ਤਾਜਾ ਖਬਰਾਂ
ਪੰਜਾਬ ਵਿੱਚ ਕਰੋੜਾਂ ਰੁਪਏ ਦੇ ਚਰਚਿਤ ਬੀਜ ਘੁਟਾਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ (CBI) ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (PIL) ਦਾਇਰ ਕੀਤੀ ਗਈ ਹੈ। ਮਾਮਲੇ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਸ਼ਵਨੀ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਆਧਾਰਿਤ ਬੈਂਚ ਨੇ ਪੰਜਾਬ ਸਰਕਾਰ ਸਮੇਤ ਸਾਰੀਆਂ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕਰਦਿਆਂ 28 ਸਤੰਬਰ ਤੱਕ ਜਵਾਬ ਤਲਬ ਕੀਤਾ ਹੈ।
ਹੁਸ਼ਿਆਰਪੁਰ ਦੇ ਮਨਜੀਤ ਸਿੰਘ ਅਤੇ ਕਿਸਾਨ ਆਗੂ ਚਰਨਜੀਤ ਸਿੰਘ ਭੁੱਲਰ ਵੱਲੋਂ ਦਾਇਰ ਪਟੀਸ਼ਨ ਵਿੱਚ ਦੱਸਿਆ ਗਿਆ ਕਿ ਪਿਛਲੇ ਸਾਲ ਸਾਹਮਣੇ ਆਏ ਇਸ ਘੁਟਾਲੇ ਵਿੱਚ ਮੱਕੀ ਦੇ ਬੀਜਾਂ ਦੀ ਧੋਖਾਧੜੀ ਨਾਲ ਫ਼ਰਜ਼ੀ ਬਿਲਿੰਗ ਕੀਤੀ ਗਈ ਸੀ। ਕਾਗਜ਼ਾਂ ਵਿੱਚ ਕਿਸਾਨਾਂ ਨੂੰ ਬੀਜ ਵੰਡੇ ਦਿਖਾਏ ਗਏ, ਜਦਕਿ ਅਸਲ ਵਿੱਚ ਬੀਜ ਪਹੁੰਚੇ ਹੀ ਨਹੀਂ ਸਨ। ਪਟੀਸ਼ਨਕਰਤਾਵਾਂ ਦਾ ਇਲਜ਼ਾਮ ਹੈ ਕਿ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤਾਂ ਦੇਣ ਦੇ ਬਾਵਜੂਦ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਹਾਈ ਕੋਰਟ ਦਾ ਰੁਖ਼ ਕਰਨਾ ਪਿਆ।
ਉਨ੍ਹਾਂ ਖ਼ਦਸ਼ਾ ਜਤਾਇਆ ਕਿ ਫਿਲਹਾਲ ਇਹ ਮਾਮਲਾ ਹੁਸ਼ਿਆਰਪੁਰ ਦੇ ਦਸੂਹਾ ਵਿੱਚ ਸਾਹਮਣੇ ਆਇਆ ਹੈ, ਪਰ ਜੇਕਰ ਪੂਰੇ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਨਿਰਪੱਖ ਜਾਂਚ ਕੀਤੀ ਜਾਵੇ ਤਾਂ ਇੱਕ ਬਹੁਤ ਵੱਡਾ ਅੰਤਰਰਾਜੀ ਘੁਟਾਲਾ ਬੇਨਕਾਬ ਹੋ ਸਕਦਾ ਹੈ।
Get all latest content delivered to your email a few times a month.