IMG-LOGO
ਹੋਮ ਪੰਜਾਬ: ਅੰਬਾਲਾ 'ਚ ਸਿੱਖ ਸੰਗਤ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਵੱਲੋਂ...

ਅੰਬਾਲਾ 'ਚ ਸਿੱਖ ਸੰਗਤ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਵੱਲੋਂ ਸਖ਼ਤ ਨਿਖੇਧੀ: ਹਰਿਆਣਾ ਸਰਕਾਰ ਤੋਂ ਸ਼ਰਾਰਤੀ ਅਨਸਰਾਂ 'ਤੇ ਜਾਂਚ ਦੀ ਮੰਗ; ਫੜੇ ਨੌਜਵਾਨ ਤੁਰੰਤ ਰਿਹਾਅ...

Admin User - Aug 14, 2026 12:07 PM
IMG

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ 'ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਘਟਨਾ ਦੀ ਤਿੱਖੇ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸਿੱਖ ਆਗੂਆਂ ਨਾਲ ਗੱਲਬਾਤ ਕਰ ਰਹੀ ਸੀ ਅਤੇ ਦੂਜੇ ਪਾਸੇ ਅਚਾਨਕ ਬਲ ਪ੍ਰਯੋਗ ਕਰਨਾ ਬੇਹੱਦ ਮੰਦਭਾਗਾ ਅਤੇ ਅਨਿਆਂਪੂਰਨ ਹੈ।


ਇਸ ਘਟਨਾ 'ਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਕਈ ਮੈਂਬਰ, ਸਿੱਖ ਸੰਗਤਾਂ ਅਤੇ ਪੁਲਿਸ ਜਵਾਨ ਜ਼ਖ਼ਮੀ ਹੋਏ ਹਨ। ਜਥੇਦਾਰ ਗੜਗੱਜ ਨੇ ਜਗਦੀਸ਼ ਸਿੰਘ ਝੀਂਡਾ ਨਾਲ ਫ਼ੋਨ 'ਤੇ ਗੱਲ ਕਰਕੇ ਮੌਜੂਦਾ ਸਥਿਤੀ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ। ਝੀਂਡਾ ਨੇ ਦੱਸਿਆ ਕਿ ਗੱਲਬਾਤ ਦੌਰਾਨ ਹੋਇਆ ਇਹ ਹਮਲਾ ਪੂਰੀ ਤਰ੍ਹਾਂ ਅਣਉਚਿਤ ਸੀ। ਜਥੇਦਾਰ ਨੇ ਖ਼ਦਸ਼ਾ ਜਤਾਇਆ ਕਿ ਰਾਤ ਦੇ ਸਮੇਂ ਧਰਨੇ 'ਚ ਸ਼ਰਾਰਤੀ ਅਨਸਰਾਂ ਦੀ ਘੁਸਪੈਠ ਕਰਵਾ ਕੇ ਸ਼ਾਂਤਮਈ ਪ੍ਰਦਰਸ਼ਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੋ ਸਕਦੀ ਹੈ, ਜਿਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।


ਸਿੰਘ ਸਾਹਿਬ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਸੰਗਤ 'ਤੇ ਗੱਡੀ ਚੜ੍ਹਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਸਮਾਂ ਰਹਿੰਦੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਹੁੰਦੀ, ਤਾਂ ਅੱਜ ਇਹ ਸਥਿਤੀ ਪੈਦਾ ਨਾ ਹੁੰਦੀ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਅਸਲ ਦੋਸ਼ੀਆਂ ਨੂੰ ਹਿਰਾਸਤ 'ਚ ਲਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਆਪਸੀ ਏਕਤਾ ਬਣਾਈ ਰੱਖਣ ਅਤੇ ਸੰਘਰਸ਼ ਨੂੰ ਪੂਰੇ ਜਾਬਤੇ ਤੇ ਸ਼ਾਂਤਮਈ ਢੰਗ ਨਾਲ ਚਲਾਉਣ ਦੀ ਅਪੀਲ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.