ਤਾਜਾ ਖਬਰਾਂ
ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਇਸ ਸਮੇਂ ਸਿਆਸੀ ਅਤੇ ਸਮਾਜਿਕ ਗਲਿਆਰਿਆਂ 'ਚ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਵੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਹਵਾਰਾ ਦੀ ਪੈਰੋਲ ਦਾ ਸਮਰਥਨ ਕੀਤਾ ਹੈ।
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਨੇ ਮਾਨਵਤਾਵਾਦੀ ਦ੍ਰਿਸ਼ਟੀਕੋਣ ਅਪਣਾਉਂਦਿਆਂ ਕਿਹਾ ਕਿ ਹਵਾਰਾ ਦੀ ਬਜ਼ੁਰਗ ਅਤੇ ਬਿਮਾਰ ਮਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਪਣੇ ਪੁੱਤਰ ਨੂੰ ਮਿਲਣ ਦਾ ਹੱਕ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਬਜ਼ੁਰਗ ਮਾਂ ਨੂੰ ਆਪਣੇ ਪੁੱਤਰ ਦੇ ਕਰਮਾਂ ਦੀ ਸਜ਼ਾ ਨਹੀਂ ਮਿਲਣੀ ਚਾਹੀਦੀ। ਸਮਾਜ ਨੂੰ ਅੱਗੇ ਲੈ ਕੇ ਜਾਣ ਲਈ ਦਇਆ, ਮਨੁੱਖਤਾ ਅਤੇ ਸ਼ਾਂਤੀ ਦੀ ਲੋੜ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਜਪਾਲ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵੱਲੋਂ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫ਼ਾਰਿਸ਼ ਵਾਲਾ ਪੱਤਰ ਸੌਂਪਿਆ ਸੀ। ਮੁੱਖ ਮੰਤਰੀ ਅਨੁਸਾਰ, ਰਾਜਪਾਲ ਨੇ ਇਸ ਮਾਮਲੇ 'ਚ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਗੱਲਬਾਤ ਕਰਨ ਅਤੇ ਹਕਾਰਾਤਮਕ ਕਦਮ ਚੁੱਕਣ ਦਾ ਭਰੋਸਾ ਦਿੱਤਾ ਹੈ। ਹੁਣ ਅੰਤਿਮ ਫ਼ੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਲਿਆ ਜਾਵੇਗਾ, ਪਰ ਰਾਜਪਾਲ ਵੱਲੋਂ ਦਿਖਾਏ ਸਕਾਰਾਤਮਕ ਰੁਖ਼ ਨਾਲ ਹਵਾਰਾ ਦੀ ਆਪਣੀ ਬਿਮਾਰ ਮਾਂ ਨਾਲ ਮੁਲਾਕਾਤ ਦੀਆਂ ਉਮੀਦਾਂ ਵਧ ਗਈਆਂ ਹਨ।
Get all latest content delivered to your email a few times a month.