ਤਾਜਾ ਖਬਰਾਂ
ਮੁਲਾਕਾਤ ਦੌਰਾਨ ਵਿਦੇਸ਼ਾਂ ਤੋਂ ਬਿਨਾਂ ਅਧਿਕਾਰ ਪਾਵਨ ਬੀੜਾਂ ਪ੍ਰਕਾਸ਼ਿਤ ਕਰਕੇ ਸਿੱਖ ਸੰਗਤ ਨੂੰ ਮੁਹੱਈਆ ਕਰਵਾਉਣ, ਗੁਰਦੁਆਰਾ ਸਾਹਿਬਾਨ ਵਿੱਚ ਮਰਯਾਦਾ ਦੀ ਉਲੰਘਣਾ, ਪ੍ਰਬੰਧਕੀ ਵਿਵਾਦਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਜਾਂ ਗੁਮਰਾਹਕੁੰਨ ਜਾਣਕਾਰੀ ਭੇਜਣ ਵਰਗੇ ਮਾਮਲੇ ਵਿਚਾਰੇ ਗਏ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਹਿਲਾਂ ਵੀ ਚੀਨ ਅਤੇ ਹੋਰ ਵਿਦੇਸ਼ੀ ਥਾਵਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਾਰਵਾਈ ਕੀਤੀ ਗਈ ਸੀ। ਹੁਣ ਯੂਐੱਸਏ ਅਤੇ ਯੂਕੇ ਵਿੱਚ ਵੀ ਅਜਿਹੀ ਗਤੀਵਿਧੀ ਦੀ ਜਾਣਕਾਰੀ ਮਿਲੀ ਹੈ, ਜਿਸ ਦੀ ਜਾਂਚ ਕਰਵਾ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਵਿਸ਼ਵ ਪੱਧਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਪ੍ਰਕਾਸ਼ਨਾ ਅਤੇ ਛਪਾਈ ਸਬੰਧੀ ਅਧਿਕਾਰ ਕਿਸੇ ਵਿਅਕਤੀ ਜਾਂ ਸੰਸਥਾ ਨੂੰ ਆਪਣੇ ਪੱਧਰ ’ਤੇ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਿਲੀ ਜਾਣਕਾਰੀ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ।
ਜਥੇਦਾਰ ਨੇ ਵਿਦੇਸ਼ਾਂ ਦੀ ਸਿੱਖ ਸੰਗਤ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਸਿੱਖੀ ਪ੍ਰੇਰਣਾ, ਆਪਸੀ ਪਿਆਰ ਅਤੇ ਸਤਿਕਾਰ ਨਾਲ ਚਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰ ਕਿਸੇ ਵਿਅਕਤੀ ਦੀ ਨਿੱਜੀ ਜਾਇਦਾਦ ਨਹੀਂ ਹੋ ਸਕਦੇ ਅਤੇ ਇਨ੍ਹਾਂ ਦਾ ਪ੍ਰਬੰਧ ਸੰਗਤੀ ਰੂਪ ਵਿੱਚ ਹੋਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ਸਬੰਧੀ ਆਵਾਜ਼ ਉਠਾਉਣ ਵਾਲੇ ਸਿੱਖਾਂ ਵਿਰੁੱਧ ਰੋਕ ਲਗਾਉਣ ਦੀ ਬਜਾਏ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣ। ਜੇਕਰ ਮਾਮਲਾ ਹੱਲ ਨਾ ਹੋਵੇ ਤਾਂ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਯੂਐੱਸਏ ਦਾ ਦੌਰਾ ਕਰਕੇ ਉੱਥੇ ਦੀ ਸਿੱਖ ਸੰਗਤ ਨਾਲ ਵਿਚਾਰ-ਵਟਾਂਦਰਾ ਕਰਨਗੇ। ਇਸ ਮੌਕੇ ਭਾਈ ਸਵਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
Get all latest content delivered to your email a few times a month.