਤੇ ਕਮਰੇ ਦੇਣ ਵਾਲਿਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਹਰ ਮਹਿਮਾਨ ਦੀ ਵੈਧ ਪਛਾਣ ਦੀ ਪੁਸ਼ਟੀ ਕਰਨ। ਬਿਨਾਂ ਆਈਡੀ ਕਿਸੇ ਵੀ ਵਿਅਕਤੀ ਨੂੰ ਠਹਿਰਾਉਣ ਤੋਂ ਬਚਿਆ ਜਾਵੇ, ਨਹੀਂ ਤਾਂ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ ਤੋਂ ਮਿਲ ਰਹੇ ਇਨਪੁਟ ਦੇ ਆਧਾਰ 'ਤੇ ਪੁਲਿਸ ਨੇ ਪੂਰੇ ਸ਼ਹਿਰ ਵਿੱਚ ਚੌਕਸੀ ਹੋਰ ਵਧਾ ਦਿੱਤੀ ਹੈ। ਸਾਰੇ ਥਾਣਿਆਂ ਨੂੰ 24 ਘੰਟੇ ਚੌਕਸ ਰਹਿਣ ਅਤੇ ਹਰ ਸ਼ੱਕੀ ਗਤੀਵਿਧੀ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਵਿਸ਼ੇਸ਼ ਮੁਹਿੰਮ ਦੌਰਾਨ ਐਂਟੀ ਡਾਗ ਸਕੁਆਡ ਦੀਆਂ ਟੀਮਾਂ ਵੀ ਪੁਲਿਸ ਨਾਲ ਮਿਲ ਕੇ ਰੇਲਵੇ ਸਟੇਸ਼ਨ ਅਤੇ ਆਸ-ਪਾਸ ਦੇ ਇਲਾਕਿਆਂ ਦੀ ਡੂੰਘਾਈ ਨਾਲ ਤਲਾਸ਼ੀ ਲੈ ਰਹੀਆਂ ਹਨ। ਪੁਲਿਸ ਨੇ ਸਪੱਸ਼ਟ ਕੀਤਾ ਕਿ ਇਹ ਚੈਕਿੰਗ ਮੁਹਿੰਮ 15 ਅਗਸਤ ਤੱਕ ਲਗਾਤਾਰ ਜਾਰੀ ਰਹੇਗੀ ਤਾਂ ਜੋ ਅੰਮ੍ਰਿਤਸਰ ਵਿੱਚ ਅਮਨ-ਕਾਨੂੰਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾ ਸਕੇ।
Get all latest content delivered to your email a few times a month.