ਤਾਜਾ ਖਬਰਾਂ
ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਵੀਰਵਾਰ ਨੂੰ ਸੁਪਰੀਮ ਕੋਰਟ ਨੇ ਉਸ ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਉਸ ਨੇ ਜ਼ਮਾਨਤ ਦੀਆਂ ਮੌਜੂਦਾ ਸ਼ਰਤਾਂ ਵਿੱਚ ਹੋਰ ਢਿੱਲ ਦੇਣ ਦੀ ਮੰਗ ਕੀਤੀ ਸੀ। ਆਸ਼ੀਸ਼ ਮਿਸ਼ਰਾ ਨੇ ਦਲੀਲ ਦਿੱਤੀ ਸੀ ਕਿ ਸਖ਼ਤ ਜ਼ਮਾਨਤ ਸ਼ਰਤਾਂ ਕਾਰਨ ਉਹ ਆਪਣੇ ਪਰਿਵਾਰਕ ਸਮਾਗਮਾਂ, ਖ਼ਾਸ ਕਰਕੇ ਆਪਣੀ ਧੀ ਦੇ ਜਨਮਦਿਨ ਵਰਗੇ ਮਹੱਤਵਪੂਰਨ ਮੌਕਿਆਂ ਵਿੱਚ ਸ਼ਾਮਲ ਨਹੀਂ ਹੋ ਸਕਦਾ।
ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਹੋਰ ਰਿਆਇਤ ਦੇਣ ਦਾ ਕੋਈ ਜਾਇਜ਼ ਆਧਾਰ ਨਹੀਂ ਬਣਦਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਸ ਪੜਾਅ 'ਤੇ ਪਹਿਲਾਂ ਲਗਾਈਆਂ ਗਈਆਂ ਸ਼ਰਤਾਂ ਵਿੱਚ ਤਬਦੀਲੀ ਦੀ ਲੋੜ ਨਹੀਂ ਹੈ ਅਤੇ ਇਸ ਕਾਰਨ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ।
ਸੁਣਵਾਈ ਦੌਰਾਨ ਸ਼ਿਕਾਇਤਕਰਤਾਵਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਟਰਾਇਲ ਦੀ ਪ੍ਰਕਿਰਿਆ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਦਲੀਲ ਦਿੱਤੀ ਕਿ ਟਰਾਇਲ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਨਾਂ 'ਤੇ ਕਈ ਮਹੱਤਵਪੂਰਨ ਗਵਾਹਾਂ ਨੂੰ ਗਵਾਹੀ ਦੇਣ ਦਾ ਮੌਕਾ ਨਹੀਂ ਮਿਲ ਰਿਹਾ। ਉਨ੍ਹਾਂ ਦਾ ਕਹਿਣਾ ਸੀ ਕਿ ਗਵਾਹਾਂ ਨੂੰ ਬਹੁਤ ਘੱਟ ਸਮੇਂ ਦੇ ਨੋਟਿਸ 'ਤੇ ਪੇਸ਼ ਹੋਣ ਲਈ ਕਿਹਾ ਜਾਂਦਾ ਹੈ ਅਤੇ ਜੇਕਰ ਉਹ ਹਾਜ਼ਰ ਨਾ ਹੋਣ ਤਾਂ ਉਨ੍ਹਾਂ ਦੇ ਨਾਮ ਗਵਾਹਾਂ ਦੀ ਸੂਚੀ ਵਿੱਚੋਂ ਹਟਾ ਦਿੱਤੇ ਜਾਂਦੇ ਹਨ।
ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਟਰਾਇਲ ਦੀ ਪ੍ਰਕਿਰਿਆ ਨਾਲ ਸੰਬੰਧਤ ਅਜਿਹੀਆਂ ਸ਼ਿਕਾਇਤਾਂ ਪਹਿਲਾਂ ਟਰਾਇਲ ਕੋਰਟ ਦੇ ਸਾਹਮਣੇ ਰੱਖੀਆਂ ਜਾਣੀਆਂ ਚਾਹੀਦੀਆਂ ਹਨ। ਸਿਖਰਲੀ ਅਦਾਲਤ ਨੇ ਇਸ ਮਾਮਲੇ ਵਿੱਚ ਕੋਈ ਵੱਖਰਾ ਹੁਕਮ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ।
ਗੌਰਤਲਬ ਹੈ ਕਿ 3 ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਵਾਹਨਾਂ ਵੱਲੋਂ ਭੀੜ ਨੂੰ ਟੱਕਰ ਮਾਰਨ ਦੀ ਘਟਨਾ ਵਿੱਚ ਚਾਰ ਕਿਸਾਨਾਂ, ਇੱਕ ਪੱਤਰਕਾਰ ਸਮੇਤ ਕੁੱਲ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਸ ਸੰਵੇਦਨਸ਼ੀਲ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਮੁੱਖ ਦੋਸ਼ੀਆਂ ਵਿੱਚ ਸ਼ਾਮਲ ਹੈ ਅਤੇ ਇਸ ਕੇਸ ਦੀ ਸੁਣਵਾਈ ਹਾਲੇ ਵੀ ਜਾਰੀ ਹੈ।
Get all latest content delivered to your email a few times a month.