ਤਾਜਾ ਖਬਰਾਂ
'ਜੀਟੀਸੀ ਨਿਊਜ਼ ਚੈਨਲ' (GTC News) ਵੱਲੋਂ ਕੀਤੇ ਜਾ ਰਹੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਆਰ-ਪਾਰ ਦੇ ਰੌਂਅ ਵਿੱਚ ਆ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਪ੍ਰਸਾਰਣ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਮਰਿਆਦਾ ਦੇ ਉਲਟ ਦੱਸਦਿਆਂ ਸਖ਼ਤ ਚੇਤਾਵਨੀ ਦਿੱਤੀ ਹੈ। ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਸ਼ਰਧਾ ਸਮਰਪਿਤ ਕਰਨ ਪਹੁੰਚੇ ਧਾਮੀ ਨੇ ਕਿਹਾ ਕਿ ਪੰਥਕ ਸੰਸਥਾ ਦੇ ਅਧਿਕਾਰਾਂ 'ਤੇ ਡਾਕਾ ਮਾਰਨ ਵਾਲੀਆਂ ਤਾਕਤਾਂ ਖ਼ਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਇਆ ਜਾਵੇਗਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਖੁਲਾਸਾ ਕੀਤਾ ਕਿ ਇਸ ਸਭ ਦੇ ਪਿੱਛੇ ਵੱਡੇ ਸਿਆਸੀ ਚਿਹਰਿਆਂ ਦਾ ਹੱਥ ਹੈ, ਜਿਨ੍ਹਾਂ ਦੀ ਸਾਜ਼ਿਸ਼ ਜਲਦ ਹੀ ਸੰਗਤ ਦੇ ਸਾਹਮਣੇ ਨੰਗੀ ਕੀਤੀ ਜਾਵੇਗੀ। ਉਨ੍ਹਾਂ ਆਪ ਸਰਕਾਰ 'ਤੇ ਸਿੱਧਾ ਹਮਲਾ ਬੋਲਦਿਆਂ ਕਿਹਾ ਕਿ ਵਿਧਾਨ ਸਭਾ ਅੰਦਰ ਨਸ਼ਾ, ਬੇਰੁਜ਼ਗਾਰੀ ਅਤੇ ਖੇਤੀ ਸੰਕਟ ਵਰਗੇ ਗੰਭੀਰ ਮੁੱਦਿਆਂ 'ਤੇ ਗੱਲ ਕਰਨ ਦੀ ਬਜਾਏ ਸਰਕਾਰ ਦਾ ਸਾਰਾ ਜ਼ੋਰ ਐੱਸ.ਜੀ.ਪੀ.ਸੀ. ਨੂੰ ਬਦਨਾਮ ਕਰਨ 'ਤੇ ਲੱਗਾ ਹੋਇਆ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਧਾਰਮਿਕ ਮਾਮਲਿਆਂ 'ਚ ਬਿਨਾਂ ਵਜ੍ਹਾ ਤਣਾਅ ਪੈਦਾ ਕੀਤਾ ਜਾ ਰਿਹਾ ਹੈ।
ਪੀ.ਟੀ.ਸੀ. (PTC) ਚੈਨਲ ਦਾ ਪੱਖ ਪੂਰਦਿਆਂ ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਸੰਗਤ ਨੂੰ ਪਹਿਲਾਂ ਤੋਂ ਚੱਲ ਰਹੇ ਪ੍ਰਸਾਰਣ ਨਾਲ ਕੋਈ ਇਤਰਾਜ਼ ਨਹੀਂ ਸੀ, ਪਰ ਨਵੇਂ ਚੈਨਲ ਦੀ ਆੜ 'ਚ ਖੜ੍ਹਾ ਕੀਤਾ ਗਿਆ ਇਹ ਵਿਵਾਦ ਸਿਰਫ਼ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਲ ਪੰਥ ਅਤੇ ਸਾਰੀਆਂ ਸੰਪਰਦਾਵਾਂ ਸ਼੍ਰੋਮਣੀ ਕਮੇਟੀ ਦੇ ਨਾਲ ਇੱਕਜੁੱਟ ਹਨ। ਹਾਲ ਹੀ ਵਿੱਚ ਨਿਕਲੇ 'ਮੀਰੀ-ਪੀਰੀ ਖਾਲਸਾ ਮਾਰਚ' ਵਿੱਚ ਸੰਗਤ ਦੇ ਭਾਰੀ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਪੰਥਕ ਰਵਾਇਤਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਸੰਗਤ ਕਦੇ ਪ੍ਰਵਾਨ ਨਹੀਂ ਕਰੇਗੀ।
Get all latest content delivered to your email a few times a month.