ਤਾਜਾ ਖਬਰਾਂ
ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਵੱਡਾ ਭੂਚਾਲ ਆ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਪੱਤਰ ਲਿਖ ਕੇ ਆਮ ਆਦਮੀ ਪਾਰਟੀ ਦੇ ਇੱਕ ਸੀਨੀਅਰ ਆਗੂ ਦੇ ਬੇਹੱਦ ਕਰੀਬੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਵੀਰ ਘੁੰਮਣ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ED ਅਨੁਸਾਰ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਉਕਤ ਵਿਅਕਤੀ ਅਫ਼ਸਰਾਂ ਦੇ ਤਬਾਦਲਿਆਂ, ਪੋਸਟਿੰਗਾਂ ਅਤੇ ਨੀਤੀਗਤ ਫ਼ੈਸਲਿਆਂ 'ਚ ਗੈਰ-ਕਾਨੂੰਨੀ ਦਖ਼ਲਅੰਦਾਜ਼ੀ ਕਰ ਰਿਹਾ ਸੀ।
ਜਾਣਕਾਰੀ ਅਨੁਸਾਰ ED ਨੇ ਚੰਡੀਗੜ੍ਹ ਦੀ ਇੱਕ ਹਾਊਸਿੰਗ ਸੋਸਾਇਟੀ ਮਾਮਲੇ 'ਚ ਮਨੀ ਲਾਂਡਰਿੰਗ ਐਕਟ (PMLA) ਤਹਿਤ ਕੀਤੀ ਜਾਂਚ ਤੋਂ ਬਾਅਦ ਇਹ ਕਦਮ ਚੁੱਕਿਆ ਹੈ। ਮਈ ਮਹੀਨੇ 'ਚ ਕੀਤੀਆਂ ਗਈਆਂ ਛਾਪੇਮਾਰੀਆਂ ਦੌਰਾਨ 21 ਲੱਖ ਰੁਪਏ ਨਕਦ ਅਤੇ ਕਈ ਇਲੈਕਟ੍ਰਾਨਿਕ ਯੰਤਰ ਜ਼ਬਤ ਕੀਤੇ ਗਏ ਸਨ। ਬਰਾਮਦ ਵਟਸਐਪ ਚੈਟਾਂ ਤੋਂ ਖੁਲਾਸਾ ਹੋਇਆ ਹੈ ਕਿ ਸਾਲ 2023 ਤੋਂ 2026 ਦਰਮਿਆਨ IAS, IPS, PCS ਅਤੇ DSP ਰੈਂਕ ਦੇ 20 ਤੋਂ ਵੱਧ ਅਧਿਕਾਰੀਆਂ ਦੀਆਂ ਬਦਲੀਆਂ ਬਦਲੇ ਲੱਖਾਂ ਰੁਪਏ ਦੀ ਨਕਦ ਲੈਣ-ਦੇਣ ਹੋਈ। ਇਸ ਤੋਂ ਇਲਾਵਾ ਸਰਕਾਰੀ ਟੈਂਡਰਾਂ, ਲਾਇਸੈਂਸਾਂ ਅਤੇ ਮੋਹਾਲੀ 'ਚ ਜ਼ਮੀਨ ਦੇ ਮੁਲਾਂਕਣ ਵਿੱਚ ਵੀ ਵੱਡੇ ਪੱਧਰ 'ਤੇ ਗੜਬੜੀ ਦੇ ਇਲਜ਼ਾਮ ਲਗਾਏ ਗਏ ਹਨ।
ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਸਰਕਾਰ 'ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਮਜੀਠੀਆ ਨੇ ਦੋਸ਼ ਲਗਾਇਆ ਕਿ OSD ਰਾਜਵੀਰ ਘੁੰਮਣ ਨੇ ਬਦਲੀਆਂ ਤੋਂ ਕਰੋੜਾਂ ਰੁਪਏ ਕਮਾ ਕੇ ਭ੍ਰਿਸ਼ਟਾਚਾਰ ਦਾ ਅੱਡਾ ਚਲਾਇਆ ਹੈ। ਉਨ੍ਹਾਂ ਕਿਹਾ ਕਿ ਘੁੰਮਣ ਤਾਂ ਸਿਰਫ਼ ਇੱਕ ਮੋਹਰਾ ਹੈ, ਜਦਕਿ ਇਸ ਖੇਡ ਦੇ ਅਸਲ ਖਿਡਾਰੀ ਮੁੱਖ ਮੰਤਰੀ ਭਗਵੰਤ ਮਾਨ ਆਪ ਹਨ। ਮਜੀਠੀਆ ਨੇ ਸਵਾਲ ਚੁੱਕਿਆ ਕਿ ਹੁਣ ਦੇਖਣਾ ਹੋਵੇਗਾ ਕਿ ਪੰਜਾਬ ਪੁਲਿਸ ਇਸ ਮਾਮਲੇ 'ਚ OSD ਨੂੰ ਗ੍ਰਿਫ਼ਤਾਰ ਕਰਕੇ ਲੁੱਟ ਦਾ ਪੈਸਾ ਖ਼ਜ਼ਾਨੇ 'ਚ ਜਮ੍ਹਾਂ ਕਰਵਾਉਂਦੀ ਹੈ ਜਾਂ ਨਹੀਂ।
Get all latest content delivered to your email a few times a month.