ਤਾਜਾ ਖਬਰਾਂ
ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਸਰਕਾਰ ਵੱਲੋਂ ਜਲ ਸੰਭਾਲ ਅਤੇ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਅਤੇ ਧਰਤੀ ਹੇਠਲੇ ਪਾਣੀ ਦੀ ਬੇਲੋੜੀ ਖਪਤ ਨੂੰ ਘਟਾਉਣਾ ਹੈ।
ਚੀਮਾ ਨੇ ਦੱਸਿਆ ਕਿ ਇਸ ਮਕਸਦ ਨੂੰ ਸਿਰੇ ਚੜ੍ਹਾਉਣ ਲਈ ਸੂਬੇ ਭਰ ਵਿੱਚ ਕਰੀਬ 16,000 ਕਿਲੋਮੀਟਰ ਲੰਬੀਆਂ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਸ ਨਾਲ ਨਹਿਰਾਂ ਦਾ ਪਾਣੀ ਆਖ਼ਰੀ ਸਿਰੇ (ਟੇਲਾਂ) ਤੱਕ ਪਹੁੰਚਣਾ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਉਹ ਇਲਾਕੇ ਵੀ ਲਾਭਵਾਨ ਹੋਏ ਹਨ ਜਿੱਥੇ ਪਹਿਲਾਂ ਕਿਸਾਨ ਸਿਰਫ਼ ਟਿਊਬਵੈੱਲਾਂ 'ਤੇ ਨਿਰਭਰ ਸਨ।
ਵਿੱਤ ਮੰਤਰੀ ਦੇ ਅਨੁਸਾਰ, ਨਹਿਰੀ ਪਾਣੀ ਦੀ ਉਪਲਬਧਤਾ ਵਧਣ ਕਾਰਨ ਕਈ ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਮਹੱਤਵਪੂਰਨ ਸੁਧਾਰ ਦਰਜ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਬਲਾਕਾਂ ਵਿੱਚ ਪਾਣੀ ਦਾ ਪੱਧਰ 3 ਮੀਟਰ, ਕਈ ਥਾਵਾਂ 'ਤੇ 4 ਮੀਟਰ ਅਤੇ ਕੁਝ ਖੇਤਰਾਂ ਵਿੱਚ 5 ਮੀਟਰ ਤੱਕ ਉੱਪਰ ਆਇਆ ਹੈ। ਉਨ੍ਹਾਂ ਇਸ ਨੂੰ ਸਰਕਾਰ ਦੀ ਜਲ ਸੰਭਾਲ ਨੀਤੀ ਦੀ ਵੱਡੀ ਸਫਲਤਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ਼ ਵਾਤਾਵਰਣ ਦੀ ਰੱਖਿਆ ਹੋ ਰਹੀ ਹੈ, ਸਗੋਂ ਕਿਸਾਨਾਂ ਦੀ ਸਿੰਚਾਈ ਲਾਗਤ ਵਿੱਚ ਵੀ ਕਮੀ ਆ ਰਹੀ ਹੈ।
ਚੀਮਾ ਨੇ ਕਿਹਾ ਕਿ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਨਹਿਰੀ ਸਿੰਚਾਈ ਦੇ ਜਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੁਦਰਤੀ ਜਲ ਸਰੋਤਾਂ ਦੀ ਸੰਭਾਲ ਲਈ ਇਸੇ ਤਰ੍ਹਾਂ ਦੇ ਉਪਰਾਲੇ ਜਾਰੀ ਰੱਖੇਗੀ।
Get all latest content delivered to your email a few times a month.