ਤਾਜਾ ਖਬਰਾਂ
ਲੁਧਿਆਣਾ ਦੇ ਨਾਸੂਰ ਬਣ ਚੁੱਕੇ ‘ਬੁੱਢੇ ਨਾਲੇ’ ਦੀ ਕਾਇਆ-ਕਲਪ ਅਤੇ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੈਬੋਵਾਲ ਵਿਖੇ ਐੱਚ.ਪੀ.ਸੀ.ਐੱਲ. (HPCL) ਦੇ ਸਹਿਯੋਗ ਨਾਲ 65 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਜਾ ਰਹੇ ਕੰਪ੍ਰੈੱਸਡ ਬਾਇਓ ਗੈਸ (CBG) ਪਲਾਂਟ ਦਾ ਨੀਂਹ ਪੱਥਰ ਰੱਖਿਆ। ਢਾਈ ਏਕੜ ਜ਼ਮੀਨ 'ਤੇ ਬਣਨ ਵਾਲਾ ਇਹ ਪ੍ਰਾਜੈਕਟ ਸਤੰਬਰ 2027 ਤੱਕ ਬਣ ਕੇ ਤਿਆਰ ਹੋ ਜਾਵੇਗਾ।
ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹੈਬੋਵਾਲ ਡੇਅਰੀ ਕੰਪਲੈਕਸ ਤੋਂ ਰੋਜ਼ਾਨਾ ਨਿਕਲਣ ਵਾਲੇ 300 ਟਨ ਗੋਹੇ ਦਾ ਇਸ ਪਲਾਂਟ ਰਾਹੀਂ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ, ਜਿਸ ਨਾਲ ਬੁੱਢੇ ਨਾਲੇ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ (STP) 'ਚ ਗੋਹਾ ਜਾਣ ਤੋਂ ਰੁਕੇਗਾ। ਇਸ ਪਲਾਂਟ ਤੋਂ ਰੋਜ਼ਾਨਾ 5 ਟਨ ਬਾਇਓ ਗੈਸ ਤਿਆਰ ਹੋਵੇਗੀ, ਜੋ CNG 'ਚ ਮਿਕਸ ਕਰਕੇ ਵਰਤੀ ਜਾਵੇਗੀ। ਇਸ ਨਾਲ ਇਲਾਕੇ ਦੇ 435 ਡੇਅਰੀ ਮਾਲਕਾਂ ਨੂੰ ਸਿੱਧਾ ਲਾਭ ਪਹੁੰਚੇਗਾ।
ਵਾਤਾਵਰਨ ਸੰਭਾਲ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਸਾਲ 2022 'ਚ ਜਿੱਥੇ ਸੂਬੇ 'ਚ ਸਿਰਫ਼ 22 ਫ਼ੀਸਦੀ ਨਹਿਰੀ ਪਾਣੀ ਵਰਤਿਆ ਜਾਂਦਾ ਸੀ, ਉੱਥੇ ਹੀ ਹੁਣ ਇਹ ਅੰਕੜਾ ਵਧ ਕੇ 88 ਫ਼ੀਸਦੀ ਤੱਕ ਪਹੁੰਚ ਗਿਆ ਹੈ। ਧਰਤੀ ਹੇਠਲਾ ਪਾਣੀ ਰੀਚਾਰਜ ਹੋਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵਾਟਰ ਲੈਵਲ 1 ਤੋਂ 5 ਮੀਟਰ ਤੱਕ ਉੱਪਰ ਆਇਆ ਹੈ।
ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ:
ਹੁਣ ਤੱਕ 69,093 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ।
43,000 ਕਿਲੋਮੀਟਰ ਲੰਬੀਆਂ ਮਜ਼ਬੂਤ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੇ ਕਾਰਡ ਬਣਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਦਲਾਖ਼ੋਰੀ ਦੀ ਨਹੀਂ, ਸਗੋਂ ਵਿਕਾਸ ਦੀ ਰਾਜਨੀਤੀ ਕਰਕੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਵਚਨਬੱਧ ਹੈ।
Get all latest content delivered to your email a few times a month.