IMG-LOGO
ਹੋਮ ਪੰਜਾਬ, ਰਾਸ਼ਟਰੀ, ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਮੁੱਖ ਮੰਤਰੀ...

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ; ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ, ਹਵਾਈ ਸੰਪਰਕ ਅਤੇ ਪੰਜਾਬ ਦੇ ਵਿਕਾਸ...

Admin User - Aug 12, 2026 07:16 PM
IMG

ਚੰਡੀਗੜ੍ਹ, 12 ਅਗਸਤ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਯੂ.ਕੇ. ਦੇ ਸੰਸਦ ਮੈਂਬਰ ਅਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਚੰਡੀਗੜ੍ਹ ਵਿਖੇ ਪੰਜਾਬ ਅਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਦਾ ਜਲਦ ਨਿਪਟਾਰਾ, ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਿਆਂ ਰਾਹੀਂ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਨਾ, ਹਵਾਈ ਮਾਲ ਢੋਆ-ਢੁਆਈ ਅਤੇ ਵਪਾਰਕ ਸੇਵਾਵਾਂ ਦਾ ਵਿਸਥਾਰ, ਕਾਰੋਬਾਰੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਫਿਰੌਤੀ ਦੀਆਂ ਮੰਗਾਂ ਨਾਲ ਨਜਿੱਠਣਾ ਅਤੇ ਖੇਤਰੀ ਅਮਨ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਵੱਧ ਤੋਂ ਵੱਧ ਵਰਤੋਂ ਕਰਨ ਸਮੇਤ ਕਈ ਮੁੱਦੇ ਵਿਚਾਰੇ ਗਏ।

ਇਹ ਮੁਲਾਕਾਤ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਸਥਿਤ ਮੁੱਖ ਮੰਤਰੀ ਦਫ਼ਤਰ ਵਿਖੇ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਹੋਈ। ਤਨਮਨਜੀਤ ਸਿੰਘ ਢੇਸੀ ਨੂੰ ਵਿਸ਼ੇਸ਼ ਤੌਰ ’ਤੇ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਸੱਦਾ ਦਿੱਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਧਾਨ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਅਤੇ ਯੋਗਦਾਨ ਦੀ ਸ਼ਲਾਘਾ ਕੀਤੀ।

ਮੁਲਾਕਾਤ ਦੌਰਾਨ ਪ੍ਰਵਾਸੀ ਭਾਰਤੀਆਂ, ਖਾਸ ਕਰਕੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਮਸਲਿਆਂ, ਪੰਜਾਬ ਦੇ ਵਿਕਾਸ, ਅੰਤਰਰਾਸ਼ਟਰੀ ਹਵਾਈ ਸੰਪਰਕ, ਪ੍ਰਵਾਸੀ ਪੰਜਾਬੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਖੇਤਰੀ ਅਮਨ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਤਨਮਨਜੀਤ ਸਿੰਘ ਢੇਸੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮੁਸ਼ਕਲਾਂ, ਖਾਸ ਕਰਕੇ ਪੰਜਾਬ ਵਿੱਚ ਜ਼ਮੀਨ ਅਤੇ ਜਾਇਦਾਦ ਨਾਲ ਸਬੰਧਤ ਵਿਵਾਦਾਂ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਅਜਿਹੇ ਮਾਮਲਿਆਂ ਦੇ ਮਿਥੇ ਸਮੇਂ ਅੰਦਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਸਥਾਪਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ, ਤਾਂ ਜੋ ਪ੍ਰਵਾਸੀ ਪੰਜਾਬੀਆਂ ਨੂੰ ਵਾਰ-ਵਾਰ ਪੰਜਾਬ ਆਉਣ ਜਾਂ ਲੰਬੇ ਸਮੇਂ ਤੱਕ ਅਦਾਲਤੀ ਮਾਮਲਿਆਂ ਵਿੱਚ ਉਲਝੇ ਰਹਿਣ ਦੀ ਲੋੜ ਨਾ ਪਵੇ।

ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਅੱਡਿਆਂ, ਖਾਸ ਕਰਕੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਨੂੰ ਪੂਰੇ ਉੱਤਰੀ ਭਾਰਤ ਦੀ ਸੇਵਾ ਕਰਨ ਵਾਲੇ ਪ੍ਰਮੁੱਖ ਹਵਾਈ ਕੇਂਦਰਾਂ ਵਜੋਂ ਪ੍ਰਭਾਵਸ਼ਾਲੀ ਢੰਗ ਨਾਲ ਵਿਕਸਤ ਅਤੇ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੰਡਨ, ਬਰਮਿੰਘਮ ਅਤੇ ਹੋਰ ਪ੍ਰਮੁੱਖ ਅੰਤਰਰਾਸ਼ਟਰੀ ਸ਼ਹਿਰਾਂ ਤੋਂ ਦੋਵਾਂ ਹਵਾਈ ਅੱਡਿਆਂ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਵਿਚਾਰ-ਵਟਾਂਦਰੇ ਦੌਰਾਨ ਪ੍ਰਵਾਸੀ ਪੰਜਾਬੀਆਂ ਵੱਲੋਂ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਹਵਾਈ ਮਾਲ ਢੋਆ-ਢੁਆਈ ਤੇ ਵਪਾਰਕ ਹਵਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਉਪਾਵਾਂ ਬਾਰੇ ਵੀ ਚਰਚਾ ਕੀਤੀ ਗਈ। ਢੇਸੀ ਨੇ ਕਿਹਾ ਕਿ ਬਿਹਤਰ ਹਵਾਈ ਸੰਪਰਕ ਅਤੇ ਮਜ਼ਬੂਤ ਕਾਰਗੋ ਬੁਨਿਆਦੀ ਢਾਂਚਾ ਪੰਜਾਬ ਵਿੱਚ ਵਪਾਰ, ਸੈਰ-ਸਪਾਟਾ, ਉਦਯੋਗ ਅਤੇ ਰੁਜ਼ਗਾਰ ਨੂੰ ਵੱਡਾ ਹੁਲਾਰਾ ਦੇ ਸਕਦਾ ਹੈ।

ਤਨਮਨਜੀਤ ਸਿੰਘ ਢੇਸੀ ਨੇ ਵਿਦੇਸ਼ਾਂ ਵਿੱਚ ਕਾਰੋਬਾਰੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਧਮਕੀਆਂ ਅਤੇ ਫਿਰੌਤੀ ਦੀਆਂ ਮੰਗਾਂ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਭਾਰਤ, ਯੂ.ਕੇ., ਕੈਨੇਡਾ, ਆਸਟ੍ਰੇਲੀਆ ਅਤੇ ਅਮਰੀਕਾ ਦੀਆਂ ਸਰਕਾਰਾਂ ਵੱਲੋਂ ਅਜਿਹੇ ਮਾਮਲਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਆਪਸੀ ਤਾਲਮੇਲ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ, ਤਾਂ ਜੋ ਪ੍ਰਵਾਸੀ ਪੰਜਾਬੀ ਭਾਈਚਾਰੇ ਅਤੇ ਕਾਰੋਬਾਰੀ ਵਰਗ ਦੀ ਸੁਰੱਖਿਆ ਅਤੇ ਭਰੋਸੇ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਸਮੇਤ ਖਿੱਤੇ ਵਿੱਚ ਅਮਨ ਤੇ ਸਥਿਰਤਾ ਕਾਇਮ ਰੱਖਣ ਦੀ ਮਹੱਤਤਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਤਨਮਨਜੀਤ ਸਿੰਘ ਢੇਸੀ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.